ਅਗਲੇਰੀ ਕਾਰਵਾਈ ਲਈ ਮੁੜ ਪਾਰਟੀ ਪ੍ਰਧਾਨ ਨੂੰ ਅਧਿਕਾਰ ਸੌਂਪੇ
ਸੁਖਬੀਰ ਸਿੰਘ ਬਾਦਲ ਸਿੱਖਾਂ, ਪੰਜਾਬੀ ਬੁੱਧੀਜੀਵੀਆਂ ਤੇ ਪ੍ਰੋਫੈਸ਼ਨਲਾਂ ਤੋਂ ਰਾਇ ਲੈਣਗੇ
ਅਕਾਲੀ ਦਲ ਨੇ ਐਮ ਐਸ ਪੀ ਬਾਰੇ ਕਮੇਟੀ ਕੀਤੀ ਰੱਦ
ਸਿਮਰਨਜੀਤ ਸਿੰਘ ਮਾਨ ਦੀਆਂ ਸ਼ਹੀਦ ਏ ਆਜ਼ਮ ਭਗਤ ਸਿੰਘ ਬਾਰੇ ਟਿੱਪਣੀਆਂ ਕੀਤੀਆਂ ਰੱਦ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 27 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਪਾਰਟੀ ਨੂੰ ਮੁੜ ਪੈਰਾਂ ਸਿਰ ਕਰਨ ਲਈ ਝੂੰਦਾਂ ਕਮੇਟੀ ਦੀ ਰਿਪੋਰਟ ਦੀਆਂ ਸਿਫਾਰਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਲਿਆ ਹੈ। ਹਾਲਾਂਕਿ ਇਸ ਕਮੇਟੀ ਦੇ ਮਾਮਲੇ ’ਚ ਅਗਲੇਰੀ ਕਾਰਵਾਈ ਦੇ ਅਧਿਕਾਰ ਮੁੜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੋਂਪ ਦਿੱਤੇ ਹਨ। ਗੌਰਤਲਬ ਹੈ ਕਿ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਇਸ ਕਮੇਟੀ ਨੂੰ ਸੌਂਪੀ ਸੀ। ਦਸਣਾ ਬਣਦਾ ਹੈ ਕਿ ਕਮੇਟੀ ਦੀ ਰਿਪੋਰਟ ਮੁਤਾਬਕ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਉਧਰ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਚੋਣ ਸਮੀਖਿਆ ਕਮੇਟੀ ਦੀ ਰਿਪੋਰਟ ਵਿਚ ਪਾਰਟੀ ਦੀ ਪ੍ਰਾਪਤੀ ਤੇ ਕਮਜ਼ੋਰੀਆਂ ਦਾ ਜ਼ਿਕਰ ਕੀਤਾ ਗਿਆ ਹੈ ਤੇ ਨਾਲ ਹੀ ਪਾਰਟੀ ਨੁੰ ਦਰਪੇਸ਼ ਚੁਣੌਤੀਆਂ ਤੇ ਮੌਕਿਆਂ ਦੀ ਗੱਲ ਕੀਤੀ ਗਈ ਹੈ। ਸ: ਭੂੰਦੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਨੇ ਇਸ ਕਮੇਟੀ ਦਾ ਗਠਨ ਪਾਰਟੀ ਦੀ ਹਾਰ ਦੇ ਕਾਰਨਾਂ ਦੀ ਪੜਚੋਲ ਵਾਸਤੇ ਸੰਜੀਦਗੀ ਨਾਲ ਕੰਮ ਕਰਨ ਵਾਸਤੇ ਕੀਤਾ ਸੀ।
ਉਨ੍ਹਾਂ ਕਿਹਾ ਕਿ ਝੂੰਦਾ ਕਮੇਟੀ ਦੀਆਂ ਸਿਫ਼ਾਰਿਸਾਂ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਪੁਨਰਗਠਨ ਤੇ ਕੰਮਕਾਜ ਨੂੰ ਨਵੇਂ ਸਿਰੇ ਤੋਂ ਲੀਹ ’ਤੇ ਲਿਆਉਣ ਵਾਸਤੇ ਟੀਮ ਦਾ ਗਠਨ ਦਾ ਅਧਿਕਾਰ ਸੌਂਪਿਆ ਗਿਆ ਹੈ। ਉਹ ਸਿੱਖ ਬੁੁੱਧੀਜੀਵੀਆਂ, ਧਾਰਮਿਕ ਤੇ ਸਿਆਸੀ ਹਸਤੀਆਂ, ਅਧਿਆਪਕਾਂ, ਵਿਦਿਆਰਥੀਆਂ, ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ ਤੇ ਸਮਾਜਿਕ ਕਾਰਕੁੰਨਾਂ ਸਮੇਤ ਪਾਰਟੀ ਦੀ ਵਰਕਿੰਗ ਕਮੇਟੀ, ਜ਼ਿਲ੍ਹਾ ਤੇ ਸਰਕਲ ਜਥੇਦਾਰਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਰਾਇ ਮਸ਼ਵਰਾ ਕਰਨਗੇ।ਇਸ ਦੌਰਾਨ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਐਮ ਐਸ ਪੀ ਦੇ ਮਾਮਲੇ ਵਿਚ ਬਣਾਈ ਕਮੇਟੀ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਜਿਹਨਾਂ ਦੇ ਹਿੱਤ ਪ੍ਰਭਾਵਤ ਹਨ, ਉਹਨਾਂ ਦੇ ਨਾਲ ਨਾਲ ਕਿਸਾਨ ਤੇ ਪੰਜਾਬ ਦੇ ਹੋਰਨਾਂ ਪ੍ਰਤੀਨਿਧਾਂ ਨੁੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਕੋਰ ਕਮੇਟੀ ਨੇ ਸ਼ਹੀਦ ਭਗਤ ਸਿੰਘ ਦੇ ਖਿਲਾਫ ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀਆਂ ਟਿੱਪਣੀਆਂ ਦੀ ਵੀ ਨਿਖੇਧੀ ਕੀਤੀ। ਪਾਰਟੀ, ਸਮੁੱਚੇ ਖਾਲਸਾ ਪੰਥ ਤੇ ਦੇਸ਼ ਨੇ ਸਿੱਖ ਕੌਮ ਦੇ ਦਲੇਰਾਂ ਵਿਚ ਸਰਦਾਰ ਭਗਤ ਸਿੰਘ ਨੁੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਨੇ ਬੱਬਰ ਅਕਾਲੀ ਲਹਿਰ, ਨਾਮਦਾਰੀ ਲਹਿਰ, ਕਾਮਾਗਾਟਾ ਮਾਰੂ ਲਹਿਰ, ਗਦਰ ਲਹਿਰ, ਕਿਰਤੀ ਕਿਸਾਨ ਲਹਿਰ ਤੇ ਹੋਰ ਲਹਿਰਾਂ ਵਿਚ ਪੰਜਾਬੀਆਂ ਦੀ ਸ਼ਮੂਲੀਅਤ ਦੀ ਵਡਿਆਈ ਕੀਤੀ। ਇਸ ਤੋਂ ਪਹਿਲਾਂ ਕੋਰ ਕੇਮਟੀ ਨੇ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਪਹਿਲਾਂ ਮੈਂਬਰਾਂ ਨੇ ਮੂਲ ਮੰਤਰ ਦਾ ਪਾਠ ਕੀਤਾ ਤੇ ਅਕਾਲੀ ਦਲ, ਕੋਰ ਕਮੇਟੀ ਮੈਂਬਰਾਂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਅਚਨਚੇਤ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਪ੍ਰੈਸ ਕਾਨਫਰੰਸ ਵਿਚ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਇਕਬਾਲ ਸਿੰਘ ਝੂੰਦਾਂ, ਵਿਰਸਾ ਸਿੰਘ ਵਲਟੋਹਾ, ਡਾ. ਦਲਜੀਤ ਸਿੰਘ ਚੀਮਾ ਤੇ ਜਥੇਦਾਰਾ ਹੀਰਾ ਸਿੰਘ ਗਾਬੜੀਆ ਵੀ ਹਾਜ਼ਰ ਸਨ।
Share the post "ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਪ੍ਰਵਾਨ"