ਅਜਿਹੇ ਬਿਆਨ ਦੇ ਕੇ ਮੁੱਖ ਮੰਤਰੀ ਦੇਸ਼ ਵਿਰੋਧੀ ਏਜੰਸੀਆਂ ਦੇ ਹੱਥਾਂ ਵਿਚ ਖੇਡ ਰਹੇ ਹਨ : ਡਾ. ਦਲਜੀਤ ਸਿੰਘ ਚੀਮਾ
ਸੁਖਜਿੰਦਰ ਮਾਨ
ਚੰਡੀਗੜ੍ਹ, 23 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਆਖਿਆ ਕਿ ਉਹ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਲਈ ਲਗਾਤਾਰ ਵਾਪਰੀਆਂ ਭਿਆਨਕ ਘਟਨਾਵਾਂ ਲਈ ਆਪਦੇ ਸਿਆਸੀ ਵਿਰੋਧੀਆਂ ਸਿਰ ਦੋਸ਼ ਮੜ੍ਹਨ ਦੀ ਘਟੀਆ ਰਾਜਨੀਤੀ ਨਾ ਕਰਨ।ਇਕੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਦੇ ਉਸ ਬਿਆਨ ਦੀ ਜ਼ੋਰਦਾਰ ਨਿਖੇਧੀ ਜਿਸ ਵਿਚ ਉਹਨਾਂ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਲੁਧਿਆਣਾ ਬੰਬ ਧਮਾਕਾ ਉਦੋਂ ਵਾਪਰਿਆ ਜਦੋਂ ਕਾਂਗਰਸ ਸਰਕਾਰ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਕੇਸ ਦਰਜ ਕਰ ਦਿੱਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਹੁ ਗਿਰਿਆ ਹੋਇਆ ਬਿਆਨ ਦਿੱਤਾ ਹੈ।ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬੇ ਦੀ ਵਾਗਡੋਰ ਉਸ ਵਿਅਕਤੀ ਦੇ ਹੱਥ ਵਿਚ ਹੈ ਜੋ ਦੇਸ ਵਿਰੋਧੀ ਏਜੰਸੀਆਂ ਦੇ ਹੱਥਾਂ ਵਿਚ ਖੇਡ ਰਿਹਾ ਹੈ ਅਤੇ ਹਾਲ ਹੀ ਦੇ ਕੇਸਾਂ ਵਿਚ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦੀ ਜਾਂਚ ਕਰਵਾਉਣ ਤੋਂ ਇਨਕਾਰ ਕਰ ਰਿਹਾ ਹੈ ਤੇ ਆਪਣੇ ਸਿਆਸੀ ਵਿਰੋਧੀਆਂ ਨੁੰ ਘਟਨਾਵਾਂ ਲਈ ਦੋਸ਼ੀ ਠਹਿਰਾ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਸਿਰਫ ਉਹਨਾਂ ਕੌਮਾਂਤਰੀ ਏਜੰਸੀਆਂ ਦੇ ਹੱਥ ਮਜ਼ਬੂਤ ਹੋਣਗੇ ਜੋ ਅਜਿਹੇ ਅਣਮਨੁੱਖੀ ਕਾਰਿਆਂ ਦੇ ਪਿੱਛੇ ਹਨ।ਡਾ. ਚੀਮਾ ਨੇ ਕਿਹਾ ਕਿ ਅਮਨ ਕਾਨੁੰਨ ਦੀ ਵਿਵਸਥਾ ਬਣਾ ਕੇ ਰੱਖਣਾ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੈ ਅਤੇ ਸ੍ਰੀ ਚੰਨੀ ਇਸ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੁੰ ਹਾਲ ਹੀ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਲੁਧਿਆਣਾ ਬੰਬ ਧਮਾਕੇ ਦੀ ਜਾਂਚ ਵਿਚ ਤੇਜ਼ੀ ਲਿਆਉਣੀ ਚਾਹੀਦੀ ਹੈ ਨਾ ਕਿ ਇਸ ਮਾਮਲੇ ਦਾ ਸਿਆਸੀਕਰਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਦਰੁੱਸਤੀ ਨਾ ਕੀਤੀ ਅਤੇ ਇਹਨਾਂ ਕਾਰਵਾਈਆਂ ਲਈ ਜ਼ਿੰਮੇਵਾਰ ਏਜੰਸੀਆਂ ਦੀ ਸ਼ਨਾਖ਼ਤ ਨਾ ਕੀਤੀ ਤੇ ਇਹਨਾਂ ਪਿਛਲੀਆਂ ਸਾਜ਼ਿਸ਼ਾਂ ਬੇਨਕਾਬ ਨਾ ਕੀਤੀਆਂ ਤਾਂ ਪੰਜਾਬ ਤੇ ਪੰਜਾਬੀਅਤ ਨੁੰ ਇਸਦੀ ਭਾਰੀ ਕੀਮਤ ਅਦਾ ਕਰਨੀ ਪਵੇਗੀ।
Share the post "ਮੁੱਖ ਮੰਤਰੀ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਲਗਾਤਾਰ ਵਾਪਰੀਆਂ ਭਿਆਨਕ ਘਟਨਾਵਾਂ ਲਈ ਸਿਆਸੀ ਵਿਰੋਧੀਆਂ ਨੁੰ ਦੋਸ਼ੀ ਠਹਿਰਾਉਣ ਦੀ ਘਟੀਆ ਰਾਜਨੀਤੀ ਨਾ ਖੇਡਣ : ਅਕਾਲੀ ਦਲ"