ਸੁਖਜਿੰਦਰ ਮਾਨ
ਬਠਿੰਡਾ, 18 ਮਈ : ਪਿਛਲੇ ਦਿਨੀਂ ਸਥਾਨਕ ਕੇਂਦਰੀ ਜੇਲ੍ਹ ’ਚ ਬੰਦ ਗੈਂਗਸਟਰਾਂ ਵਲੋਂ ਰੱਖੀ ਲਗਾਤਾਰ 6 ਦਿਨ ਭੁੱਖ ਹੜਤਾਲ ਦੇ ਮਾਮਲੇ ’ਚ ਨੋਟਿਸ ਲੈਂਦਿਆਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਚਾਰ ਹਫ਼ਤਿਆਂ ’ਚ ਜਵਾਬ ਮੰਗਿਆ ਹੈ। ਇਸ ਸਬੰਧ ਵਿਚ ਲਗਾਤਾਰ ਮੀਡੀਆ ਵਿਚ ਖ਼ਬਰਾਂ ਵੀ ਪ੍ਰਕਾਸ਼ਤ ਹੋਈਆਂ ਸਨ। ਜਿਸਦੇ ਆਧਾਰ ’ਤੇ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਹੈ। ਦਸਣਾ ਬਣਦਾ ਹੈ ਕਿ ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰਾਂ ਵਲੋਂ ਅਪਣੀਆਂ ਬੈਰਕਾਂ ’ਚ ਟੀਵੀ ਦੀ ਸਹੂਲਤ ਮੁਹੱਈਆਂ ਕਰਵਾਉਣ ਤੋਂ ਇਲਾਵਾ ਦੂਜੇ ਕੈਦੀਆਂ ਤੇ ਹਵਾਲਾਤੀਆਂ ਦੀ ਤਰ੍ਹਾਂ ਉਨ੍ਹਾਂ ਦੇ ਹੱਕਾਂ ਦੀ ਵੀ ਰੱਖਿਆ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਜਿਆਦਾਤਰ ਸਮਾਂ ਬੈਰਕਾਂ ’ਚ ਬੰਦ ਰੱਖਿਆ ਜਾਂਦਾ ਹੈ। ਇਸਤੋਂ ਇਲਾਵਾ ਜੇਲ੍ਹ ਦੇ ਐਸ.ਟੀ.ਡੀ ਫ਼ੋਨ ਤੋਂ ਵੀ ਵੱਧ ਫ਼ੋਨ ਕਰਨ ਦੀ ਸਹੂਲਤ ਮਿਲਣੀ ਚਾਹੀਦੀ ਹੈ। ਕਾਫ਼ੀ ਲੰਮੀ ਜਦੋ ਜਹਿਦ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲਕੇ ਇਹ ਭੁੱਖ ਹੜਤਾਲ ਖ਼ਤਮ ਕਰਵਾ ਦਿੱਤੀ ਸੀ ਪ੍ਰੰਤੂ ਕਮਿਸ਼ਨ ਨੇ ਦਾਅਵਾ ਕੀਤਾ ਹੈ ਕਿਇਹ ਮਨੁੱਖੀ ਅਧਿਕਾਰਾਂ ਦਾ ਮਾਮਲਾ ਹੈ, ਜਿਸਨੂੰ ਅਣਗੋਲਿਆ ਨਹੀਂ ਕੀਤਾ ਜਾ ਸਕਦਾ ਹੈ। ਜਿਸਦੇ ਚੱਲਦੇ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਜੇਲ੍ਹ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
Share the post "ਬਠਿੰਡਾ ਜੇਲ੍ਹ ’ਚ ਗੈਗਸਟਰਾਂ ਦੀ ਭੁੱਖ ਹੜਤਾਲ ਦੇ ਮਾਮਲੇ ’ਚ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ"