ਤਰਨਤਾਰਨ: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਤੇ ਇੰਲਜ਼ਾਮ ਲੱਗਾਇਆ ਸੀ ਕਿ ਉਸਦੇ ਸਕੇ ਭਤੀਜੇ ਤੋਂ ਪਾਕਿਸਤਾਨੀ ਡ੍ਰੋਨ ਤੇ 1 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਫੜੀ ਗਈ ਸੀ। ਜਿਸ ਨੂੰ ਲੈ ਕੇ ਅਕਾਲੀ ਦਲ ਵੱਲੋਂ ਮੌਜੂਦਾ ਪੰਜਾਬ ਸਰਕਾਰ ਤੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ। ਹੁਣ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਖੁਦ ਇਸ ਗੱਲ ਦਾ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਵੱਲੋਂ ਇਸ ਨੂੰ ਸਾਫ਼ ਤੌਰ ਤੇ ਇਕ ਸਿਆਸੀ ਸਾਜਿਸ਼ ਦੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਫੜ੍ਹੇ ਗਏ ਕਥਿਤ ਵਿਅਕਤੀ ਨਾਲ ਉਨ੍ਹਾਂ ਕੋਈ ਸਬੰਧ ਨਹੀਂ ਹੈ।
ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਵੱਲੋਂ ਵਾਰ-ਵਾਰ ਦਾਅਵਾ ਕੀਤਾ ਜਾ ਰਿਹਾ ਹੈ ਕਿ ‘ਆਪ’ ਵਿਧਾਇਕ ਨਸ਼ਾ ਤਸਕਰਾਂ ਨਾਲ ਹੱਥ ਮਿਲਾ ਰਹੇ ਹਨ ਅਤੇ ਇੱਥੋਂ ਤੱਕ ਕਿ ਸੂਬਾ ਪੁਲਿਸ ‘ਤੇ ਡਰੱਗ ਮਾਫੀਆ ਵਿਰੁੱਧ ਕਾਰਵਾਈ ਨਾ ਕਰਨ ਲਈ ਦਬਾਅ ਪਾ ਰਹੇ ਹਨ। ਮੁੱਖ ਮੰਤਰੀ ਗ੍ਰਹਿ ਮੰਤਰੀ ਵਜੋਂ ਡਰੱਗ ਮਾਫੀਆ ‘ਤੇ ਲਗਾਮ ਲਗਾਉਣ ‘ਚ ਨਾਕਾਮ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਕੇਂਦਰੀ ਏਜੰਸੀਆਂ ਅਤੇ ਰਾਜ ਦੇ ਰਾਜਪਾਲ – ਸਭ ਨੇ ਮੰਨਿਆ ਹੈ ਕਿ ‘ਆਪ’ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਤਸਕਰੀ ਵਧੀ ਹੈ। ਸੁਖਬੀਰ ਬਾਦਲ ਨੇ CM ਮਾਨ ਦੇ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ।