ਕੇਂਦਰ ਸਰਕਾਰ ਦੇਸ਼ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ – ਅਨੁਰਾਗ ਠਾਕੁਰ.
ਸੁਖਜਿੰਦਰ ਮਾਨ
ਬਠਿੰਡਾ, 07 ਜੂਨ: ਸੂਚਨਾ ਅਤੇ ਪ੍ਰਸਾਰਣ ਅਤੇ ਯੁਵਾ ਮਾਮਲੇ ਅਤੇ ਖੇਡਾਂ ਲਈ ਕੇਂਦਰੀ ਮੰਤਰੀ ਸ਼੍ਰੀ. ਅਨੁਰਾਗ ਸਿੰਘ ਠਾਕੁਰ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਮਲਟੀਪਰਪਜ਼ ਸਪੋਰਟਸ ਹਾਲ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਆਨਲਾਈਨ ਮੋਡ ਵਿੱਚ ਬੋਲਦਿਆਂ ਸ਼੍ਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਖੇਲੋ ਇੰਡੀਆ ਤਹਿਤ ਕੇਂਦਰ ਸਰਕਾਰ ਦੇਸ਼ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਤਰ੍ਹਾਂ ਦੇ ਕਦਮ ਚੁੱਕ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਰਹੀ ਹੈ ਅਤੇ ਇਸਦੇ ਨਤੀਜ਼ੇ ਵਜੋਂ ਵੱਖ-ਵੱਖ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਵਧੇਰੇ ਤਗਮੇ ਪ੍ਰਾਪਤ ਕੀਤੇ ਹਨ।ਉਨ੍ਹਾਂ ਕਿਹਾ ਕਿ ਖੇਲੋ ਇੰਡੀਆ ਦੀ ਕਲਪਨਾ ਨਾਲ ਪ੍ਰਧਾਨ ਮੰਤਰੀ ਸ਼੍ਰੀ. ਨਰਿੰਦਰ ਮੋਦੀ ਦਾ ਟੀਚਾ ਜ਼ਮੀਨੀ ਪੱਧਰ ਦੇ ਐਥਲੀਟਾਂ ਨੂੰ ਇੱਕ ਪਲੇਟਫਾਰਮ ਦੇ ਕੇ ਅਤੇ ਦੇਸ਼ ਭਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਕੇ ਭਾਰਤ ਵਿੱਚ ਇੱਕ ਖੇਡ ਸੱਭਿਆਚਾਰ ਪੈਦਾ ਕਰਨਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਖੇਡਾਂ ਦੇ ਖੇਤਰ ਨੂੰ ਅਣਗੌਲਿਆ ਕੀਤਾ ਗਿਆ ਸੀ ਪਰ ਮੌਜੂਦਾ ਸ੍ਰੀ ਨਰਿੰਦਰ ਮੋਦੀ ਸਰਕਾਰ ਨੇ ਖੇਡਾਂ ਲਈ ਬਜਟ ਵਿੱਚ ਵਾਧਾ ਕੀਤਾ ਹੈ ਅਤੇ ਪੰਜਾਬ ਵੱਲ ਵੀ ਬਹੁਤ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਜੋ ਖੇਡਾਂ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਰੱਖਦਾ ਸੀ ਦੀ ਸ਼ਾਨ ਨੂੰ ਬਹਾਲ ਕਰਨ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਲੋ ਇੰਡੀਆ ਪ੍ਰੋਜੈਕਟ ਤਹਿਤ ਵੱਖ-ਵੱਖ ਖੇਡ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਖੇਡਾਂ ਨੂੰ ਪੇਸ਼ੇਵਰ ਤਰੀਕੇ ਨਾਲ ਉਤਸ਼ਾਹ ਦੇਣ ਲਈ 450 ਤੋਂ ਵੱਧ ਨਵੇਂ ਕੋਚਾਂ ਦੀ ਭਰਤੀ ਕੀਤੀ ਗਈ ਹੈ।ਸਰਕਾਰ ਦੀ ਖੇਲੋ ਇੰਡੀਆ ਸਕੀਮ ਤਹਿਤ ਐੱਮ.ਆਰ.ਐੱਸ.ਪੀ.ਟੀ.ਯੂ. ਵਿਖੇ 4.5 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਪਰਪਜ਼ ਸਪੋਰਟਸ ਹਾਲ ਬਣਾਇਆ ਜਾਵੇਗਾ। ਇਹ ਪ੍ਰੋਜੈਕਟ 31 ਮਾਰਚ, 2024 ਤੱਕ ਪੂਰਾ ਹੋਣ ਦੀ ਸੰਭਾਵਨਾ ਹੈ। ਅੰਤਰਰਾਸ਼ਟਰੀ ਮਿਆਰ ਵਾਲੇ ਅਤਿ ਆਧੁਨਿਕ ਹਾਲ ਵਿੱਚ ਬਾਸਕਟਬਾਲ, ਬੈਡਮਿੰਟਨ, ਵਾਲੀਬਾਲ, ਟੈਨਿਸ, ਟੇਬਲ ਟੈਨਿਸ, ਸਕੁਐਸ਼, ਸ਼ੂਟਿੰਗ ਰੇਂਜ ਅਤੇ ਹੋਰ ਖੇਡਾਂ ਸ਼ਾਮਲ ਹੋਣਗੀਆਂ, ਜੋ ਕਿ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਗੀਆਂ।ਇਸ ਤੋਂ ਪਹਿਲਾਂ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਨੇ ਸ੍ਰੀ ਅਨੁਰਾਗ ਠਾਕੁਰ ਅਤੇ ਪਤਵੰਤਿਆਂ ਨੂੰ ਜੀ ਆਇਆਂ ਕਿਹਾ। । ਉਨ੍ਹਾਂ ਸ੍ਰੀ ਅਨੁਰਾਗ ਠਾਕੁਰ ਵੱਲੋਂ ਯੂਨੀਵਰਸਿਟੀ ਨੂੰ ਖੇਲੋ ਇੰਡੀਆ ਤਹਿਤ ਸ਼ਾਮਲ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।
Share the post "ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵਲੋਂ ਆਨ-ਲਾਈਨ ਮੋਡ ਰਾਹੀਂ ਮਲਟੀਪਰਪਜ਼ ਸਪੋਰਟਸ ਹਾਲ ਦਾ ਨੀਂਹ ਪੱਥਰ ਰੱਖਿਆ"