ਸਰਕਾਰ ਕਿਸਾਨਾਂ ਨਾਲ ਡਟਕੇ ਖ਼ੜੀ, ਦੇਵੇਗੀ ਮੁਫ਼ਤ ਸਪਰੇਹਾਂ: ਚੰਨੀ
ਸੁਖਜਿੰਦਰ ਮਾਨ
ਬਠਿੰਡਾ, 26 ਸਤੰਬਰ –ਬਠਿੰਡਾ ਪੱਟੀ ’ਚ ਗੁਲਾਬੀ ਸੁੰਡੀ ਕਾਰਨ ਤਬਾਹ ਹੋ ਰਹੀ ਨਰਮੇ ਦੀ ਫਸਲ ਦਾ ਜਾਇਜ਼ਾ ਲੈਣ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਡਟਕੇ ਖੜਣ ਦਾ ਐਲਾਨ ਕਰਦਿਆਂ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਵੀ ਇਕਜੁਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੀ ਸੌਂਪੇ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਬਠਿੰਡਾ ਪੁੱਜੇ ਮੁੱਖ ਮੰਤਰੀ ਸ: ਚੰਨੀ ਸਭ ਤੋਂ ਪਹਿਲਾਂ ਕਟਾਰ ਸਿੰਘ ਵਾਲਾ ਵਿਖੇ ਪੁੱਜੇ। ਇਸ ਮੌਕੇ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨਰਮੇ ਦੀ ਨੱਬੇ ਫੀਸਦੀ ਫਸਲ ਖ਼ਰਾਬ ਹੋ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਵਲੋਂ ਕੀਤੇ ਖਰਚੇ ਵੀ ਵਾਪਸ ਨਹੀਂ ਮੁੜਣੇ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਦਿੱਤੇ ਜਾਣ ਵਾਲੇ ਮੁਆਵਜੇ ਨੂੰ ਸਿੱਧਾ ਕਿਸਾਨਾਂ ਨੂੰ ਦੇਣ ਨਹੀਂ ਤਾਂ ਪਿਛਲੇ ਵਾਰ ਦੀ ਤਰ੍ਹਾਂ ਵਿਚੋਲੀਏ ਹੀ ਫਸਲ ਦੇ ਖਰਾਬੇ ਦਾ ਮੁਆਵਜਾ ਲੈ ਜਾਂਦੇ ਹਨ। ਇਸਤੋਂ ਬਾਅਦ ਉਨ੍ਹਾਂ ਪਿੰਡ ਨਸੀਬਪੁਰਾ ਦੇ ਖੇਤਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਦਿਲਾਸਾ ਦਿੰਦਿਆਂ ਐਲਾਨ ਕੀਤਾ ਕਿ ਵਿਸੇਸ ਗਿਰਦਾਵਰੀ ਤੋਂ ਇਲਾਵਾ ਗੁਲਾਬੀ ਸੁੰਡੀ ਦੇ ਖ਼ਾਤਮੇ ਲਈ ਮੁਫ਼ਤ ਸਪਰੇਹ ਕਿਸਾਨਾਂ ਨੂੰ ਵੰਡੀ ਜਾਵੇਗੀ। ਇਸਤੋਂ ਬਾਅਦ ਮੰਡੀ ਕਲਾਂ ਵਿਖੇ ਮਿ੍ਰਤਕ ਖੇਤੀ ਕਾਮੇ ਸੁਖਪਾਲ ਸਿੰਘ (30) ਦੇ ਘਰ ਗਏ ਅਤੇ ਉਸ ਦੇ ਵੱਡੇ ਭਰਾ ਨੱਥਾ ਸਿੰਘ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਸਨੇਹਪੂਰਨ ਕਦਮ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਨੱਥਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨ ਤਹਿਤ ਭੋਗ ਉਤੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ ਅਤੇ ਇਸ ਰਾਸ਼ੀ ਨੂੰ ਉਹ ਆਪਣੇ ਖਸਤਾ ਹਾਲ ਘਰ ਦਾ ਮੁੜ ਨਿਰਮਾਣ ਕਰਨ ਉਤੇ ਖਰਚ ਕਰ ਰਹੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ, ਦੋਵਾਂ ਨੇ ਬਠਿੰਡਾ ਜ਼ਿਲ੍ਹੇ ਦੀ ਰਾਮਪੁਰਾ ਤਹਿਸੀਲ ਦੇ ਪਿੰਡ ਚੌਕੇ ਦੇ ਸ. ਗੁਰਮੇਲ ਸਿੰਘ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਜਿਨ੍ਹਾਂ ਦੇ ਇਕਲੌਤੇ ਪੁੱਤਰ ਜਸ਼ਨਪ੍ਰੀਤ ਸਿੰਘ (18) ਦੀ ਇਸੇ ਸਾਲ 2 ਜਨਵਰੀ ਨੂੰ ਟਿਕਰੀ ਬਾਰਡਰ ਉਤੇ ਮੌਤ ਹੋ ਗਈ ਸੀ। ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਜਜ਼ਬਾਤੀ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਸੰਕਟ ਦੀ ਘੜੀ ਵਿੱਚੋਂ ਬਾਹਰ ਕੱਢਣ ਲਈ ਵਚਨਬੱਧ ਹੈ। ਸ. ਚੰਨੀ ਨੇ ਕਿਹਾ ਕਿ ਇਹ ਕਿਸਾਨਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਹਾਲ ਵਿੱਚ ਉਨ੍ਹਾਂ ਦੇ ਨਾਲ ਖੜ੍ਹੇਗੀ। ਮੁੱਖ ਮੰਤਰੀ ਸ. ਚੰਨੀ ਦੇ ਦੌਰੇ ਦੌਰਾਨ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਤੇ ਵਿਧਾਇਕ ਜਗਦੇਵ ਸਿੰਘ ਕਮਾਲੂ ਤੋਂ ਇਲਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖੁਸਬਾਜ ਸਿੰਘ ਜਟਾਣਾ, ਸੀਨੀਅਰ ਆਗੂ ਅਵਤਾਰ ਸਿੰਘ ਗੋਨਿਆਣਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ, ਸਹਿਤ ਖੇਤੀਬਾੜੀ ਵਿਭਾਗ ਦੇ ਸਕੱਤਰ ਹਰੀਸ਼ ਨਈਅਰ, ਵਿਸੇਸ ਮੁੱਖ ਸਕੱਤਰ ਸੁਮਿਤ ਜਾਰੰਗਲ, ਖੇਤੀਬਾੜੀ ਵਿਭਾਗ ਦੇ ਕਮਿਸ਼ਨਰ ਬਲਵਿੰਦਰ ਸਿੰਘ ਸਿੱਧੂ ਤੋਂ ਇਲਾਵਾ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ, ਆਈ.ਜੀ. ਬਠਿੰਡਾ ਰੇਂਜ ਜਸਕਰਨ ਸਿੰਘ, ਐਸਐਸਪੀ ਅਜੈ ਮਲੂਜਾ ਆਦਿ ਹਾਜ਼ਰ ਸਨ।