ਪੰਜਾਬ ਭਰ ਤੋਂ ਹਜਾਰਾਂ ਦੀ ਗਿਣਤੀ ’ਚ ਜਲ ਸਪਲਾਈ ਕਾਮੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਲ ਹੋਣਗੇ – ਵਰਿੰਦਰ ਸਿੰਘ ਮੋਮੀ
ਸੁਖਜਿੰਦਰ ਮਾਨ
ਸੰਗਰੂਰ, 7 ਮਈ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਚ ਝੰਡਾ ਮਾਰਚ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਨੇ ਕਿਹਾ ਕਿ ਜਿੱਥੇ ਇਕ ਪਾਸੇ ਕੇਂਦਰ ਸਰਕਾਰ ਦੀ ਤਰ੍ਹਾਂ ‘ਆਪ’ ਦੀ ਪੰਜਾਬ ਸਰਕਾਰ ਵਲੋਂ ਵੀ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਖੂਨ ਪਸੀਨੇ ਨਾਲ ਬਣਾਏ ਸਰਕਾਰੀ ਵਿਭਾਗਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਵੇਚਣ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਇਸਦੇ ਨਾਲ ਹੀ ਕੱਚੇ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਕੰਮ ਭਾਰ ਮੁਤਾਬਿਕ ਨਵੀਆਂ ਪੋਸਟਾਂ ਕੱਢੀਆਂ ਜਾ ਰਹੀਆਂ ਹਨ, ਸਗੋ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਦੇ ਵਿਰੋਧ ਵਿਚ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀਣ ਵਾਲੇ ਪਾਣੀ ਦੀ ਪੂਰਤੀ ਲਈ ਸਥਾਪਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਨਿੱਜੀਕਰਣ/ਪੰਚਾਇਤੀਕਰਨ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਬੀਤੇ ਦਿਨ ਜਸਸ ਵਿਭਾਗ ਦੇ ਮੁਖੀ ਵਲੋਂ ਨਾਦਰਸ਼ਾਹੀ ਫਰਮਾਨ ਜਾਰੀ ਕਰਦੇ ਹੋਏ ਵਿਭਾਗ ’ਚ ਇਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀ ਅਧੀਨ ਕੰਮ ਕਰਦੇ ਵਰਕਰਾਂ ਦੇ ਡਾਟੇ ਦੀਆਂ ਐਟਰੀਆਂ ਜੋਕਿ ਆਈ.ਐਚ.ਆਰ.ਐਮ.ਐੱਸ. ਪੋਰਟਲ ਤੋਂ ਕੰਟਰੈਕਚੂਆਲ ’ਤੇ ਚੜੀਆਂ ਹੋਈਆਂ ਸਨ, ਉਨ੍ਹਾਂ ਨੂੰ ਡਲੀਟ ਕਰਵਾ ਦਿੱਤਾ ਹੈ ਅਤੇ ਵਿਭਾਗ ਦੇ ਪੱਕੇ ਕੰਮ ਕਰ ਰਹੇ ਕਾਮੇ, ਜਿਨ੍ਹਾਂ ਨੇ ਆਪਣੀ ਜਵਾਨੀ ਬਿਤਾ ਲਈ ਹੈ, ਪੰਜਾਬ ਸਰਕਾਰ ਦੇ ਅਧਿਕਾਰੀ ਇਨ੍ਹਾਂ ਕਾਮਿਆਂ ਨੂੰ ਤਜਰਬੇ ਦੇ ਅਧਾਰ ’ਤੇ ਪੱਕੇ ਕਰਵਾਉਣ ਦੀ ਹਾਮੀ ਭਰਨ ਦੀ ਬਜਾਏ ਹੁਣ ਬੇਰੁਜਗਾਰੀ ਵੱਲ ਧੱਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਕਰਨ ਯੋਗ ਨਹੀਂ ਹਨ।
ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਵੈਬਸਾਈਟ ਪੋਰਟਲ ਤੋਂ ਕੰਟਰੈਕਚੂਆਲ ਤੋਂ ਵਰਕਰਾਂ ਦੀ ਡਲੀਟ ਕੀਤੀ ਡਾਟੇ ਦੀ ਐਂਟਰੀ ਨੂੰ ਪਹਿਲਾਂ ਦੀ ਤਰ੍ਹਾਂ ਬਹਾਲ ਕੀਤੀ ਜਾਵੇ। ਵਰਕਰਾਂ ਨੂੰ ਕੰਟਰੈਕਟ ਅਧੀਨ ਲੈਣ ਲਈ ਵਿਭਾਗ ਵੱਲੋਂ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕਰਵਾਇਆ ਜਾਵੇ, ਕੁਟੇਸ਼ਨ ਸਿਸਟਮ ਬੰਦ ਕਰਨਾ, ਸਰਕਾਰ ਵੱਲੋਂ ਪ੍ਰਵਾਨਿਤ ਘੱਟੋ-ਘੱਟ ਉਜਰਤ ਦੇ ਨਿਯਮ ਮੁਤਾਬਕ ਤਨਖਾਹ ਨਿਸ਼ਚਿਤ ਕੀਤੀ ਜਾਵੇ। ਕੰਮ ਦੌਰਾਨ ਹੋਣ ਵਾਲੇ ਘਾਤਕ ਜਾਂ ਗੈਰ ਘਾਤਕ ਹਾਦਸਿਆਂ ਦੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜੇ ਦੀ ਅਦਾਇਗੀ, ਮੁਫਤ ਇਲਾਜ, ਪਰਿਵਾਰਕ ਪੈਨਸ਼ਨ ਅਤੇ ਪੱਕੇ ਰੁਜਗਾਰ ਦੀ ਮੰਗ ਨੂੰ ਲਾਗੂ ਕੀਤਾ ਜਾਵੇ। ਜਸਸ ਵਿਭਾਗ ’ਚ ਕੰਮ ਕਰਦੇ ਫੀਲਡ ਤੇ ਦਫਤਰੀ ਸਟਾਫ ’ਤੇ ਬਰਾਬਰ ਕੰਮ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕੀਤਾ ਜਾਵੇ ਆਦਿ ਮੰਗਾਂ ਦਾ ਹੱਲ ਤੁਰੰਤ ਕੀਤਾ ਜਾਵੇ ਨਹੀਂ ਤਾਂ ਸੂਬਾ ਕਮੇਟੀ ਦੇ ਫੈਸਲੇ ਤਹਿਤ 10 ਮਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਹਿੱਸਾ ਲੈਣਗੇ। ਜਦੋਕਿ ਅੱਜ ਇਥੇ ਝੰਡਾ ਮਾਰਚ ਕਰਕੇ ਆਪ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਦਾ ਹੱਲ ਕਰਨ ਦੀ ਬਜਾਏ ਠੇਕਾ ਕਾਮਿਆਂ ਦੇ ਵਿਰੋਧ ਵਿਚ ਲਏ ਜਾ ਰਹੇ ਫੈਸਿਲਆਂ ਨੂੰ ਮੋੜਾ ਦੇਣ ਲਈ ਚੱਲ ਰਹੇ ਸੰਘਰਸ਼ਾਂ ਵਿਚ ਲੋਕਾਂ ਨੂੰ ਵੀ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ (ਰਜਿ.23) ਦੇ ਪੰਜਾਬ ਪ੍ਰਧਾਨ ਸ਼ੇਰ ਸਿੰਘ ਖੰਨਾ, ਪਾਵਰਕੌਮ ਟ੍ਰਸਕੋ ਠੇਕਾ ਮੁਲਾਜਮ ਯੂਨੀਅਨ ਤੋਂ ਸਰਕਲ ਪ੍ਰਧਾਨ ਸੁਖਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ,ਵੇਰਕਾ ਮਿਲਕ ਪਲਾਂਟ ਤੋ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਪੂਰੇ ਕਰਨ ਲਈ ਗਾਰੰਟੀ ਦਿੱਤੀ ਗਈ ਸੀ ਪਰ ਹੁਣ ਜਦੋ ਆਪ ਸੱਤਾ ਵਿਚ ਆਈ ਹੈ ਤਾਂ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ, ਜਿਸਦੇ ਵਿਰੋਧ ਵਿਚ 10 ਮਈ ਦੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ। ਇਸ ਮੌਕੇ ਜਿਲ੍ਹਾ ਆਗੂ ਸਰਬਜੀਤ ਸਿੰਘ, ਨਿਰਮਲ ਸਿੰਘ,ਜੀਤ ਸਿੰਘ, ਜਗਸੀਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
Share the post "ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ 10 ਮਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਕੀਤਾ ਝੰਡਾ ਮਾਰਚ"