ਅਧਿਕਾਰੀ ਸਾਂਝੀ ਟੀਮ ਬਣਾ ਕੇ ਅਗੇਤੇ ਪ੍ਰਬੰਧ ਕਰਨ ਮੁਕੰਮਲ : ਡਿਪਟੀ ਕਮਿਸ਼ਨਰ
ਅਗਾਊਂ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 22 ਅਪ੍ਰੈਲ : ਬਰਸਾਤੀ ਪਾਣੀ ਦੀ ਨਿਕਾਸੀ ਦੇ ਮੱਦੇਨਜ਼ਰ ਅਗਾਊਂ ਪ੍ਰਬੰਧਾਂ ਅਤੇ ਤਿਆਰੀਆਂ ਲਈ ਵਿਧਾਇਕ ਸ. ਜਗਰੂਪ ਸਿੰਘ ਗਿੱਲ ਵਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋ ਨਿਯਾਤ ਦਿਵਾਉਣ ਲਈ ਇਸ ਨੂੰ ਉਹ ਖੁਦ ਇੱਕ ਵੱਡੀ ਚੁਣੌਤੀ ਵਜੋਂ ਲੈ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਵੀ ਇਸ ਸਮੱਸਿਆ ਤੋਂ ਛੁਟਕਾਰੇ ਲਈ ਇਸ ਨੂੰ ਇੱਕ ਚੁਣੌਤੀ ਵਜੋਂ ਲੈਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਕਿੱਲਤ ਤੋਂ ਨਿਯਾਤ ਦੁਆਈ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ ਤੇ ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਬਰਸਾਤੀ ਪਾਣੀ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੀਟਿੰਗ ਤੋਂ ਬਾਅਦ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਜਿਵੇਂ ਕਿ ਸਿਵਲ ਲਾਇਨ, ਪਾਵਰ ਹਾਊਸ ਰੋਡ, ਸਿਰਕੀ ਬਜ਼ਾਰ, ਧੋਬੀ ਬਜ਼ਾਰ ਤੋਂ ਇਲਾਵਾ ਸ਼ਹਿਰ ਅੰਦਰ ਪੈਂਦਿਆਂ ਵੱਖ-ਵੱਖ ਟੋਭਿਆਂ ਜਿਵੇਂ ਸੰਜੇ ਨਗਰ, ਸੰਗੂਆਣਾ, ਵਕਫ਼ ਬੋਰਡ, ਡੀਏਵੀ ਕਾਲਜ ਆਦਿ ਦੀ ਸਾਫ਼-ਸਫ਼ਾਈ ਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਲਈ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਮੁੱਖ ਖੇਤਰਾਂ ਵਿੱਚ ਬਰਸਾਤੀ ਪਾਣੀ ਦੇ ਨਿਕਾਸ ਲਈ ਅਗੇਤੇ ਅਤੇ ਢੁੱਕਵੇਂ ਪ੍ਰਬੰਧ ਕਰਨਾ ਯਕੀਨੀ ਬਣਾਉਣ ਤਾਂ ਜੋ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਦੇ ਵਸਨੀਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਤਜ਼ਰਬੇ ਦੇ ਤੌਰ ਤੇ ਨਵੀਆਂ ਬਨਣ ਵਾਲੀਆਂ ਕਲੋਨੀਆਂ ਚ ਇਹ ਜ਼ਰੂਰੀ ਬਣਾਉਣ ਕਿ ਉਹ ਬਰਸਾਤੀ ਪਾਣੀ ਨੂੰ ਰੀਚਾਰਜ ਕਰਨ ਲਈ ਢੁੱਕਵੇਂ ਪ੍ਰਬੰਧ ਕਰਨੇ ਲਾਜ਼ਮੀ ਬਣਾਉਣ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਵਰਤੇ ਜਾਣ ਵਾਲੇ ਡਿਸਪੋਜ਼ਲ ਪੁਆਇੰਟਾਂ ਅਤੇ ਮੋਟਰਾਂ ਆਦਿ ਦੀ ਵਰਤੋਂ ਸਬੰਧੀ ਸਪੈਸ਼ਲ ਚੈਕਿੰਗ ਯਕੀਨੀ ਬਣਾਈ ਜਾਵੇ।
ਇਸ ਮੌਕੇ ਐਮਸੀ ਸ਼੍ਰੀ ਸੁਖਦੀਪ ਸਿੰਘ ਢਿੱਲੋਂ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਸ਼੍ਰੀ ਕਿਸ਼ੋਰ ਬਾਂਸਲ, ਸੀਵਰੇਜ਼ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਅਸ਼ਵਨੀ ਕੁਮਾਰ, ਬੀਐਂਡਆਰ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਇੰਦਰਜੀਤ ਸਿੰਘ, ਪੀਐਸਪੀਸੀਐਲ ਕਾਰਜਕਾਰੀ ਇੰਜਨੀਅਰ ਸ਼੍ਰੀ ਬਲਜੀਤ ਸਿੰਘ, ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ ਅਤੇ ਸ਼੍ਰੀ ਅਮਿਤ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਿਪਟਾਰੇ ਨੂੰ ਚੁਣੌਤੀ ਵਜੋਂ ਲੈਣ ਅਧਿਕਾਰੀ : ਜਗਰੂਪ ਗਿੱਲ"