ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵਿਕਾਸ ਲਈ ਵਿਧਾਇਕਾਂ ਵੱਲੋਂ ਨਹੀਂ ਨਿਭਾਈ ਕੋਈ ਜ਼ਿੰਮੇਵਾਰੀ
ਸੁਖਜਿੰਦਰ ਮਾਨ
ਬਠਿੰਡਾ 10 ਨਵੰਬਰ:-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਪ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੱਲੋਂ ਅਸਤੀਫ਼ਾ ਦੇ ਫੈਸਲੇ ਨੂੰ ਬਠਿੰਡਾ ਦਿਹਾਤੀ ਹਲਕੇ ਦੇ ਵੋਟਰਾਂ ਨਾਲ ਧੋਖਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਉਮੀਦਵਾਰ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਨੇ ਤਿੱਖਾ “ਤੰਜ਼” ਕੱਸਿਆ ਹੈ।ਸ: ਭੱਟੀ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵੋਟਰਾਂ ਨੇ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੂੰ ਵੱਡਾ ਮਾਣ ਸਨਮਾਨ ਬਖਸ਼ਿਆ ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਵਿਧਾਇਕ ਬਣਨ ਤੋਂ ਬਾਅਦ ਵਿਧਾਇਕਾ ਨੇ ਸਰਕਾਰੀ ਸਹੂਲਤਾਂ ਦਾ ਤਾਂ ਪੂਰਾ ਆਨੰਦ ਮਾਣਿਆ ਪਰ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵੋਟਰਾਂ ਅਤੇ ਇਲਾਕੇ ਦੇ ਵਿਕਾਸ ਲਈ ਕੋਈ ਜ਼ਿੰਮੇਵਾਰੀ ਨਹੀਂ ਨਿਭਾਈ ਅਤੇ ਹੁਣ ਨਿੱਜੀ ਲਾਭ ਲੈਣ ਲਈ ਪਾਰਟੀ ਨੂੰ ਅਲਵਿਦਾ ਕਹਿਣਾ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਸਮੂਹ ਵੋਟਰਾਂ ਨਾਲ ਧੋਖਾ ਹੈ, ਜਿਸ ਲਈ ਹਲਕੇ ਦੇ ਸਮੂਹ ਵੋਟਰ ਅਤੇ ਆਪ ਦੇ ਸਪੋਟਰ ਕਦੇ ਵੀ ਉਸ ਨੂੰ ਮੁਆਫ਼ ਨਹੀਂ ਕਰਨਗੇ । ਉਨ੍ਹਾਂ ਕਿਹਾ ਕਿ ਜਿੱਤਣ ਤੋਂ ਬਾਅਦ ਵਿਧਾਇਕ ਦੀ ਆਪਣੇ ਹਲਕੇ ਪ੍ਰਤੀ ਜ਼ਿੰਮੇਵਾਰੀ ਬਣਦੀ ਸੀ ਪਰ ਕਦੇ ਵੀ ਲੋਕਾਂ ਲਈ ਸਰਕਾਰ ਦੀਆਂ ਸਹੂਲਤਾਂ ਦਿਵਾਉਣ ਲਈ ਆਵਾਜ਼ ਨਹੀਂ ਉਠਾਈ, ਕਦੇ ਵੀ ਸਾਫ਼ ਪੀਣ ਵਾਲਾ ਪਾਣੀ, ਨਹਿਰੀ ਪਾਣੀ, ਬਿਜਲੀ ਦੇ ਪ੍ਰਬੰਧ, ਸਕੂਲਾਂ ਵਿੱਚ ਉੱਚ ਸਿੱਖਿਆ ਸਮੇਤ ਪਡ਼੍ਹਾਈ ਦੇ ਵਧੀਆ ਪ੍ਰਬੰਧ, ਸਿਹਤ ਸਹੂਲਤਾਂ ਪ੍ਰਤੀ ਅਵਾਜ਼ ਨਹੀਂ ਉਠਾਈ, ਇੱਥੋਂ ਤਕ ਕਿ ਵਿਧਾਨ ਸਭਾ ਵਿੱਚ ਵੀ ਕਦੇ ਵੀ ਹਲਕੇ ਦੀ ਗੱਲ ਨਹੀਂ ਕੀਤੀ ,ਜੋ ਸਮੂਹ ਵੋਟਰਾਂ ਨਾਲ ਵੱਡਾ ਧੋਖਾ ਹੈ ।ਉਨ੍ਹਾਂ ਕਿਹਾ ਕਿ ਕਿਸੇ ਵੀ ਵਿਧਾਇਕ ਲਈ ਜਿੱਤਣ ਤੋਂ ਬਾਅਦ ਉਸ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਦੁੱਖ ਸੁੱਖ ਸਮੇਤ ਹਰ ਪ੍ਰੋਗਰਾਮ ਵਿਚ ਸਹੂਲਤ ਵਿੱਚ ਸ਼ਮੂਲੀਅਤ ਕਰੇ ਪਰ ਪ੍ਰੋਫ਼ੈਸਰ ਵਿਧਾਇਕਾਂ ਵੱਲੋਂ ਕਦੇ ਵੀ ਹਲਕੇ ਦੇ ਵੋਟਰਾਂ ਦੀ ਸਾਰ ਨਾ ਲੈਣਾ ਕਈ ਸਵਾਲ ਖੜ੍ਹੇ ਕਰਦਾ ਹੈ। ਸਾਬਕਾ ਵਿਧਾਇਕ ਨੇ ਆਮ ਆਦਮੀ ਪਾਰਟੀ ਦੇ ਸਮੂਹ ਵੋਟਰਾਂ ਅਤੇ ਲੀਡਰਸ਼ਿਪ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਅਤੇ ਵਿਸ਼ਵਾਸ ਦਿਵਾਇਆ ਕਿ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ ਤੇ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ । ਇਸ ਮੌਕੇ ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਕਾਂਗਰਸ ਦੇ ਨੁਮਾਇੰਦਿਆਂ ਵੱਲੋਂ ਵੀ ਇਸ ਹਲਕੇ ਦੀ ਕਦੇ ਸਾਰ ਨਹੀਂ ਲਈ ਤੇ ਨਾ ਹੀ ਇਸ ਇਲਾਕੇ ਦੇ ਵਿਕਾਸ ਲਈ ਬਣਦੀ ਜ਼ਿੰਮੇਵਾਰੀ ਨਿਭਾਈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਅਤੇ ਵਿਰੋਧੀ ਧਿਰ ਵੱਲੋਂ ਇਸ ਹਲਕੇ ਨੂੰ ਲਾਵਾਰਸ ਕਰਕੇ ਰੱਖ ਦਿੱਤਾ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਇਲਾਕੇ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਅਤੇਇਸ ਇਲਾਕੇ ਵਿੱਚ ਵੱਡੀਆਂ ਯੂਨੀਵਰਸਿਟੀਆਂ ਸਪੋਰਟਸ ਸਕੂਲ ਅਤੇ ਏਮਜ਼ ਹਸਪਤਾਲ ਵਰਗੇ ਵੱਡੇ ਪ੍ਰਾਜੈਕਟ ਲਿਆਂਦੇ ਗਏ ਜਿਸ ਕਰਕੇ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਚਾਹੁੰਦੇ ਹਨ।