ਬਠਿੰਡਾ, 09 ਅਕਤੂਬਰ (ਸੁਖਜਿੰਦਰ ਮਾਨ ): ਨਰਮਾ ਅਤੇ ਹੋਰ ਫਸਲਾਂ ਦੇ ਖ਼ਰਾਬੇ ਦਾ ਮੁਆਵਜਾ ਲੈਣ ਲਈ ਲੰਘੀ 5 ਅਕਤੁੂਬਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਨੇੜੇੇ ਚੱਲ ਰਹੇ ਧਰਨੇ ਨੂੰ ਖ਼ਤਮ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਅੱਜ ਦੀ ਮੀਟਿੰਗ ਲਈ ਦਿੱਤਾ ਸਮਾਂ ਮੁੜ ਰੱਦ ਕਰਨ ‘ਤੇ ਨਰਾਜ਼ ਕਿਸਾਨਾਂ ਨੇ ਅੱਜ ਪੱਕੇ ਤੌਰ ’ਤੇ ਮਨਪ੍ਰੀਤ ਦੀ ਕੋਠੀ ਦੇ ਦੋ ਗੇਟਾਂ ਦਾ ਘਿਰਾਓ ਕਰ ਲਿਆ ਗਿਆ। ਬੀਤੇ ਕੱਲ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਕੋਠੀ ਦਾ ਘਿਰਾਓ ਖ਼ਤਮ ਕਰਵਾ ਦਿੱਤਾ ਸੀ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਸੂਬੇ ਵੱਲੋਂ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਦੇ ਨਰਮਾ ਦੇ ਹੋਏ ਵੱਡੇ ਨੁਕਸਾਨ ਦੇ ਮੁਆਵਜੇ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰਾਂ ਨਾਲ ਮਸਲਿਆਂ ਦੇ ਹੱਲ ਲਈ ਮੀਟਿੰਗ ਤੈਅ ਕੀਤੀ ਸੀ ਪਰ ਹੁਣ ਇਹ ਮੀਟਿੰਗ 13 ਅਕਤੂਬਰ ਨੂੰ ਕਰਵਾਉਣ ਦੀ ਤਜਵੀਜ਼ ਭੇਜੀ ਗਈ ਹੈ, ਜਿਹੜੀ ਕਿਸਾਨਾਂ ਨੂੰ ਮੰਨਜੂਰ ਨਹੀਂ ਹੈ। ਸੂਚਨਾ ਮੁਤਾਬਕ ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਂ ਜ਼ਿਲ੍ਹਿਆਂ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਲਏ ਫੈਸਲੇ ਮੁਤਾਬਕ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਸਟੇਜ ਤੋਂ ਐਲਾਨ ਕੀਤਾ ਕਿ ਖ਼ਜ਼ਾਨਾ ਮੰਤਰੀ ਦੀ ਕੋਠੀ ਦਾ ਦੋਨੋਂ ਗੇਟਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ,ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ,ਜਲ੍ਹਿਾ ਫਾਜਲਿਕਾ ਦੇ ਪ੍ਰਧਾਨ ਗੁਰਭੇਜ ਸਿੰਘ , ਜਲ੍ਹਿਾ ਮੁਕਤਸਰ ਦੇ ਆਗੂ ਗੁਰਪਾਸ਼ ਸਿੰਘ ਸਿੰਘੇਵਾਲਾ ਅਤੇ ਜਲ੍ਹਿਾ ਫਰੀਦਕੋਟ ਦੇ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਖੇਤ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਔਰਤ ਕਿਸਾਨ ਜਥੇਬੰਦੀ ਦੇ ਆਗੂ ਪਰਮਜੀਤ ਕੌਰ ਪਿੱਥੋ ਨੇ ਵੀ ਸੰਬੋਧਨ ਕੀਤਾ।
Share the post "ਮੀਟਿੰਗ ਤੋਂ ਜਵਾਬ ਦੇਣ ’ਤੇ ਨਰਾਜ਼ ਕਿਸਾਨਾਂ ਨੇ ਮੁੂੜ ਵਿਤ ਮੰਤਰੀ ਦੀ ਰਿਹਾਇਸ਼ ਘੇਰੀ"