ਕਿਸਾਨ ਜਥੇਬੰਦੀ ਨੇ ਟੋਲਪਲਾਜ਼ਾ ’ਤੇ ਮਨਾਇਆ ਦਿੱਲੀ ਮੋਰਚੇ ਦੀ ਜਿੱਤ ਦਾ ਜਸ਼ਨ
ਸੁਖਜਿੰਦਰ ਮਾਨ
ਬਠਿੰਡਾ, 15 ਦਸੰਬਰ: ਦਿੱਲੀ ਵਿਖੇ ਤਿੰਨ ਖੇਤੀ ਬਿੱਲਾਂ ਨੂੰ ਵਾਪਸ ਲੈਣ ਲਈ ਸਾਲ ਭਰ ਚੱਲੇ ਅੰਦੋਲਨ ਵਿਚ ਵੱਡੀ ਭੂਮਿਕਾ ਨਿਭਾਉਣ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਬਠਿੰਡਾ ਜ਼ਿਲੇ੍ਹੇ ਵਿਚ ਬੈਸਟ ਪ੍ਰਾਈਜ ਭੁਚੋਮੰਡੀ ,ਰਿਲਾਇੰਸ ਮਾਲ ਬਠਿੰਡਾ ਅਤੇ ਰਿਲਾਇੰਸ ਪੰਪ ਰਾਮਪੁਰਾ ਤੋਂ ਮੋਰਚੇ ਸਮਾਪਤ ਕਰ ਦਿੱਤੇ ਜਦੋਂਕਿ ਟੋਲ ਪਲਾਜ਼ਿਆਂ ’ਤੇ ਵਧਾਏ ਰੇਟਾਂ ਦੀ ਵਾਪਸੀ ਤੱਕ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਵਲੋਂ ਲਹਿਰਾ ਬੇਗਾ ਟੋਲ ਪਲਾਜ਼ਾ ਅਤੇ ਜੀਦਾ ਵਿਖੇ “ਜੇਤੂ ਜਸ਼ਨ ਅਤੇ ਸਵਾਗਤੀ ਰੈਲੀ’’ ਕੀਤੀ। ਇਸ ਦੌਰਾਨ ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦੇਣ ਤੋਂ ਬਾਅਦ ਪੰਡਾਲ ਵਿਚ ਹਾਜਰ ਲੋਕਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ।ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਪੰਡਾਲ ਵਿੱਚ ਸ਼ਾਮਲ ਕਿਰਤੀ ਲੋਕਾਂ ਨੂੰ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਹਿਲਾਂ ਪੰਜਾਬ ਤੇ ਫਿਰ ਦਿੱਲੀ ਮੋਰਚਾ ਲਾਉਣ ਲਈ ਹਰਿਆਣਾ ਸਰਕਾਰ ਵੱਲੋਂ ਕੀਤੀਆਂ ਗਈਆਂ ਵੱਡੀਆਂ ਰੋਕਾਂ ਨੂੰ ਤੋੜਦੇ ਹੋਏ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੰਗਾਂ ਮਸਲਿਆਂ ਨੂੰ ਵੋਟ ਪਾਰਟੀਆਂ ਤੋਂ ਝਾਕ ਛੱਡ ਕੇ ਆਪਣੇ ਏਕੇ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਦੇ ਹੋਏ ਸੰਘਰਸ਼ ਤੇ ਟੇਕ ਰੱਖਣ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ, ਬਸੰਤ ਸਿੰਘ ਕੋਠਾ ਗੁਰੂ, ਔਰਤ ਜੱਥੇਬੰਦੀ ਦੇ ਆਗੂ ਪਰਮਜੀਤ ਕੌਰ ਪਿੱਥੋ, ਹਰਜਿੰਦਰ ਸਿੰਘ ਬੱਗੀ ਤੇ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਭਾਵੇਂ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਹਾਲੇ ਵੀ ਮੋਰਚੇ ਦੀਆਂ ਬਾਕੀ ਮੰਗਾਂ ਬਰਕਰਾਰ ਹਨ। ਇਸ ਰੈਲੀ ਵਿਚ ਕਹਾਣੀਕਾਰ ਅਤਰਜੀਤ ,ਪੀਐੱਸਯੂ (ਸ਼ਹੀਦ ਰੰਧਾਵਾ) ਦੇ ਆਗੂ ਅਮਿਤੋਜ ,ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੇ ਆਗੂ ਵਰਿੰਦਰ ਸਿੰਘ, ਬੀਕੇਯੂ ਏਕਤਾ ਉਗਰਾਹਾਂ ਹਰਿਆਣਾ ਤੋਂ ਬਲਜੀਤ ਸਿੰਘ, ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ, ਕਰਮਜੀਤ ਕੌਰ ਲਹਿਰਾਖਾਨਾ, ਹਰਪ੍ਰੀਤ ਕੌਰ ਜੇਠੂਕੇ ,ਪਰਮਜੀਤ ਕੌਰ ਕੌਟੜਾ ਆਦਿ ਵੀ ਮੌਜੂਦ ਸਨ ।
Share the post "ਬਠਿੰਡਾ ’ਚ ਕਿਸਾਨਾਂ ਨੇ ਰਿਲਾਇੰਸ ਮਾਲ ਤੇ ਪੰਪਾਂ ਤੋਂ ਚੁੱਕਿਆ ਧਰਨਾ, ਟੋਲ ਪਲਾਜ਼ਿਆਂ ’ਤੇ ਜਾਰੀ"