ਮੀਡੀਆ ਆਮ ਲੋਕਾਂ ਨੂੰ ਸਹੀ ਤੇ ਤੱਥਾਂ ਆਧਾਰਿਤ ਜਾਣਕਾਰੀ ਕਰਵਾਏ ਮੁਹੱਈਆ
ਸੁਖਜਿੰਦਰ ਮਾਨ
ਬਠਿੰਡਾ, 24 ਦਸੰਬਰ: ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਹੁਣ ਤੱਕ ਦੀਆਂ ਹਰ ਤਰ੍ਹਾਂ ਦੀਆਂ ਅਗਾਂਊ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ਅੰਦਰ ਚੋਣਾਂ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਡਰ-ਭੈਅ ਦੇ ਨੇਪਰੇ ਚੜ੍ਹਾਈਆਂ ਜਾਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ’ਚ ਚੋਣਾਂ ਦੌਰਾਨ ਮੀਡੀਆ ਦੀ ਭੂਮਿਕਾ ਸਬੰਧੀ ਕਰਵਾਈ ਗਈ ਵਿਸ਼ੇਸ਼ ਬੈਠਕ ਦੌਰਾਨ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 20 ਦਸੰਬਰ 2021 ਤੱਕ ਵੋਟਾਂ ਦੀ ਸਰਸਰੀ ਸੁਧਾਈ ਅਨੁਸਾਰ ਕੁੱਲ 1056572 ਵੋਟਰ ਹਨ, ਜਿਨ੍ਹਾਂ ਵਿਚੋਂ ਮਰਦ 557247, ਔਰਤਾਂ 499302 ਅਤੇ ਥਰਡ ਜੈਂਡਰ 23 ਵੋਟਰ ਹਨ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ (90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ.), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ (ਅ.ਜ.), 94-ਤਲਵੰਡੀ ਸਾਬੋ ਤੇ 95-ਮੋੜ) ਲਈ ਜ਼ਿਲ੍ਹੇ ਅੰਦਰ ਕੁੱਲ 1192 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿਚੋਂ ਸ਼ਹਿਰੀ 408 ਅਤੇ ਦਿਹਾਤੀ 784 ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕੁੱਲ ਪੋਲਿੰਗ ਸਟੇਸ਼ਨਾਂ ਦੀਆਂ ਥਾਵਾਂ 579 ਹਨ ਜਿਨ੍ਹਾਂ ਵਿਚੋਂ ਸ਼ਹਿਰੀ 145 ਅਤੇ ਪੇਂਡੂ 434 ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ, ਤਨਦੇਹੀ, ਜਿੰਮੇਵਾਰੀ ਅਤੇ ਤੱਥਾਂ ਆਧਾਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੀਡੀਆ ਕਰਮੀਆਂ ਨੂੰ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਸੁਰੱਖਿਆ ਦੇ ਪੱਖੋਂ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਨਹੀਂ ਵਰਤੀ ਜਾਵੇਗੀ। ਸੁਰੱਖਿਆ ਦੇ ਮੱਦੇਨਜ਼ਰ 35 ਕੰਪਨੀਆਂ ਦੀ ਮੰਗ ਕੀਤੀ ਗਈ ਹੈ, ਲੋੜ ਪੈਣ ਤੇ ਹਲਾਤਾ ਮੁਤਾਬਿਕ ਹੋਰ ਵੀ ਵਧਾਈ ਜਾ ਸਕੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਪਾਲ ਸਿੰਘ ਬਾਜਵਾ, ਐਸਡੀਐਮ-ਕਮ-ਆਰ.ਓ ਤਲਵੰਡੀ ਸਾਬੋ ਅਕਾਸ਼ ਬਾਂਸਲ, ਐਸਡੀਐਮ-ਕਮ-ਆਰ.ਓ ਬਠਿੰਡਾ ਸ਼ਹਿਰੀ ਕੰਵਰਜੀਤ ਸਿੰਘ, ਬਠਿੰਡਾ ਦਿਹਾਤੀ ਆਰ.ਓ ਡਾ. ਆਰ.ਪੀ. ਸਿੰਘ, ਐਸਡੀਐਮ-ਕਮ-ਆਰ.ਓ ਰਾਮਪੁਰਾ ਫੂਲ ਨਵਦੀਪ ਕੁਮਾਰ, ਆਰਟੀਏ-ਕਮ-ਆਰ.ਓ ਭੁੱਚੋਂ ਬਲਵਿੰਦਰ ਸਿੰਘ, ਐਸਪੀ ਰਾਜਵੀਰ ਸਿੰਘ ਬੋਪਾਰਾਏ, ਤਹਿਸੀਲਦਾਰ ਚੋਣਾਂ ਗੁਰਚਰਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸ ਸਿੰਘ ਤੇ ਗੁਰਦੀਪ ਸਿੰਘ ਮਾਨ ਤੋਂ ਇਲਾਵਾ ਪਿ੍ਰੰਟ ਅਤੇ ਇਲੈਕਟ੍ਰਾਨਿਕ ਮੀਡੀਆਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਵਿਧਾਨ ਸਭਾ ਚੋਣਾਂ ਸਬੰਧੀ ਹਰ ਤਰ੍ਹਾਂ ਦੀਆਂ ਅਗਾਂਊ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ"