ਸੁਖਜਿੰਦਰ ਮਾਨ
ਬਠਿੰਡਾ, 3 ਅਪਰੈਲ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਸਮੂਹ ਵਿਭਾਗਾਂ ਵਿਚ ਕੰਮ ਕਰਦੇ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਮੋਰਚੇ ਦੇ ਆਗੂਆਂ ਵੱਲੋਂ ਸਥਾਨਕ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਮੋਰਚੇ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਆਊਟਸੋਰਸ ਤੇ ਠੇਕਾ ਆਧਾਰਤ ਪ੍ਰਣਾਲੀ ‘ਤੇ ਕੰਮ ਕਰਦੇ ਲੱਖਾਂ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 15 ਸਾਲਾਂ ਤੋਂ ਸੰਘਰਸ਼ ਵਿੱਢਿਆ ਹੋਇਆ ਹੈ । ਪ੍ਰੰਤੂ ਹਰ ਸਰਕਾਰਾਂ ਚੋਣਾਂ ਤੋਂ ਪਹਿਲਾਂ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੰਦੀਆਂ ਹਨ ਪਰ ਸਰਕਾਰ ਬਣਨ ਤੋਂ ਬਾਅਦ ਇਸ ਮੰਗ ਨੂੰ ਭੁੱਲ ਜਾਂਦੀਆਂ ਹਨ। ਮੋਰਚੇ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕੀਤੇ ਐਲਾਨ ਨੂੰ ਸ਼ੁਭ ਦੱਸਿਆ ਪ੍ਰੰਤੂ ਉਨ੍ਹਾਂ ਕਿਹਾ ਕਿ ਇਕੱਲੇ ਪੈਂਤੀ ਹਜ਼ਾਰ ਹੀ ਮੁਲਾਜ਼ਮਾਂ ਹੀ ਨਹੀਂ ਬਲਕਿ ਵੱਖ ਵੱਖ ਵਿਭਾਗਾਂ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਕੰਮ ਕਰਦੇ ਆਊਟਸੋਰਸ ਤੇ ਠੇਕਾ ਪ੍ਰਣਾਲੀ ਮੁਲਾਜ਼ਮਾਂ ਨੂੰ ਵੀ ਪੱਕੇ ਕੀਤਾ ਜਾਣਾ ਚਾਹੀਦਾ ਹੈ ਜਿਸਦੇ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਸੰਘਰਸ਼ ਕਰ ਰਿਹਾ ਹੈ।
Share the post "ਸਮੂਹ ਵਿਭਾਗਾਂ ਦੇ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਕੀਤੀ ਪੱਕਾ ਕਰਨ ਦੀ ਮੰਗ"