ਚੋਣ ਗਤੀਵਿਧੀਆਂ ਤੇ ਕਰੋਨਾ ਵੈਕਸ਼ੀਨੇਸ਼ਨ ਦੀ ਕੀਤੀ ਸਮੀਖਿਆ
ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ: ਚੋਣ ਕਮਿਸ਼ਨ ਦੀਆਂ ਹਿਦਾਇਤਾਂ ਤੋਂ ਬਾਅਦ ਬਦਲ ਕੇ ਆਏ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ (ਆਈ.ਏ.ਐਸ) ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਕਮਿਸ਼ਨਰ ਨਗਰ ਨਿਗਮ ਵਜੋਂ ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇੱਥੋਂ ਦੇ ਲੇਕ ਵਿਊ ਹੋਟਲ ਵਿਖੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਦਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਵੱਲੋਂ ਜ਼ਿਲ੍ਹੇ ਦੇ ਚੋਣਵੇਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਚੋਣਾਂ-2022 ਸਬੰਧੀ ਚੱਲ ਰਹੇ ਕਾਰਜਾਂ ਤੋਂ ਇਲਾਵਾ ਕਰੋਨਾ ਮਹਾਂਮਾਰੀ ਦੀ ਰੋਕਥਾਮ ਸਬੰਧੀ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਕਰੋਨਾ ਵੈਕਸੀਨੇਸ਼ਨ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਚੱਲ ਰਹੀਆਂ ਚੋਣ ਸਰਗਰਮੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਇੰਨ੍ਹਾਂ ਚੋਣਾਂ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਏਡੀਸੀ ਜਨਰਲ ਵਰਿੰਦਰਪਾਲ ਸਿੰਘ ਬਾਜਵਾ, ਟ੍ਰੇਨਿੰਗ ਅਧੀਨ ਆਈ.ਏ.ਐਸ. ਅਧਿਕਾਰੀ ਨਿਕਾਸ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਮੈਡਮ ਸਰੋਜ ਰਾਣੀ ਅਤੇ ਤਹਿਸੀਲਦਾਰ ਚੋਣਾਂ ਗੁਰਚਰਨ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।
ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਵਨੀਤ ਕੁਮਾਰ ਨੇ ਸੰਭਾਲਿਆ ਚਾਰਜ
7 Views