ਸੁਖਜਿੰਦਰ ਮਾਨ
ਬਠਿੰਡਾ, 10 ਜਨਵਰੀ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਵਿਖੇ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ 100 ਫ਼ੀਸਦੀ ਪਲੇਸਮੈਂਟ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਂਦਾ ਹੈ। ਕਰੋਨਾ ਕਾਲ ਤੋਂ ਬਾਅਦ ਨੌਕਰੀ ਦੇ ਬਾਜ਼ਾਰ ਅਤੇ ਸਿੱਖਿਆ ਦੇ ਬਦਲਦੇ ਸਰੂਪ ਦੁਆਰਾ ਪੈਦਾ ਚੁਨੌਤੀਆਂ ਅਤੇ ਭਿੰਨਤਾਵਾਂ ਦੇ ਬਾਵਜੂਦ ਬੀ.ਐਫ.ਜੀ.ਆਈ. ਦੇ ਵਿਦਿਆਰਥੀਆਂ ਦੀ ਪਲੇਸਮੈਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਵੱਖ-ਵੱਖ ਪ੍ਰਸਿੱਧ ਕੰਪਨੀਆਂ ਦੀ ਪਲੇਸਮੈਂਟ ਡਰਾਈਵ ਆਯੋਜਿਤ ਕਰਵਾ ਕੇ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤ ਕਰਨ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਅਜਿਹੇ ਸਾਰਥਿਕ ਯਤਨਾਂ ਦੀ ਬਦੌਲਤ ਹਾਲ ਹੀ ਵਿੱਚ ਵੱਖ-ਵੱਖ ਨਾਮਵਰ ਕੰਪਨੀਆਂ ਜਿਵੇਂ ਲਰਨਿੰਗ ਰੂਟਸ ਪ੍ਰਾ. ਲਿਮ., ਅਕੈਡਮੀਆ ਗੁਰੂ ਡਾਟ ਕਾਮ ਅਤੇ ਮੋਹਰੀ ਸਾਫ਼ਟਵੇਅਰ ਡਿਵੈਲਪਮੈਂਟ ਕੰਪਨੀ ‘ਮੇਹਰਸਾਫ਼ਟ ਟੈਕਨਾਲੋਜੀਜ਼ ਪ੍ਰਾ. ਲਿਮ.’ ਦੀ ਪਲੇਸਮੈਂਟ ਡਰਾਈਵ ਦੌਰਾਨ ਬਾਬਾ ਫ਼ਰੀਦ ਕਾਲਜ ਦੇ 5 ਵਿਦਿਆਰਥੀ ਨੌਕਰੀ ਲਈ ਚੁਣੇ ਗਏ।
ਵੱਖ-ਵੱਖ ਕੰਪਨੀਆਂ ਦੇ ਅਧਿਕਾਰੀਆਂ ਨੇ ਐਪਟੀਚਿਊਡ ਟੈੱਸਟ, ਗਰੁੱਪ ਡਿਸਕਸ਼ਨ ਰਾਹੀਂ ਵਿਦਿਆਰਥੀਆਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਵਿਦਿਆਰਥੀਆਂ ਦੀ ਆਨਲਾਈਨ/ਆਫ਼ਲਾਈਨ ਨਿੱਜੀ ਇੰਟਰਵਿਊ ਕੀਤੀ। ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ ਨਾਲ ਇੰਟਰਵਿਊ ਦਿੱਤੀ। ਵਿਦਿਆਰਥੀਆਂ ਦੇ ਤਕਨੀਕੀ ਗਿਆਨ ਅਤੇ ਕਾਰਪੋਰੇਟ ਜਗਤ ਨਾਲ ਸਬੰਧਿਤ ਸਮਝ ਅਤੇ ਜਾਣਕਾਰੀ ਤੋਂ ਕੰਪਨੀ ਦੇ ਅਧਿਕਾਰੀ ਬਹੁਤ ਪ੍ਰਭਾਵਿਤ ਹੋਏ। ਵਿਦਿਆਰਥੀਆਂ ਦੀ ਵਧੀਆ ਸੰਚਾਰ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਸਿੱਖਿਆ ਸੇਵਾ ਖੇਤਰ ਦੀ ਮੋਹਰੀ ਕੰਪਨੀ ਲਰਨਿੰਗ ਰੂਟਸ ਪ੍ਰਾ. ਲਿਮ ਦੇ ਅਧਿਕਾਰੀਆਂ ਨੇ ਬਾਬਾ ਫ਼ਰੀਦ ਕਾਲਜ ਦੇ ਬੀ.ਸੀ.ਏ. ਪੰਜਵਾਂ ਸਮੈਸਟਰ (ਬੈਚ 2019-22) ਦੀ ਵਿਦਿਆਰਥਣ ਦਿਵਿਆ ਨੂੰ 5.34 ਲੱਖ ਦੇ ਸਾਲਾਨਾ ਪੈਕੇਜ ‘ਤੇ ਸੇਲਜ਼ ਐਸੋਸੀਏਟ ਵਜੋਂ ਨੌਕਰੀ ਲਈ ਚੁਣਿਆ ਹੈ। ਇਸੇ ਤਰ੍ਹਾਂ ਅਕੈਡਮੀਆ ਗੁਰੂ ਡਾਟ ਕਾਮ ਕੰਪਨੀ ਦੇ ਅਧਿਕਾਰੀਆਂ ਨੇ ਬੀ.ਸੀ.ਏ. ਪੰਜਵਾਂ ਸਮੈਸਟਰ (ਬੈਚ 2019-22) ਦੇ ਅਰੀਵ ਅਰੋੜਾ ਨੂੰ ਬਿਜ਼ਨਸ ਡਿਵੈਲਪਮੈਂਟ ਐਗਜ਼ੈਕਟਿਵ ਅਤੇ ਰੰਜੁਲ ਗਰੋਵਰ ਨੂੰ ਸ਼ਾਨਦਾਰ ਪੈਕੇਜ ‘ਤੇ ਮਾਰਕੀਟ ਐਗਜ਼ੈਕਟਿਵ ਵਜੋਂ ਨੌਕਰੀ ਲਈ ਚੁਣਿਆ ਹੈ ਜਦੋਂ ਕਿ ‘ਮੇਹਰਸਾਫ਼ਟ ਟੈਕਨਾਲੋਜੀਜ਼ ਪ੍ਰਾ. ਲਿਮ. ਦੇ ਅਧਿਕਾਰੀਆਂ ਵੱਲੋਂ ਬੀ.ਸੀ.ਏ. ਪੰਜਵਾਂ ਸਮੈਸਟਰ (ਬੈਚ 2019-22) ਦੇ ਵਿਦਿਆਰਥੀ ਆਕਾਸ਼ ਪਾਲਸਨ ਅਤੇ ਤਰਨ ਕੁਮਾਰ ਨੂੰ ਜੂਨੀਅਰ ਸਾਫ਼ਟਵੇਅਰ ਡਿਵੈਲਪਰ ਦੇ ਤੌਰ ‘ਤੇ ਨੌਕਰੀ ਲਈ ਚੁਣ ਲਿਆ ਗਿਆ।ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਕੌੜਾ ਨੇ ਨੌਕਰੀ ਲਈ ਚੁਣੇ ਗਏ ਵਿਦਿਆਰਥੀਆਂ ਦੀ ਇਸ ਅਹਿਮ ਪ੍ਰਾਪਤੀ ‘ਤੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਇੰਡਸਟਰੀ ਅਤੇ ਕਾਰਪੋਰੇਟ ਜਗਤ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਸਿੱਖਿਆ, ਸਿਖਲਾਈ ਅਤੇ ਹੁਨਰ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਪਾਏ ਜਾ ਰਹੇ ਯੋਗ ਦਾਨ ਦੀ ਪ੍ਰਸੰਸਾ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ।
ਬੀ.ਐਫ.ਜੀ.ਆਈ. ਦੇ 5 ਵਿਦਿਆਰਥੀ ਨੌਕਰੀ ਲਈ ਚੁਣੇ ਗਏ
12 Views