ਸੁਖਜਿੰਦਰ ਮਾਨ
ਬਠਿੰਡਾ 29 ਅਗਸਤ:-ਵਪਾਰ ਮੰਡਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਮੁੱਖ ਸਮਾਜ ਸੇਵੀ ਅਮਰਜੀਤ ਮਹਿਤਾ ਅੱਜ ਸ਼ਹਿਰ ਦੇ ਵੱਖ ਵੱਖ ਮੰਦਰਾਂ ਵਿਚ ਪਹੁੰਚੇ ਤੇ ਉਨ੍ਹਾਂ ਜਨਮ ਅਸ਼ਟਮੀ ਦੇ ਸ਼ੁਭ ਦਿਹਾੜੇ ਤੇ ਮੱਥਾ ਟੇਕਿਆ ਅਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਪੰਜਾਬ ਹਿਤੈਸ਼ੀ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਆਓ ਜਨਮ ਅਸ਼ਟਮੀ ਦੇ ਸ਼ੁਭ ਦਿਹਾੜੇ ਤੇ ਨਸ਼ਿਆਂ ਖ਼ਿਲਾਫ਼ ਲਹਿਰ ਖੜ੍ਹੀ ਕਰੀਏ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਅਮਰਜੀਤ ਮਹਿਤਾ ਨੇ ਕਿਹਾ ਕਿ ਜ਼ਿਲ੍ਹਾ ਬਠਿੰਡਾ ਵਿੱਚ ਨਸ਼ਿਆਂ ਨਾਲ 5 ਨੌਜਵਾਨਾਂ ਦੀ ਮੌਤ ਚਿੰਤਾ ਦਾ ਵਿਸ਼ਾ ਹੈ, ਪਰਿਵਾਰਕ ਮੈਂਬਰਾਂ ਵੱਲੋਂ ਸ਼ਰ੍ਹੇਆਮ ਕਈ ਜਗ੍ਹਾ ਤੇ ਵਿਕਦੇ ਨਸ਼ੇ ਦਾ ਖੁਲਾਸਾ ਕੀਤਾ ਜਾ ਰਿਹਾ ਹੈ, ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਅਤੇ ਮੌਜੂਦਾ ਵਿਧਾਇਕ ਇਸ ਮਸਲੇ ਤੇ ਪੂਰੀ ਤਰ੍ਹਾਂ ਚੁੱਪ ਹਨ, ਜਦੋਂ ਕਿ ਉਨ੍ਹਾਂ ਨੂੰ 5 ਨੌਜਵਾਨਾਂ ਦੀ ਮੌਤ ਤੇ “ਕੁਰਲਾ ਉੱਠਣਾ” ਚਾਹੀਦਾ ਸੀ ਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਸੀ ਤਾਂ ਜੋ ਨਸ਼ਾ ਸਮੱਗਲਰਾਂ ਨੂੰ ਜੇਲ੍ਹਾਂ ਪਿੱਛੇ ਧੱਕਿਆ ਜਾ ਸਕੇ,ਪਰ ਅਫਸੋਸ ਸਰਕਾਰ ਦੀ ਕਾਰਗੁਜ਼ਾਰੀ “ਜ਼ੀਰੋ” ਹੈ । ਉਨ੍ਹਾਂ ਕਿਹਾ ਕਿ ਉਹ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨਾਲ ਵੀ ਸੰਪਰਕ ਕਰਨਗੇ ਦੁੱਖ ਪ੍ਰਗਟ ਕੀਤਾ ਜਾਵੇਗਾ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਕੋਸ਼ਿਸ਼ ਕਰਾਂਗੇ । ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਨਸ਼ਿਆਂ ਖ਼ਿਲਾਫ਼ ਇੱਕ ਲਹਿਰ ਖੜ੍ਹੀ ਕੀਤੀ ਜਾਵੇਗੀ ਜਿਸ ਦੀ ਅਗਵਾਈ ਉਹ ਖੁਦ ਕਰਨਗੇ ਤਾਂ ਜੋ ਨਸ਼ਾ ਸਮੱਗਲਰਾਂ ਦਾ ਖਾਤਮਾ ਕੀਤਾ ਜਾ ਸਕੇ, ਇਸ ਲਈ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ, ਵੱਖ ਵੱਖ ਰਾਜਨੀਤਕ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਸ਼ਹਿਰੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ।ਜਨਮ ਅਸ਼ਟਮੀ ਦੇ ਸ਼ੁਭ ਦਿਹਾਡ਼ੇ ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀ ਕੀਤੀ ਸਜਾਵਟ ਤੇ ਵਧਾਈ ਦਿੰਦਿਆਂ ਕਿਹਾ ਕਿ ਚੰਗਾ ਹੁੰਦਾ ਇਸ ਤਰ੍ਹਾਂ ਦੇ ਪ੍ਰਬੰਧ ਹਰ ਧਰਮ ਦੇ ਹਰ ਤਿਉਹਾਰ ਮੌਕੇ ਕੀਤੇ ਜਾਣ ਤਾਂ ਜੋ ਅੱਜ ਦੀ ਨੌਜਵਾਨ ਪੀਡ਼੍ਹੀ ਅਤੇ ਬੱਚਿਆਂ ਨੂੰ ਪੰਜਾਬ ਦੇ ਸੱਭਿਆਚਾਰ ਅਤੇ ਹਰ ਧਰਮ ਪ੍ਰਤੀ ਜਾਣਕਾਰੀ ਮਿਲ ਸਕੇ ।