ਸੁਖਜਿੰਦਰ ਮਾਨ
ਬਠਿੰਡਾ, 22 ਦਸੰਬਰ: ਪੰਜਾਬ ਸਰਕਾਰ ਨਾਲ ਸਬੰਧਤ ਕਿਸਾਨੀ ਮੰਗਾਂ ਪੂਰੀਆਂ ਕਰਾਉਣ ਲਈ 20 ਦਸੰਬਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸਥਾਨਕ ਮਿੰਨੀ ਸੈਕਟ੍ਰੀਏਟ ਅੱਗੇ ਚੱਲ ਰਹੇ ਕਿਸਾਨ ਮੋਰਚਾ ਅੱਜ ਤੀਜ਼ੇ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਨ ਪੁੱਜੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਨਿਬੇੜੇ ਲਈ ਭਲਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਮੀਟਿੰਗ ਵਿਚ ਰੱਖੀਆਂ ਜਾਣ ਵਾਲੀਆਂ ਮੰਗਾਂ ਬਾਰੇ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਦਾ ਮੁਆਵਜਾ ਕਾਸਤਕਾਰ ਕਿਸਾਨਾਂ ਨੂੰ 17000 ਰੁਪਏ / ਏਕੜ ਅਤੇ ਇਸ ਦਾ 10% ਖੇਤ ਮਜਦੂਰਾਂ ਨੂੰ ਦਿਵਾਉਣ ,ਗੰਨਾ ਕਾਸਤਕਾਰ ਕਿਸਾਨਾਂ ਨੂੰ ਗੰਨੇ ਦਾ ਸਰਕਾਰ ਦੁਆਰਾ ਮਿਥਿਆ ਭਾਅ 360 ਰੁਪਏ / ਕੁਇੰਟਲ ਦਿਵਾਉਣ , ਖੇਤੀ ਕਾਨੂੰਨਾਂ ਦੇ ਸੰਘਰਸ ਦੌਰਾਨ ਸ਼ਹੀਦ ਹੋਏ ਕਿਸਾਨਾਂ /ਮਜਦੂਰਾਂ ਦੇ ਪਰਿਵਾਰਾਂ ਰਹਿੰਦਾ 5 – 5 ਲੱਖ ਰੁਪਏ ਦਾ ਮੁਆਵਜਾ ਤੁਰੰਤ ਦਿਵਾਉਣ , ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਗਏ ਕਿਸਾਨਾਂ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਨੂੰ ਤਿੰਨ – ਤਿੰਨ ਲੱਖ ਰੁਪਏ ਦਾ ਮੁਆਵਜਾ ,ਇੱਕ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜਾ ਖ਼ਤਮ ਕਰਵਾਉਣ ਲਈ ,5 ਏਕੜ ਤੱਕ ਮਾਲਕੀ ਵਾਲੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜੇ ਅਜਿਹੇ ਸਾਰੇ ਕਿਸਾਨਾਂ ਦੇ ਮਾਫ ਕਰਵਾਉਣ ਸਮੇਤ ਕਿਸਾਨਾਂ ਦਾ ਸਮੁੱਚਾ ਕਰਜ਼ਾ ਖਤਮ ਕਰਵਾਉਣ ,ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸ ਤੁਰੰਤ ਰੱਦ ਕਰਵਾਉਣ ,ਸਮੈਕ ਚਿੱਟੇ ਵਰਗੇ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ,ਬੇਰੁਜਗਾਰੀ ਦੇ ਹੱਲ,ਜ਼ਿਲ੍ਹਾ ਮਾਨਸਾ ਵਿੱਚ ਬੇਰੁਜਗਾਰ ਅਧਿਆਪਕਾਂ ਤੇ ਲਾਠੀਚਾਰਜ ਕਰਨ ਵਾਲੇ ਡੀ ਐੱਸ ਪੀ ਨੂੰ ਤੁਰੰਤ ਬਰਖਾਸਤ ਕਰਕੇ ਉਸਦੇ ਵਿਰੁਧ ਪਰਚਾ ਦਰਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਫੌਰੀ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਅੱਜ ਦੀ ਸਟੇਜ ਤੋਂ ਜੈ ਹੋ ਰੰਗਮੰਚ ਨਿਹਾਲ ਸਿੰਘ ਵਾਲਾ ਵੱਲੋਂ ਨੁੱਕੜ ਨਾਟਕ “ਹੱਕ ਕਿਸਾਨਾਂ ਦੇ“ ਖੇਡਿਆ ਗਿਆ। ਇਸ ਦੌਰਾਨ ਮੋਰਚੇ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ,ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ ,ਹਰਜਿੰਦਰ ਸਿੰਘ ਬੱਗੀ ,ਬਸੰਤ ਸਿੰਘ ਕੋਠਾਗੁਰੂ ,ਹਰਿੰਦਰ ਕੌਰ ਬਿੰਦੂ ,ਗੈਸਟ ਫੈਕਲਟੀ ਅਧਿਆਪਕ ਰਾਜਵਿੰਦਰ ਕੌਰ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਮਿਤੋਜ ਮੌੜ ਨੇ ਵੀ ਸੰਬੋਧਨ ਕੀਤਾ ।
ਬਠਿੰਡਾ ’ਚ ਤੀਜੇ ਦਿਨ ਵੀ ਕਿਸਾਨਾਂ ਦਾ ਮਿੰਨੀ ਸਕੱਤਰੇਤ ਅੱਗੇ ਮੋਰਚਾ ਜਾਰੀ
9 Views