ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 21 ਅਕਤੂਬਰ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਰਕਲ ਬਠਿੰਡਾ ਅਧੀਨ ਕੰਮ ਕਰਦੇ ਠੇਕਾ ਅਧਾਰਿਤ ਕਾਮਿਆਂ ਦੀਆਂ ਪਿਛਲੇ 4 ਮਹੀਨਿਆਂ ਤੋਂ ਰੂਕੀਆਂ ਤਨਖਾਹਾਂ ਨੂੰ ਜਾਰੀ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲ੍ਹਾ ਬਠਿੰਡਾ ਅਤੇ ਮਾਨਸਾ ਵਲੋਂ ਸਰਕਲ ਬਠਿੰਡਾ ਦੇ ਨਿਗਰਾਨ ਇੰਜੀਨੀਅਰ ਦਫਤਰ ਅੱਗੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਲਗਾਇਆ ਗਿਆ ਹੈ, ਜੋ ਲਗਾਤਾਰ ਤਿੰਨ ਦਿਨਾਂ ਤੋਂ ਚੱਲ ਰਿਹਾ ਹੈ ਪਰ ਤ੍ਰਾਂਸਦੀ ਇਹ ਹੈ ਕਿ ਆਮ ਲੋਕਾਂ ਦੀ ਹਿਤੈਸ਼ੀ ਕਹਿਲਾਉਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਅਤੇ ਉਸਦੇ ਅਧਿਕਾਰੀ ਕਾਮਿਆਂ ਦੀਆਂ ਰੂਕੀਆਂ ਤਨਖਾਹਾਂ ਜਾਰੀ ਕਰਨ ਤੋਂ ਮੁਕਰ ਚੁੱਕੇ ਹਨ। ਅੱਜ ਇਥੇ ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਬਠਿੰਡਾ ਅਤੇ ਮਾਨਸਾ ਦੇ ਜਲ ਸਪਲਾਈ ਕਾਮੇ ਆਪਣੀਆਂ ਪਿਛਲੇ 4 ਮਹੀਨਿਆਂ ਤੋਂ ਰੂਕੀਆਂ ਤਨਖਾਹਾਂ ਜਾਰੀ ਕਰਵਾਉਣ ਦੀ ਮੰਗ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ ਪਰ ਇਸ ਸੰਘਰਸ਼ ਦੇ ਦੌਰਾਨ ਰੂਕੀਆਂ ਤਨਖਾਹਾਂ ਜਾਰੀ ਕਰਨ ਤੋਂ ਜਿੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਅਤੇ ਪ੍ਰਸ਼ਾਸਨਿਕ ਅਧਿਕਾਰੀ, ਧਰਨਾਕਾਰੀਆਂ ਨਾਲ ਗੱਲਬਾਤ ਰਾਹੀ ਮਸਲੇ ਦਾ ਹੱਲ ਕਰਨ ਦੀ ਬਜਾਏ ਦਫਤਰ ਵਿਚ ਵੀ ਨਹੀਂ ਆ ਰਹੇ, ਜਿਸਦੇ ਕਾਰਨ ਕਾਮਿਆਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਕਿਉਕਿ ਕਾਮਿਆਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਪਹਿਲਾਂ ਦੁਸ਼ਹਿਰੇ ਦਾ ਤਿਉਹਾਰ ਵਿਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਦੀਵਾਲੀ ਦੇ ਤਿਉਹਾਰ ਮੌਕੇ ਵੀ ਤਨਖਾਹ ਲੈਣ ਲਈ ਕਾਮੇ ਆਪਣੇ ਪਰਿਵਾਰਾਂ ਸਮੇਤ ਦਿਨ ਰਾਤ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵਲੋਂ ਦੀਵਾਲੀ ਤੋਂ ਪਹਿਲਾਂ ਤਨਖਾਹ ਜਾਰੀ ਨਹੀਂ ਕੀਤੀ ਗਈ ਤਾਂ ਇਸਦੇ ਖਿਲਾਫ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਮਿਤੀ 27 ਅਕਤੂਬਰ ਨੂੰ ਵੱਡਾ ਜੋਨ ਪੱਧਰੀ ਇਕੱਠ ਕਰਕੇ ਬਠਿੰਡਾ ਸ਼ਹਿਰ ਵਿਚ ਗੁਪਤ ਐਕਸ਼ਨ ਕੀਤਾ ਜਾਵੇਗਾ ਅਤੇ ਜਿਨ੍ਹਾਂ ਚਿਰ ਵਰਕਰਾਂ ਦੀਆਂ ਰੂਕੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ, ਸੰਘਰਸ਼ ਨੂੰ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ, ਇਸ ਸੰਘਰਸ਼ ਦੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰ ਸਿੱਧੇ ਰੂਪ ਵਿਚ ਵਿਭਾਗ ਦੇ ਅਧਿਕਾਰੀ ਅਤੇ ਪੰਜਾਬ ਸਰਕਾਰ ਹੋਵੇਗੀ।
Share the post "ਬਠਿੰਡਾ ਸਰਕਲ ਦੇ ਜਲ ਸਪਲਾਈ ਕਾਮਿਆਂ ਦੀਆਂ ਪਿਛਲੇ 4 ਮਹੀਨਿਆਂ ਤੋਂ ਤਨਖਾਹਾਂ ਰੂਕੀਆਂ27 ਅਕਤੂਬਰ ਨੂੰ ਗੁਪਤ ਐਕਸ਼ਨ ਕੀਤਾ ਜਾਵੇਗਾ- ਵਰਿੰਦਰ ਮੋਮੀ"