• ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵੱਲੋਂ ਗਰਮੀਆਂ ਦੇ ਮੌਸਮ ਨੂੰ ਦੇਖਦਿਆਂ ਪੀਣ ਵਾਲੇ ਪਾਣੀ ਦੀ ਮੰਗ ਦੀ ਪੂਰਤੀ ਲਈ ਤਿਆਰੀਆਂ ਦੀ ਸਮੀਖਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 5 ਅਪ੍ਰੈਲ:ਸੂਬੇ ਦੇ ਪੇਂਡੂ ਖੇਤਰਾਂ ਵਿਚਲੇ ਘਰਾਂ ਨੂੰ ਸਾਫ਼ ਤੇ ਪੀਣ-ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਰੀਆਂ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫਾਈ ਯਕੀਨੀ ਬਣਾਈ ਜਾਵੇ।
ਅੱਜ ਇੱਥੇ ਮਗਸੀਪਾ, ਸੈਕਟਰ-26, ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਨੂੰ ਟੂਟੀ ਵਾਲਾ ਸਾਫ ਤੇ ਪੀਣ-ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਘਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਦੇ ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਾਜੈਕਟਾਂ ਨੂੰ ਤਿਆਰ ਕਰਨ ਅਤੇ ਲਾਗੂਕਰਨ ਸਮੇਂ ਸਥਾਨਕ ਵਿਧਾਇਕਾਂ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ।
ਗਰਮੀਆਂ ਦੇ ਮੌਸਮ ਦੌਰਾਨ ਪੀਣ ਵਾਲੇ ਪਾਣੀ ਦੀ ਵੱਧ ਮੰਗ ਦੀ ਪੂਰਤੀ ਦੇ ਮੱਦੇਨਜ਼ਰ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਗਰਮੀ ਦੇ ਦਿਨਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਕਮੀ ਨਾਲ ਨਜਿੱਠਣ ਲਈ ਵਾਧੂ ਮਸ਼ੀਨਰੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਗੰਭੀਰਤਾ ਨਾਲ ਯਕੀਨੀ ਬਣਾਇਆ ਜਾਵੇ ਕਿ ਪੇਂਡੂ ਖੇਤਰਾਂ ਵਿੱਚ ਪਾਣੀ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਾਣੀ ਦਾ ਪ੍ਰੈੱਸ਼ਰ ਵੀ ਪੂਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਬੰਧੀ ਲੀਕੇਜ ਅਤੇ ਹੋਰ ਸ਼ਿਕਾਇਤਾਂ ਦਾ ਵੀ ਬਿਨਾਂ ਦੇਰੀ ਨਿਪਟਾਰਾ ਕੀਤਾ ਜਾਵੇ।
ਵਿਭਾਗ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਅਤੇ ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਪਾਣੀ ਦੀ ਕਮੀ ਪ੍ਰਤੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਬੇਸ਼ਕੀਮਤੀ ਕੁਦਰਤੀ ਸੋਮੇ ਨੂੰ ਬਚਾਉਣ ਲਈ ਇਸ ਦਿਸ਼ਾ ਵਿੱਚ ਗੰਭੀਰਤਾ ਨਾਲ ਕਦਮ ਚੁੱਕੇ ਜਾਣੇ ਚਾਹੀਦੇ ਹਨ।ਮੰਤਰੀ ਦਾ ਸਵਾਗਤ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਮੰਤਰੀ ਨੂੰ ਸੂਬੇ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਮੁੱਖ ਗਤੀਵਿਧੀਆਂ, ਪਹਿਲਕਦਮੀਆਂ ਅਤੇ ਚੱਲ ਰਹੇ ਪ੍ਰਾਜੈਕਟਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਾਰੇ ਪ੍ਰਾਜੈਕਟਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਦਿਆਂ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਇੰਜੀਨੀਅਰਾਂ, ਸੁਪਰਡੈਂਟ ਇੰਜੀਨੀਅਰਾਂ ਤੇ ਸੀਨੀਅਰ ਸਲਾਹਕਾਰ (ਵਾਟਰ ਕੁਆਲਿਟੀ) ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Share the post "ਬ੍ਰਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਨੂੰ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼"