ਸੁਖਜਿੰਦਰ ਮਾਨ
ਬਠਿੰਡਾ, 24 ਦਸੰਬਰ: ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੇ ਕਿਸਾਨ ਮੋਰਚੇ ਦੇ ਅੱਜ ਪੰਜਵੇਂ ਦਿਨ ਵੀ ਕਿਸਾਨਾਂ ’ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਧਰਨੇ ਵਿਚ ਵੱਡੀ ਗਿਣਤੀ ’ਚ ਔਰਤਾਂ ਵੀ ਪੁੱਜੀਆਂ ਹੋਈਆਂ ਸਨ, ਜਿੰਨਾਂ ਅਪਣੇ ਹੱਥਾਂ ਵਿਚ ਕਰਜ਼ੇ ਕਾਰਨ ਖ਼ੁਦਕਸ਼ੀਆਂ ਕਰ ਚੁੱਕੇ ਤੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਅਪਣੇ ਪਤੀਆਂ ਤੇ ਪੁੱਤਰਾਂ ਦੀਆਂ ਤਸਵੀਰਾਂ ਚੁੱਕੀਆਂ ਹੋਈਆਂ ਸਨ। ਇਸ ਦੌਰਾਨ ਕਿਸਾਨ ਆਗੂਆਂ ਦੀ ਕਿਸਾਨ ਮਸਲਿਆਂ ਦੇ ਸਬੰਧ ਵਿਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਏਡੀਸੀ ਵਰਿੰਦਰ ਸਿੰਘ ਬਾਜਵਾ ਨਾਲ ਵੀ ਮੀਟਿੰਗ ਹੋਈ, ਜਿਸ ਵਿਚ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਦੌਰਾਨ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ।ਪ੍ਰੰਤੂ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਆਗਾਮੀ 30 ਦਸੰਬਰ ਨੂੰ ਰੱਖੀ ਮੀਟਿੰਗ ਤੱਕ ਧਰਨੇ ਜਾਰੀ ਰੱਖਣ ਦਾ ਫੈਸਲਾ ਬਰਕਰਾਰ ਰੱਖਿਆ। ਕਿਸਾਨ ਆਗੂ ਸਿੰਗਾਰਾ ਸਿੰਘ ਮਾਨ ਤੇ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੋੋਸ਼ ਲਗਾਇਆ ਕਿ ਖ਼ੁਦ ਨੂੰ ਆਮ ਵਿਅਕਤੀ ਦੱਸਣ ਵਾਲੇ ਮੁੱਖ ਮੰਤਰੀ ਵਲੋਂ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਅੱਜ ਦੀ ਸਟੇਜ ਤੋਂ ਰਾਜਵਿੰਦਰ ਸਿੰਘ ਰਾਮਨਗਰ ,ਅਜੇਪਾਲ ਸਿੰਘ ਘੁੱਦਾ, ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਕਹਾਣੀਕਾਰ ਅਤਰਜੀਤ , ਪੈਰਾ ਮੈਡੀਕਲ ਸਿਹਤ ਵਿਭਾਗ ਦੇ ਆਗੂ ਗਗਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਦਿੱਲੀ ਮੋਰਚੇ ਵਿਚ ਲਗਾਤਾਰ ਭੂਮਿਕਾ ਸਰਗਰਮ ਨਿਭਾਉਣ ਵਾਲੇ ਲੁਧਿਆਣਾ ਜ਼ਿਲ੍ਹੇ ਤੋਂ ਪਹੁੰਚੇ ਨੌਜਵਾਨ ਆਗੂ ਯੁਵਰਾਜ ਸਿੰਘ ਨੂੰ ਸਟੇਜ ਤੋਂ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਤ ਕੀਤਾ ਗਿਆ।
ਮਿੰਨੀ ਸਕੱਤਰੇਤ ਅੱਗੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
14 Views