ਮੁੱਖ ਮੰਤਰੀ ਦੇ ਬਿਆਨਾਂ ਨਾਲ ਪੰਜਾਬ ਦਾ ਦਾਅਵਾ ਹੋ ਰਿਹੈ ਕਮਜ਼ੋਰ -ਮਲੂਕਾ
ਸੁਖਜਿੰਦਰ ਮਾਨ
ਬਠਿੰਡਾ, 10 ਜੁਲਾਈ – ਪਿਛਲੇ ਕੁਝ ਸਮੇਂ ਤੋਂ ਚੰਡੀਗੜ੍ਹ ਬਾਰੇ ਵੱਖ ਵੱਖ ਮੁੱਦਿਆਂ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਤੋਂ ਸੁਖਾਲਿਆਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਜਾਂ ਤਾਂ ਆਮ ਆਦਮੀ ਪਾਰਟੀ ਭਾਰਤੀ ਜਨਤਾ ਪਾਰਟੀ ਦੇ ਏਜੰਡੇ ਨੂੰ ਅੱਗੇ ਵਧਾ ਰਹੀ ਹੈ ਤੇ ਜਾਂ ਫਿਰ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੇ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦਾ ਸੂਬੇ ਤੇ ਪੈਣ ਵਾਲੇ ਨਾਕਾਰਤਮਕ ਅਸਰ ਦਾ ਅੰਦਾਜ਼ਾ ਹੀ ਨਹੀਂ ਹੈ l ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਜ਼ਿਲ੍ਹਾ ਜਥੇਦਾਰ ਬਲਕਾਰ ਸਿੰਘ ਬਰਾੜ ਤੋਂ ਇਲਾਵਾ ਸਮੁੱਚੀ ਜ਼ਿਲ੍ਹਾ ਜਥੇਬੰਦੀ ਨੇ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਲਈ ਜ਼ਮੀਨ ਮੰਗੇ ਜਾਣ ਦੇ ਬਿਆਨਾਂ ਦਾ ਵਿਰੋਧ ਕਰਦਿਆਂ ਲਗਾਏ l ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਦੀ ਵੰਡ ਤੋਂ ਬਾਅਦ ਚੰਡੀਗੜ੍ਹ ਨੂੰ ਆਰਜ਼ੀ ਤੌਰ ਤੇ ਯੂ ਟੀ ਦਾ ਦਰਜਾ ਦਿੱਤਾ ਗਿਆ ਸੀ ਤੇ ਇਸ ਤੋਂ ਇਲਾਵਾ ਚੰਡੀਗੜ੍ਹ ਆਰਜ਼ੀ ਤੌਰ ਤੇ ਹਰਿਆਣਾ ਦੀ ਰਾਜਧਾਨੀ ਬਣਾਈ ਗਈ ਤਾਂ ਜੋ ਆਉਣ ਵਾਲੇ ਸਮੇਂ ਵਿਚ ਹਰਿਆਣਾ ਆਪਣੀ ਵੱਖਰੀ ਰਾਜਧਾਨੀ ਬਣਾ ਸਕੇ l ਪੰਜਾਬ ਲਈ ਚੰਡੀਗਡ਼੍ਹ ਹਮੇਸ਼ਾ ਹੀ ਅਹਿਮ ਮੁੱਦਾ ਰਿਹਾ ਹੈ ਤੇ ਜਿਸ ਲਈ ਉਹ ਲਗਾਤਾਰ ਸੰਘਰਸ਼ ਕਰਦਾ ਆ ਰਿਹਾ ਹੈ l ਸਾਡੇ ਸੂਬੇ ਕੋਲ ਆਪਣੀ ਰਾਜਧਾਨੀ ਆਪਣੀ ਵਿਧਾਨ ਸਭਾ ਅਤੇ ਆਪਣੀ ਹਾਈ ਕੋਰਟ ਹੈ l ਮੁੱਖ ਮੰਤਰੀ ਵੱਲੋਂ ਵੱਖਰੀ ਵਿਧਾਨ ਸਭਾ ਲਈ ਕੇਂਦਰ ਸਰਕਾਰ ਤੋਂ ਜ਼ਮੀਨ ਮੰਗੇ ਜਾਣ ਨਾਲ ਪੰਜਾਬ ਦਾ ਦਾਅਵਾ ਕਮਜ਼ੋਰ ਹੋ ਸਕਦਾ ਹੈ l ਇਸ ਤੋਂ ਪਹਿਲਾਂ ਨਿਊ ਚੰਡੀਗੜ੍ਹ ਵਿਖੇ ਪੰਜਾਬ ਲਈ ਨਵੀਂ ਹਾਈਕੋਰਟ ਦੀ ਮੰਗ ਕਰਕੇ ਮੁੱਖ ਮੰਤਰੀ ਨੇ ਭਾਜਪਾ ਦੇ ਏਜੰਡੇ ਨੂੰ ਅੱਗੇ ਵਧਾਇਆ ਹੈ l ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਦੀ ਸੰਵਿਧਾਨਕ ਸਹੁੰ ਖਾ ਕੇ ਅਹੁਦਾ ਸੰਭਾਲਣ ਵਾਲੇ ਮੁੱਖ ਮੰਤਰੀ ਸੂਬੇ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰ ਹਰਿਆਣਾ ਸਰਕਾਰ ਨੂੰ ਆਪਣਾ ਏਜੰਡਾ ਅੱਗੇ ਵਧਾਉਣ ਵਿੱਚ ਮਦਦ ਕਰ ਰਹੇ ਹਨ l ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਈ ਦਹਾਕਿਆਂ ਤੋਂ ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ ਲਈ ਸੰਘਰਸ਼ ਕਰ ਰਹੀ ਹੈ l ਸ਼੍ਰੋਮਣੀ ਅਕਾਲੀ ਦਲ ਕੇਂਦਰ ਅਤੇ ਆਮ ਆਦਮੀ ਪਾਰਟੀ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ l ਮੁੱਖ ਮੰਤਰੀ ਨੂੰ ਤੁਰੰਤ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ ਤੇ ਸਮੂਹ ਪੰਜਾਬ ਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ l
ਵਿਧਾਨ ਸਭਾ ਬਾਰੇ ਮੁੱਖ ਮੰਤਰੀ ਦੇ ਬਿਆਨ ਤੇ ਅਕਾਲੀ ਦਲ ਨੇ ਚੁੱਕੇ ਸਵਾਲ
8 Views