ਨਸ਼ਿਆਂ ਦੇ ਖਾਤਮੇ ਲਈ ਸਭ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ : ਡਿਪਟੀ ਕਮਿਸ਼ਨਰ
ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਸਮਝਣਾ ਤੇ ਅੱਗੇ ਸਮਾਜ ਨੂੰ ਜਾਗਰੂਕ ਕਰਨ ਜ਼ਰੂਰੀ : ਐਸ.ਐਸ.ਪੀ
ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਚਾਨਣਾ ਪਾਉਣ ਹਿੱਤ ਪ੍ਰਚਾਰ ਵੈਨ ਕੀਤੀ ਰਵਾਨਾ
ਸੁਖਜਿੰਦਰ ਮਾਨ
ਤਲਵੰਡੀ ਸਾਬੋ (ਬਠਿੰਡਾ), 26 ਜੂਨ : ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਨੂੰ ਸਭ ਨੂੰ ਰਲ ਮਿਲ ਕੇ ਹੰਭਲਾ ਮਾਰਨ ਦੀ ਸਖ਼ਤ ਜ਼ਰੂਰਤ ਹੈ ਅਤੇ ਇਹ ਵੀ ਸਮਝਣਾ ਤੇ ਸਮਝਾਉਣਾ ਜ਼ਰੂਰੀ ਹੈ ਕਿ ਨਸ਼ੇ ਬਹੁਤ ਹੀ ਮਾੜੀ ਤੇ ਬੁਰੀ ਚੀਜ਼ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਮਨਾਏ ਗਏ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕੀਤਾ।
ਜ਼ਿਲ੍ਹਾ ਪੱਧਰੀ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਾਪਿਆਂ, ਅਧਿਆਪਕਾਂ, ਸਕੂਲਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਇਸ ਮੁਹਿੰਮ ਵਿੱਚ ਸਮੂਹ ਵਿਭਾਗਾਂ ਨੂੰ ਸਾਂਝੇ ਤੌਰ ਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਵੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਸ੍ਰੀ ਜੇ.ਇਲਨਚੇਲੀਅਨ ਨੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖਿਲਾਫ਼ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡਾਂ, ਸ਼ਹਿਰਾਂ ਆਦਿ ਵਿਖੇ ਨਸ਼ਿਆਂ ਖਿਲਾਫ਼ ਕੈਂਪ ਲਗਾਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੀ ਲਤ ਤੋਂ ਦੂਰ ਹੋ ਕੇ ਇੱਕ ਸਿਹਤਮੰਦ ਪੰਜਾਬ ਉਸਰ ਸਕੇ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਾਰਿਆਂ ਨੂੰ ਰਲ ਮਿਲਕੇ ਸਾਥ ਦੇਣ ਦੀ ਵੀ ਅਪੀਲ ਕੀਤੀ।
ਸਮਾਗਮ ਮੌਕੇ ਸਮਾਜਸੇਵੀ ਜਥੇਬੰਦੀਆਂ ਵੱਲੋਂ ਸ. ਜਸਕਰਨ ਸਿੰਘ ਸਿਵੀਆਂ ਅਤੇ ਖਾਲਸਾ ਏਡ ਤੇ ਸ਼ਹੀਦ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਆਗੂ ਰੁਪਿੰਦਰਜੀਤ ਸਿੰਘ ਵੱਲੋਂ ਵੀ ਨਸ਼ੇ ਖਿਲਾਫ਼ ਵਿੱਢੀ ਮੁਹਿੰਮ ਤਹਿਤ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਨਸ਼ਿਆਂ ਦੇ ਕਾਲੇ ਦੌਰ ਵਿੱਚੋਂ ਬਾਹਰ ਨਿਕਲ ਕੇ ਖੁਸ਼ਹਾਲ ਜ਼ਿੰਦਗੀ ਜੀਅ ਰਹਿ ਬਹਿਮਣ ਦੀਵਾਨਾ ਦੇ ਨੌਜਵਾਨ ਹਰਜਿੰਦਰ ਸਿੰਘ ਅਤੇ ਵਰਿੰਦਰ ਸਿੰਘ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਗਰੇਜ ਕਰਨ ਦੀ ਅਪੀਲ ਕੀਤੀ ਗਈ । ਇਸ ਦੌਰਾਨ ਡੀ-ਅਡਿਕਸ਼ਨ ਸੈਂਟਰ ਦੇ ਜ਼ਿਲ੍ਹਾ ਮੈਨੇਜ਼ਰ ਸ਼੍ਰੀ ਰੂਪ ਸਿੰਘ ਮਾਨ ਵੱਲੋਂ ਵੀ ਨਸ਼ਿਆਂ ਤੋਂ ਮੁਕਤੀ ਪਾਉਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਸਿੱਖਿਆ ਵਿਭਾਗ ਵੱਲੋਂ ਮੈਡਮ ਤ੍ਰਿਪਤੀ ਸੇਠੀ ਨੇ ਪ੍ਰਭਾਵਸ਼ਾਲੀ ਭਾਸ਼ਨ, ਅਧਿਆਪਕ ਨਿਰਮਲ ਸਿੰਘ ਨੇ ਨਸ਼ਿਆਂ ਦੇ ਖਿਲਾਫ਼ ਗੀਤ, ਹੋਣਹਾਰ ਵਿਦਿਆਰਥਣ ਹਰਲੀਨ ਕੌਰ ਨੇ ਕਵਿਤਾ ਅਤੇ ਵਿਦਿਆਰਥੀ ਗੁਰਪਿਆਰ ਸਿੰਘ ਨੇ ਗੀਤ ਗਾ ਕੇ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਬਚਣ ਦਾ ਸੁਨੇਹਾ ਦਿੱਤਾ।ਇਸ ਮੌਕੇ ਪੰਜਾਬ ਪੁਲਿਸ ਵੱਲੋਂ ਏ.ਐਸ.ਆਈ. ਕ੍ਰਿਸ਼ਨ ਕੁਮਾਰ ਨੇ ਵਿਭਾਗ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਵਿੱਚ ਪਾਏ ਜਾ ਰਹੇ ਯੋਗਦਾਨ ਸਬੰਧੀ ਆਪਣੇ ਵਿਚਾਰ ਰੱਖੇ।
ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਰਾਮਾ ਵਿਭਾਗ ਦੇ ਕਲਾਕਾਰਾਂ ਅਵਤਾਰ ਸਿੰਘ, ਇਕਬਾਲ ਚੜਿੱਕ ਅਤੇ ਗੁਰਤੇਜ ਸਫ਼ਰ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਦੇ ਸਮਾਜ ਤੇ ਪੈਣ ਵਾਲੇ ਅਸਰ ਨੂੰ ਦਰਸਾਉਂਦਾ ਹੋਇਆ ”ਸੁਲਘਦੀ ਧਰਤੀ ” ਨਾਮੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ।ਅੰਤ ਵਿੱਚ ਸਮਾਗਮ ਵਿੱਚ ਭਾਗ ਲੈਣ ਵਾਲੇ ਬੁਲਾਰਿਆਂ, ਕਲਾਕਾਰਾਂ, ਵਿਦਿਆਰਥੀਆਂ ਆਦਿ ਨੂੰ ਦੇਸ਼ ਭਗਤੀ ਨਾਲ ਸਬੰਧਤ ਪੁਸਤਕਾਂ ਅਤੇ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਆਕਾਸ਼ ਬਾਂਸਲ, ਉਪ ਮੰਡਲ ਮੈਜਿਸਟ੍ਰੇਟ ਮੌੜ ਸ੍ਰੀ ਵਰਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਡੀ.ਐਸ.ਪੀ. ਤਲਵੰਡੀ ਸਾਬੋ ਸ੍ਰੀ ਜਸਮੀਤ ਸਿੰਘ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਰਮਨ ਸਿੰਗਲਾ, ਐਸ.ਐਮ.ਓ. ਤਲਵੰਡੀ ਸਾਬੋ ਡਾ. ਦਰਸ਼ਨ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੇਵਾ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਵਰਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
ਬਠਿੰਡਾ ‘ ਚ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ
32 Views