ਸੁਖਜਿੰਦਰ ਮਾਨ
ਬਠਿੰਡਾ, 2 ਮਈ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ’ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਮਨਾਇਆ ਗਿਆ ਜਿਸ ਦੇ ਸੰਬੰਧ ਵਿੱਚ ਸੰਸਥਾ ਦੇ ਦਰਜਾ ਚਾਰ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਸਥਾ ਦੇ ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ, ਡਿਪਟੀ ਡਾਇਰੈਕਟਰ (ਕੈਰੀਅਰ ਗਾਈਡੈਂਸ ਐਂਡ ਕਾਊਂਸਲਿੰਗ) ਬੀ.ਡੀ. ਸ਼ਰਮਾ, ਮੈਨੇਜਰ ਲੀਗਲ ਰਵੇਲ ਸਿੰਘ ਬਰਾੜ, ਮੈਨੇਜਰ (ਸਹੂਲਤਾਂ) ਅਜੀਤਪਾਲ ਸਿੰਘ ਤੋਂ ਇਲਾਵਾ ਸੰਸਥਾ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ। ਇਸ ਪ੍ਰੋਗਰਾਮ ਦੌਰਾਨ ਦਰਜਾ ਚਾਰ ਕਰਮਚਾਰੀਆਂ ਵੱਲੋਂ ਆਪਣੇ ਸੁਝਾਅ, ਆਪਣੀਆਂ ਮੰਗਾਂ ਅਤੇ ਆਪਣੀ ਡਿਊਟੀ ਨੂੰ ਵਧੀਆ ਢੰਗਾਂ ਨਾਲ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਕਰਮਚਾਰੀਆਂ ਨੇ ਗੀਤ ਅਤੇ ਕਵਿਤਾਵਾਂ ਰਾਹੀਂ ਸਾਰਿਆਂ ਦਾ ਮਨੋਰੰਜਨ ਕੀਤਾ ਅਤੇ ਮਜ਼ਦੂਰ ਅੰਦੋਲਨਾਂ ਦੌਰਾਨ ਮਾਰੇ ਗਏ ਮਜ਼ਦੂਰ ਸਾਥੀਆਂ ਦੀ ਕੁਰਬਾਨੀ ਨੂੰ ਵੀ ਯਾਦ ਕੀਤਾ। ਇਸ ਪ੍ਰੋਗਰਾਮ ਦੌਰਾਨ ਹਰ ਮਹੀਨੇ ਦੇ ਮੁਲਾਂਕਣ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਇਨਾਮ ਵਜੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਦੀ ਵਧਾਈ ਦਿੱਤੀ। ਉਨ੍ਹਾਂ ਨੇ ਦਰਜਾ ਚਾਰ ਕਰਮਚਾਰੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਉਨ੍ਹਾਂ ਨੂੰ ਜਾਗਰੂਕ ਕਰਨ ਅਤੇ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਸੰਸਥਾ ਵੱਲੋਂ ਹਰ ਸੰਭਵ ਮਦਦ ਦੇਣ ਦੀ ਗੱਲ ਕਹੀ ਅਤੇ ਇਨ੍ਹਾਂ ਭਲਾਈ ਸਕੀਮਾਂ ਨੂੰ ਸੰਸਥਾ ਵਿਖੇ ਲਾਗੂ ਕਰਨ ਬਾਰੇ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਜਨਵਰੀ ਮਹੀਨੇ ਤੋਂ ਵਾਧਾ ਕਰਨ ਦਾ ਵਾਅਦਾ ਕਰਦਿਆਂ ਕਈ ਹੋਰ ਵੀ ਤਰੱਕੀਆਂ ਦੇਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਿਆਂ ਡਾ. ਧਾਲੀਵਾਲ ਨੇ ਕਿਹਾ ਕਿ ਸੰਸਥਾ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਲਈ ਸੰਸਥਾ ਦੇ ਦਰਜਾ ਚਾਰ ਕਰਮਚਾਰੀਆਂ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਉਹ ਕਰਮਚਾਰੀਆਂ ਦੀਆਂ ਆਰਥਿਕ ਸਮੱਸਿਆਵਾਂ ਅਤੇ ਹੋਰ ਕਿਸੇ ਵੀ ਤਰਾਂ ਦੇ ਔਖੇ ਸਮੇਂ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਬੀ.ਐਫ.ਜੀ.ਆਈ. ਵਿਖੇ ’ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਮਨਾਇਆ ਗਿਆ
11 Views