ਕਿਸਾਨਾਂ ਨੂੰ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਰਹਿਣ ਲਈ ਮਜਬੂਰ ਕੀਤਾ ਗਿਆ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 26 ਨਵੰਬਰ:ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ਯੂਨੀਅਨ ਅਤੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰਾਂ ਦੀ ਨਿੰਦਾ ਕੀਤੀ ਹੈ।ਸ਼ਨੀਵਾਰ ਨੂੰ ਜਾਰੀ ਬਿਆਨ ਵਿਚ ਬਾਜਵਾ ਨੇ ਕਿਹਾ ਕਿ ਲੰਬੇ ਅੰਦੋਲਨ ਤੋਂ ਬਾਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਅਤੇ ਕਿਸਾਨ ਭਾਈਚਾਰੇ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਕੁਝ ਕਰਨ ਦਾ ਵਾਅਦਾ ਕੀਤਾ ਗਿਆ ਪਰੰਤੂ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਕਿਸੇ ਵੀ ਵਾਅਦੇ ਨੂੰ ਕਾਨੂੰਨੀ ਰੂਪ ਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਅੱਜ ਤੱਕ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿੱਚ ਅਜੇ ਵੀ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੋਈ ਰਾਹਤ ਦੇਣ ਲਈ ਅਸਲ ਵਿੱਚ ਕੁਝ ਨਹੀਂ ਕੀਤਾ ਹੈ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚੋਂ ਇੱਕ ਵੱਖ-ਵੱਖ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਸਬੰਧਤ ਸਰਕਾਰਾਂ ਲਈ ਇੱਕ ਕਾਨੂੰਨੀ ਬੰਧਨ ਬਣਾਉਣਾ ਸੀ ਤਾਂ ਜੋ ਉਨ੍ਹਾਂ ਨੂੰ ਹਰ ਸਾਲ ਅਨਾਜ ਮੰਡੀਆਂ ਵਿੱਚ ਵਿਕਰੀ ਲਈ ਖੱਜਲ-ਖੁਆਰ ਨਾ ਹੋਣਾ ਪਵੇ,ਇਸੇ ਤਰ੍ਹਾਂ ਬਿਜਲੀ ਬਿੱਲ 2020 ਦੀ ਤਲਵਾਰ ਜੋ ਹੁਣ ਸੰਸਦ ਦੀ ਸਥਾਈ ਕਮੇਟੀ ਕੋਲ ਲੰਬਿਤ ਸੀ, ਕਿਸਾਨਾਂ ਦੇ ਸਿਰਾਂ ‘ਤੇ ਅਜੇ ਵੀ ਲਟਕ ਰਹੀ ਹੈ। ਮੋਦੀ ਸਰਕਾਰ ਨੇ ਇਸ ਬਿੱਲ ਨੂੰ ਵਾਪਸ ਲੈਣ ਦਾ ਵਾਅਦਾ ਕੀਤਾ ਸੀ ਪਰ ਸੰਸਦ ਦੇ ਪਿਛਲੇ ਸੈਸ਼ਨ ‘ਚ ਇਸ ਨੂੰ ਦੁਬਾਰਾ ਪੇਸ਼ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਭਾਜਪਾ ਸਰਕਾਰ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਵੀ ਕੀਤਾ ਸੀ ਜੋ ਕਿ 8 ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਅੱਜ ਤੱਕ ਪੂਰਾ ਨਹੀਂ ਹੋਇਆ।ਇਸੇ ਤਰ੍ਹਾਂ ‘ਆਪ’ ਨੇ ਪੰਜਾਬ ‘ਚ ਸੱਤਾ ‘ਚ ਆਉਣ ਤੋਂ ਪਹਿਲਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਆਪਣੇ ਵਾਅਦਿਆਂ ‘ਤੇ ਖਰਾ ਨਹੀਂ ਉਤਰੀ। ਬਾਜਵਾ ਨੇ ਕਿਹਾ ਕਿ ਅਸਲ ਵਿੱਚ ਕਿਸਾਨੀ ਨੂੰ ਦੇਸ਼ ਭਰ ਵਿੱਚ ਯੂਨੀਅਨ ਅਤੇ ਵੱਖ-ਵੱਖ ਸੂਬਾ ਸਰਕਾਰਾਂ ਦੇ ਹੱਥੋਂ ਲਗਾਤਾਰ ਦੁੱਖ ਝੱਲਣੇ ਪੈ ਰਹੇ ਹਨ।
ਟਵੀਟ
ਭਾਜਪਾ ਅਤੇ ਆਪ ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਭਾਜਪਾ ਦੀ ਕੇੰਦਰੀ ਤੇ ਪੰਜਾਬ ਦੀ ਆਪ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀਆਂ ਹਨ। ਕੋਈ ਐਮਐਸਪੀ ਲਈ ਕਾਨੂੰਨੀ ਗਾਰੰਟੀ ਨਹੀਂ, ਸੰਸਦ ਵਿੱਚ ਬਿਜਲੀ ਬਿੱਲ ਨੂੰ ਵਾਪਸ ਲੈਣ ਦਾ ਭਰੋਸਾ ਦਿੱਤਾ ਗਿਆ ਹੈ, ਅਮਲ ਕਿਉਂ ਨਹੀਂ ? ਆਮਦਨ ਦੁੱਗਣੀ ਨਹੀਂ ਹੋਈ ਹੈ, ਅਪਰਾਧਿਕ ਕੇਸ ਵਾਪਸ ਨਹੀਂ ਲਏ ਗਏ ਹਨ। ਇਸੇ ਲਈ ਅਸੀਂ ਕਿਸਾਨਾਂ ਨੂੰ ਸੜਕਾਂ ‘ਤੇ ਦੁੱਖ ਝੱਲਦੇ ਵੇਖ ਰਹੇ ਹਾਂ।