ਕਿਹਾ, 284 ਪਿੰਡਾਂ ਵਿੱਚ ਲੋੋੜਵੰਦਾਂ ਨੂੰ ਮਾਲਕੀ ਹੱਕ ਦੇਣ ਲਈ ਕੀਤੀ ਗਈ ਚੋਣ
107 ਪਿੰਡਾਂ ਵਿੱਚ ਕੀਤੀ ਜਾ ਚੁੱਕੀ ਹੈ ਨਿਸ਼ਾਨਦੇਹੀ
90 ਪਿੰਡਾਂ ਵਿੱਚ ਡਰੋਨ ਸਰਵੇ ਦਾ ਕੰਮ ਹੋ ਚੁੱਕਾ ਹੈ ਮੁਕੰਮਲ
53 ਪਿੰਡਾਂ ਵਿੱਚ ਸਰਵੇ ਦਾ ਕੰਮ ਜਾਰੀ
ਸੁਖਜਿੰਦਰ ਮਾਨ
ਬਠਿੰਡਾ, 19 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਜ਼ਿਲੇ ਅੰਦਰ 284 ਪਿੰਡਾਂ ਵਿੱਚ ਲੋੜਵੰਦਾਂ ਨੂੰ ਮਾਲਕੀ ਹੱਕ ਦੇਣ ਲਈ ਚੋਣ ਕੀਤੀ ਗਈ ਹੈ। ਇਸ ਤਹਿਤ ਜ਼ਿਲੇ ਅੰਦਰ ਹੁਣ ਤੱਕ 107 ਪਿੰਡਾਂ ਵਿੱਚ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 90 ਪਿੰਡਾਂ ਵਿੱਚ ਡਰੋਨ ਰਾਹੀਂ ਸਰਵੇ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 53 ਪਿੰਡਾਂ ਵਿੱਚ ਡਰੋਨ ਸਰਵੇ ਦਾ ਕੰਮ ਚੱਲ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨਾਂ ਸਬੰਧਿਤ ਅਧਿਕਾਰੀਆਂ ਨੂੰ ਇਸ ਸਕੀਮ ਤਹਿਤ ਕੀਤੇ ਜਾ ਰਹੇ ਸਰਵੇਖਣ ਵਿੱਚ ਹੋਰ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ।
ਇਸ ਦੌਰਾਨ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਘੇਰੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਤਹਿਤ ਨਿਸ਼ਾਨਦੇਹੀ ਕਰਾਉਣ ਉਪਰੰਤ ਡਰੋਨ ਸਰਵੇ ਕਰਵਾਇਆ ਜਾਂਦਾ ਹੈ। ਇਸ ਤੋਂ ਬਾਅਦ ਬਣਨ ਵਾਲੇ ਨਕਸ਼ਿਆਂ ਦੇ ਆਧਾਰ ‘ਤੇ ਡੋਰ ਟੂ ਡੋਰ ਸਰਵੇਖਣ ਕਰਵਾਇਆ ਜਾਂਦਾ ਹੈ। ਉਨਾਂ ਇਹ ਵੀ ਦੱਸਿਆ ਕਿ ਇਸ ਉਪਰੰਤ 15 ਦਿਨਾਂ ਲਈ ਜਨਤਕ ਤੌਰ ‘ਤੇ ਇਤਰਾਜ਼ ਮੰਗੇ ਜਾਂਦੇ ਹਨ ਅਤੇ ਇਹ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਘਰਾਂ ਦੇ ਮਾਲਕਾਂ ਨੂੰ ਸਰਟੀਫਿਕੇਟ ਦੇ ਕੇ ਮਾਲਕਾਨਾ ਹੱਕ ਦਿੱਤੇ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੇ ਸਮੂਹ ਪਿੰਡਾਂ ਵਿੱਚ ਇਸ ਸਕੀਮ ਨੂੰ ਲਾਗੂ ਕੀਤਾ ਜਾਵੇਗਾ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਕੋਈ ਸਬੰਧਿਤ ਅਧਿਕਾਰੀ ਮਾਲਕਾਨਾ ਹੱਕ ਮੁਹੱਈਆ ਕਰਵਾਉਣ ਸਬੰਧੀ ਪਿੰਡਾਂ ਵਿੱਚ ਵੱਖ-ਵੱਖ ਵੇਰਵੇ ਪ੍ਰਾਪਤ ਕਰਨ ਲਈ ਆਉਂਦਾ ਹੈ ਤਾਂ ਉਸ ਅਧਿਕਾਰੀ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਦੀ “ਮੇਰਾ ਘਰ ਮੇਰੇ ਨਾਮ” ਸਕੀਮ ਦਾ ਉਦੇਸ਼ ਪਿੰਡ ਵਾਸੀਆਂ ਨੂੰ ਲਾਲ ਲਕੀਰ ਅਧੀਨ ਆਉਂਦੇ ਘਰਾਂ ਦੇ ਮਾਲਕਾਨਾ ਹੱਕ ਦੇਣਾ ਹੈ ਅਤੇ ਇਸ ਸਬੰਧੀ ਦਿੱਤੇ ਗਏ ਸਰਟੀਫਿਕੇਟ ਦੇ ਆਧਾਰ ‘ਤੇ ਘਰਾਂ ਦੇ ਮਾਲਕ ਆਪਣੇ ਨਾਮ ‘ਤੇ ਰਜਿਸਟਰੀ ਅਤੇ ਬੈਂਕਾਂ ਨਾਲ ਸਬੰਧਿਤ ਹੋਰ ਕੰਮ-ਕਾਜ ਵੀ ਕਰਵਾ ਸਕਦੇ ਹਨ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਅੰਦਰ ਨਵੇਂ ਬਣਨ ਵਾਲੇ ਕੌਮੀ ਮਹਾਂਮਾਰਗਾਂ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ ਮਸਲਿਆਂ ਅਤੇ ਰੇਲਵੇ ਪ੍ਰੋਜੈਕਟਾਂ ਸਬੰਧੀ ਵੀ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ। ਉਨਾਂ ਮੁਆਵਜ਼ੇ ਸਬੰਧੀ ਮਸਲਿਆਂ ਦਾ ਜਲਦੀ ਹੱਲ ਕਰਨ ਦੇ ਵੀ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸਿੰਘ ਬਾਜਵਾ, ਉਪ-ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀ ਆਕਾਸ਼ ਬਾਂਸਲ, ਉਪ-ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਕੰਵਲਜੀਤ ਸਿੰਘ, ਉਪ-ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀਮਤੀ ਵੀਰਪਾਲ ਕੌਰ, ਜ਼ਿਲਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ ਰਾਣੀ ਤੋਂ ਇਲਾਵਾ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਆਦਿ ਹਾਜ਼ਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸਿੰਘ ਬਾਜਵਾ, ਉਪ-ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀ ਆਕਾਸ਼ ਬਾਂਸਲ, ਉਪ-ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਕੰਵਲਜੀਤ ਸਿੰਘ, ਉਪ-ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀਮਤੀ ਵੀਰਪਾਲ ਕੌਰ, ਜ਼ਿਲਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ ਰਾਣੀ ਤੋਂ ਇਲਾਵਾ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਆਦਿ ਹਾਜ਼ਰ ਸਨ।
Share the post "“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਕੀਤੇ ਜਾ ਰਹੇ ਸਰਵੇ ਵਿੱਚ ਲਿਆਂਦੀ ਜਾਵੇ ਤੇਜੀ : ਡਿਪਟੀ ਕਮਿਸ਼ਨਰ"