ਸ਼ਹੀਦ ਦੇ ਮਹਾਨ ਬਲੀਦਾਨ ਸਾਹਮਣੇ ਇਸ ਮਾਲੀ ਮਦਦ ਨੂੰ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਪਹਿਲਕਦਮੀ ਦੱਸਿਆ
ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਸੇਵਕ ਸਿੰਘ ਦੇ ਨਾਮ ਤੇ ਰੱਖਣ ਦਾ ਕੀਤਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ , 26 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਸਿਪਾਹੀ ਸੇਵਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਮਦਦ ਤਹਿਤ ਬੁੱਧਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਸੇਵਕ ਸਿੰਘ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਲਿਊਟ ਵੀ ਕੀਤਾ। ਸ਼ਹੀਦ ਦੇ ਜੱਦੀ ਪਿੰਡ ਵਿਖੇ ਉਸ ਦੇ ਘਰ ਪੁੱਜੇ ਮੁੱਖ ਮੰਤਰੀ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਦੇ ਪਰਿਵਾਰ ਨੂੰ ਸਤਿਕਾਰ ਵਜੋਂ ਇਕ ਕਰੋੜ ਰੁਪਏ ਦੀ ਮਾਲੀ ਮਦਦ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਸ਼ਹੀਦ ਸਿਪਾਹੀ ਸੇਵਕ ਸਿੰਘ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇਸ਼ ਤੇ ਲੋਕਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਮੁਲਕ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਕਰਨ ਲਈ ਧਰਤੀ ਮਾਂ ਦੇ ਇਸ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਨੂੰ ਸਤਿਕਾਰ ਭੇਟ ਕਰਨ ਲਈ ਸੂਬਾ ਸਰਕਾਰ ਇਹ ਨਿਮਾਣੀ ਜਿਹੀ ਪਹਿਲਕਦਮੀ ਹੈ।ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇਸੇ ਵਚਨਬੱਧਤਾ ਤਹਿਤ ਸ਼ਹੀਦ ਸਿਪਾਹੀ ਸੇਵਕ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਸ਼ਰਿਤ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ ਉਤੇ ਹਥਿਆਰਬੰਦ ਦਸਤਿਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤੀ ਇਸ ਨਿਮਾਣੀ ਜਿਹੀ ਕੋਸ਼ਿਸ਼ ਨਾਲ ਜਿੱਥੇ ਇਕ ਪਾਸੇ ਪਰਿਵਾਰ ਦਾ ਦੁੱਖ ਵੰਡਿਆ ਜਾਵੇਗਾ, ਉੱਥੇ ਦੂਜੇ ਪਾਸੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਦਸਤਿਆਂ ਵਿੱਚ ਸ਼ਾਮਲ ਹੋ ਕੇ ਭਾਰਤ ਮਾਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਹੋਣਗੇ। ਸ. ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਇਕ ਸਪੂਤ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਲਾਮਿਸਾਲ ਬਹਾਦਰੀ ਦਾ ਸਬੂਤ ਦਿੰਦਿਆਂ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਬਰਤਾਨਵੀ ਸਾਮਰਾਜ ਦੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਮੋਹਰੀ ਭੂਮਿਕਾ ਨਿਭਾਈ। ਇਸੇ ਤਰ੍ਹਾਂ ਹੁਣ ਪੰਜਾਬੀ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਸਰਹੱਦਾਂ ਉਤੇ ਵੱਡੀ ਭੂਮਿਕਾ ਨਿਭਾ ਰਹੇ ਹਨ। ਸ. ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਸਿਪਾਹੀ ਸੇਵਕ ਸਿੰਘ ਦੇ ਨਾਮ ਉਤੇ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਮੌਜੂਦ ਸਟੇਡੀਅਮ ਨੂੰ ਨਵਾਂ ਮੁਹਾਂਦਰਾ ਦਿੱਤਾ ਜਾਵੇਗਾ ਅਤੇ ਇਸ ਵਿੱਚ ਸ਼ਹੀਦ ਦਾ ਬੁੱਤ ਸਥਾਪਤ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਇਸ ਦੌਰਾਨ ਵਿਧਾਇਕ ਤਲਵੰਡੀ ਸਾਬੋ ਚੀਫ਼ ਵਿੱਪ ਪ੍ਰੋ: ਬਲਜਿੰਦਰ ਕੌਰ, ਏ.ਡੀ.ਜੀ.ਪੀ. ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ ਤੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵਿਭਾਗ ਬਰਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।
Share the post "ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਸੇਵਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਮਦਦ ਵਜੋਂ ਇਕ ਕਰੋੜ ਰੁਪਏ ਦਾ ਸੌਂਪਿਆ ਚੈੱਕ"