ਸੁਖਜਿੰਦਰ ਮਾਨ
ਚੰਡੀਗੜ੍ਹ, 30 ਮਈ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਲਈ ਮੌਜੂਦਾ ਭਗਵੰਤ ਮਾਨ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਸੋਮਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਕੀਤੀ। ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਸ ਵਫ਼ਦ ਵਿੱਚ ਸ਼ਾਮਲ ਬਲਵਿੰਦਰ ਸਿੰਘ ਭੂੰਦੜ , ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ ਦਲਜੀਤ ਸਿੰਘ ਚੀਮਾ ਨੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਸੂਬੇ ਦੀ ਆਪ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਬਿਨ੍ਹਾਂ ਜਾਂਚ ਕੀਤੇ ਸੁਰੱਖਿਆ ਵਾਪਸ ਲੈਂਦੀ ਹੈ ਤੇ ਮੁੜ ਝੂਠੀ ਵਾਹ-ਵਾਹ ਖੱਟਣ ਲਈ ਇਸਨੂੰ ਜਨਤਕ ਕਰਦੀ ਹੈ, ਜਿਸਦੇ ਚੱਲਦੇ ਹੀ ਸਿੱਧੂ ਮੂਸੇਵਾਲਾ ਵਰਗੇ ਉਘੇ ਗਾਇਕ ਦੀ ਜਾਨ ਚਲੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਨੂੰ ਅਤਿ ਗੰਭੀਰ ਦਸਦਿਆਂ ਇਸਦੀ ਜਾਂਚ ਕਿਸੇ ਕੇਂਦਰੀ ਏਜੰਸੀ ਕੋਲੋ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇੱਕ ਵਾਰ ਫ਼ਿਰ ਮਾਨ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ।
Share the post "ਭਗਵੰਤ ਮਾਨ ਸਰਕਾਰ ਨੂੰ ਬਰਖ਼ਾਸਤ ਕਰਨ ਲਈ ਅਕਾਲੀ ਦਲ ਨੇ ਕੀਤੀ ਰਾਜਪਾਲ ਕੋਲੋ ਮੰਗ"