ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਕੌਮਾਂਤਰੀ ਕੁਸ਼ਤੀ ਮੁਕਾਬਲਿਆਂ ਵਿਚ ਸੋਨਾ/ਚਾਂਦੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਕੁੜੀਆਂ ਦੇ ਸ਼ਾਂਤ ਮਈ ਰੋਸ ਦਾ ਹੱਕ ਬਹਾਲ ਕਰਵਾਉਣ ਅਤੇ ਦੋਸ਼ੀ ਬਿਜ ਭੂਸ਼ਣ ਸਰਨ ਸਿੰਘ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਅੱਜ ਕੌਮੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਮੌੜ ਮੰਡੀ, ਤਲਵੰਡੀ ਸਾਬੋ,ਸੰਗਤ,ਗੋਨਿਆਣਾ,ਭਗਤਾ ,ਨਥਾਣਾ ਅਤੇ ਰਾਮਪੁਰਾ ਸ਼ਹਿਰਾਂ ਮੁਜ਼ਾਹਰਾ ਕਰ ਕੇ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸਾਂਸਦ ਮੈਂਬਰ ਬ੍ਰਿਜ ਭੂਸਨ ਸਰਨ ਸਿੰਘ ਦੀ ਅਰਥੀ ਸਾੜੀ ਗਈ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ , ਬਸੰਤ ਸਿੰਘ ਕੋਠਾ ਗੁਰੂ, ਹਰਿੰਦਰ ਬਿੰਦੂ ਅਤੇ ਮਾਲਣ ਕੌਰ ਕੋਠਾਗੁਰੂ ਨੇ ਕਿਹਾ ਇਨਸਾਫ਼ ਲੈਣ ਲਈ ਦਿੱਲੀ ਦੇ ਜੰਤਰ-ਮੰਤਰ ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ਤੇ ਹੀ ਪੁਲਿਸ ਕੇਸ ਮੜ ਦਿੱਤੇ ਅਤੇ ਪੁਲਸੀ ਜਬਰ ਢਾਹਿਆ ਗਿਆ। ਉਨ੍ਹਾਂ ਕਿਹਾ ਕਿ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ਼ ਭੂਸ਼ਨ ਵੱਲੋਂ ਪਹਿਲਵਾਨ ਕੁੜੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਜਿਸ ਖਿਲਾਫ ਸੁਪਰੀਮ ਕੋਰਟ ਦੇ ਹੁਕਮਾਂ ਤੇ ਪੁਲਸ ਕੇਸ ਤਾਂ ਦਰਜ ਕੀਤਾ ਗਿਆ ਪਰੰਤੂ ਹਾਲੇ ਤੱਕ ਗਿਰਫ਼ਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਜਾਵਾਂ ਦੇਣ ਦੀ ਬਜਾਇ ਕੇਂਦਰ ਦੀ ਮੋਦੀ ਸਰਕਾਰ ਸਰੇਆਮ ਉਸ ਦਾ ਪੱਖ ਪੂਰ ਰਹੀ ਹੈ ਜਦੋਂ ਕਿ ਉਕਤ ਦੋਸ਼ੀ ਖਿਲਾਫ ਪਹਿਲਾ ਵੀ ਦਰਜਨਾਂ ਦੀ ਗਿਣਤੀ ਵਿਚ ਅਪਰਾਧਕ ਕੇਸ ਦਰਜ ਹਨ ।ਬੁਲਾਰਿਆਂ ਨੇ ਕਿਹਾ ਕਿ ਖਿਡਾਰਨਾਂ ਨੂੰ ਇਨਸਾਫ ਦਿਵਾਉਣ ਤੱਕ ਉਹਨਾਂ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਹੈ ਕਿ ਪਹਿਲਵਾਨ ਖਿਡਾਰਨਾਂ ਦਾ ਜਿਣਸੀ ਸ਼ੋਸ਼ਣ ਕਰਨ ਦੇ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਖਿਡਾਰਨਾਂ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖਿੰਡਾਉਣ ਲਈ ਉਨ੍ਹਾਂ ਉੱਪਰ ਅਣਮਨੁੱਖੀ ਤਸ਼ੱਦਦ ਢਾਹੁਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ,ਧਰਨਾਕਾਰੀਆਂ ਉੱਤੇ ਮੜ੍ਹੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਉਨ੍ਹਾਂ ਦਾ ਚੁੱਕਿਆ ਗਿਆ ਟੈਂਟ ਅਤੇ ਹੋਰ ਸਾਮਾਨ ਤੁਰੰਤ ਵਾਪਸ ਕੀਤਾ ਜਾਵੇ, ਜੰਤਰ ਮੰਤਰ ਜਨਤਕ ਮੈਦਾਨ ਵਿੱਚ ਸ਼ਾਂਤਮਈ ਜਨਤਕ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਜਮਹੂਰੀ ਅਧਿਕਾਰ ਬਹਾਲ ਕੀਤਾ ਜਾਵੇ। ਅੱਜ ਦੇ ਇਕੱਠਾਂ ਵਿੱਚ ਜਗਦੇਵ ਸਿੰਘ ਜੋਗੇਵਾਲਾ, ਨਛੱਤਰ ਸਿੰਘ ਢੱਡੇ, ਜਸਵੀਰ ਸਿੰਘ ਬੁਰਜ ਸੇਮਾ, ਸੁਖਜੀਤ ਕੌਰ, ਸੁਖਦੇਵ ਸਿੰਘ ਰਾਮਪੁਰਾ, ਹੁਸ਼ਿਆਰ ਸਿੰਘ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ, ਗੁਰਪਾਲ ਸਿੰਘ ਦਿਓਣ, ਕੁਲਵੰਤ ਸ਼ਰਮਾ ਰਾਏਕੇ ਕਲਾਂ, ਬਿੰਦਰ ਸਿੰਘ, ਰਾਜਵਿੰਦਰ ਸਿੰਘ ਰਾਜੂ ਅਤੇ ਗੁਰਮੇਲ ਸਿੰਘ ਬਬਲੀ ਵੀ ਸ਼ਾਮਲ ਸਨ।ਇਸ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰਜ ਫਰੰਟ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ, ਠੇਕਾ ਮੁਲਾਜਮ ਸੰਘਰਸ਼ ਮੋਰਚਾ , ਟੀ. ਐੱਸ. ਯੂ, ਗੌਰਮਿੰਟ ਪੈਨਸ਼ਨ ਐਸ਼ੋਸੀਏਸ਼ਨ,ਪੀ ਐਸ ਯੂ (ਸ਼ਹੀਦ ਰੰਧਾਵਾ) ਜੱਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ।
ਮਹਿਲਾਂ ਪਹਿਲਵਾਨਾਂ ਦੇ ਹੱਕ ’ਚ ਕਿਸਾਨਾਂ ਨੇ ਬ੍ਰਿਜ ਭੂਸਣ ਦੀ ਅਰਥੀ ਫ਼ੂਕੀ
7 Views