ਮਾਘੀ ਮੇਲੇ ’ਤੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ
ਕਿਹਾ ਕਿ ਆਪ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪੁਸ਼ਤ ਪਨਾਹੀ ਕੀਤੀ ਅਤੇ ਸੂਬੇ ਦੀ ਆਰਥਿਕ ਤਬਾਹੀ ਦੇ ਰਾਹ ਅਗਵਾਈ ਕਰ ਰਹੀ ਹੈ
ਕਿਹਾ ਕਿ ਕਾਂਗਰਸ ਨੇ ਪਿਛਲੀ ਵਾਰ ਸਰਕਾਰ ਬਣਾਉਣ ਲਈ ਝੂਠ ਬੋਲਿਆ ਤੇ ਭਾਜਪਾ ਪੰਜਾਬੀਆਂ ਨੂੰ ਇਕ ਦੂਜੇ ਨਾਲ ਲੜਨ ਲਈ ਭੜਕਾ ਰਹੀ ਹੈ
ਪੰਜਾਬੀ ਖ਼ਬਰਸਾਬ ਬਿਉਰੋ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਕਿਉਂਕਿ ਪਾਰਟੀ ਹੀ ਪੰਜਾਬ ਦੇ ਅਮੀਰ ਸਭਿਆਚਾਰ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ ਹੈ ਤੇ ਉਹਨਾਂ ਐਲਾਨ ਕੀਤਾ ਕਿ ਪਾਰਟੀ ਸਰਬੱਤ ਦੇ ਭਲੇ ਦੇ ਇਸਦੇ ਮੂਲ ਸਿਧਾਂਤ ਮੁਤਾਬਕ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਥੇ ਮਾਘੀ ਮੇਲੇ ’ਤੇ ਵਿਸ਼ਾਲ ਇਕੱਠ ਜਿਸ ਦੌਰਾਨ ਹਜ਼ਾਰਾਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਇਕਜੁੱਟਤਾ ਪ੍ਰਗਟਾਈ, ਨੂੰ ਸੰਬੋਘਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ ਉਸੇ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਹੈ ਜਿਸਨੇ ਰਿਕਾਰਡ ਵਿਕਾਸ ਕਰਵਾਇਆ, ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰਹਿਣੀ ਯਕੀਨੀ ਬਣਾਈ। ਉਹਨਾਂ ਕਿਹਾ ਕਿ ਦੂਜੇ ਪਾਸੇ ਉਹ ਸਰਕਾਰ ਹੈ ਜਿਸਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪੁਸ਼ਤ ਪਨਾਹੀ ਕੀਤੀ ਅਤੇ ਜਿਸ ਵਿਚ ਸੂਬੇ ਨੂੰ ਆਰਥਿਕ ਤੌਰ ’ਤੇ ਤਬਾਹ ਕਰਨ ਦੀ ਸਮਰਥਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਵੇਖ ਲਿਆ ਹੈ ਕਿ ਕਿਵੇਂ ਪਿਛਲੀ ਕਾਂਗਰਸ ਸਰਕਾਰ ਨੇ ਝੂਠੇ ਵਾਅਦੇ ਕੀਤੇ ਜੋ ਕਦੇ ਪੂਰੇ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਪੰਜਾਬੀ ਭਾਰਤੀ ਜਨਤਾ ਪਾਰਟੀ ਤੋਂ ਜ਼ਿਆਦਾ ਆਸਾਂ ਨਹੀਂ ਲਗਾ ਸਕਦੇ ਕਿਉਂਕਿ ਇਹਪਾਰਟੀ ਪੰਜਾਬੀਆਂ ਨੂੰ ਇਕ ਦੂਜੇ ਖਿਲਾਫ ਲੜਨ ਲਈ ਭੜਕਾ ਰਹੀ ਹੈ।
ਪੰਜਾਬੀਆਂ ਨੂੰ ਫੈਸਲੇ ਲੈਣ ਤੋਂ ਪਹਿਲਾਂ ਸੋਚ ਵਿਚਾਰ ਕਰਨ ਦੀ ਸਲਾਹ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਵੀ ਇਕ ਮੌਕੇ ਦੇ ਨਾਅਰੇ ਕਾਰਨ ਭਾਵਨਾਵਾਂ ਦੇ ਵਹਿਣ ਵਿਚ ਵਹਿ ਚੁੱਕੇ ਹਨ। ਉਹਨਾਂ ਕਿਹਾ ਕਿ ਪਿਛਲੇ 8 ਮਹੀਨਿਆਂ ਵਿਚ ਇਹ ਨਾਅਰਾ ਵੀ ਖੋਖਲਾ ਸਾਬਤ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇੰਨਾ ਸੰਤਾਪ ਕਦੇ ਨਹੀਂ ਹੰਢਾਇਆ। ਉਹਨਾਂ ਕਿਹਾ ਕਿ ਲੁੱਟਾਂ ਖੋਹਾਂ, ਡਕੈਤੀਆਂ ਤੇ ਫਿਰੌਤੀਆਂ ਆਮ ਆਦਮੀ ਨੂੰ ਪ੍ਰਭਾਵਤ ਕਰ ਰਹੀਆਂ ਹਨ।ਉਦਯੋਗ ਸੂਬੇ ਵਿਚੋਂ ਬਾਹਰ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਠੱਪ ਪਏ ਹਨ। ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਪੂਰੇ ਨਹੀਂ ਕੀਤੇ ਗਏ। ਸ: ਬਾਦਲ ਨੇ ਪੰਜਾਬੀਆਂ ਨੂੰ ਆਖਿਆ ਕਿ ਉਹ ਰਾਹੁਲ ਗਾਂਧੀ ਦਾ ਸਵਾਗਤ ਕਰਨ ਤੋਂ ਪਹਿਲਾਂ ਵੀ ਆਪਣੇ ਮਨਾਂ ਵਿਚ ਵਿਚਾਰ ਕਰ ਲੈਣ ਕਿਉਂਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਨੇ ਪੰਜਾਬ ਅਤੇ ਸਿੱਖ ਕੌਮ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ ਸਨ ਤੇ ਉਸਦੇ ਪੁੱਤਰ ਰਾਜੀਵ ਗਾਂਧੀ ਨੇ 1984 ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਗਾਂਧੀ ਪਰਿਵਾਰ ਪੰਜਾਬ ਦਾ ਪਾਣੀ ਰਾਈਪੇਰੀਅਨ ਸਿਧਾਂਤਾਂ ਦੇ ਉਲਟ ਰਾਜਸਥਾਨ ਨੂੰ ਦੇਣ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਇੰਦਰਾ ਗਾਂਧੀ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਕੰਮ ਸ਼ੁਰੂ ਕਰਵਾਇਆ ਤੇ ਜੇਕਰ ਅਕਾਲੀ ਦਲ ਵਿਰੋਧ ਨਾ ਕਰਦਾ ਤਾਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਦੇਣਾ ਸੀ ਜਿਸ ਕਾਰਨ ਸੂਬੇ ਵਿਚ ਤਬਾਹੀ ਮਚ ਜਾਣੀ ਸੀ।
ਸ: ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਅਣਕਿਆਸਾ ਵਿਕਾਸ ਹੋਇਆ। ਉਹਨਾਂ ਕਿਹਾ ਕਿ ਅਸੀਂ ਯੋਜਨਾਬੱਧ ਤਰੀਕੇ ਨਾਲ ਸੂਬੇ ਦਾ ਵਿਕਾਸ ਕੀਤਾ। ਪਹਿਲਾਂ ਅਸੀਂ ਸੂਬੇ ਵਿਚ ਸਿੰਜਾਈ ਨੈਟਵਰਕ ਬਣਾਇਆ, ਫਿਰ ਅਨਾਜ ਦੀ ਖਰੀਦ ਲਈ ਮੰਡੀਆਂ ਬਣਾਈਆਂ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਅਤੇ ਸੂਬੇ ਵਿਚ ਵਿਸ਼ਵ ਪੱਧਰੀ ਸੜਕਾਂ ਤੇ ਹਵਾਈ ਅੱਡੇ ਬਣਾਉਣ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰਾਪਤੀਆਂ ਦੇ ਕਾਰਨ ਹੀ ਵਿਰੋਧੀ ਧਿਰ ਨੇ 2015 ਵਿਚ ਬੇਅਦਬੀ ਤੇ ਹੋਰ ਮਾਮਲਿਆਂ ’ਤੇ ਅਕਾਲੀ ਦਲ ਦੇ ਖਿਲਾਫ ਝੂਠੀ ਦੂਸ਼ਣਬਾਜ਼ੀ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਬਾਅਦ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵੇਂ ਬੇਨਕਾਬ ਹੋ ਗਈਆਂ। ਉਹਨਾਂ ਕਿਹਾ ਕਿ ਬੇਅਦਬੀ ਦੀ ਜਾਂਚ ਕਰ ਰਹੀ ਐਸ ਆਈ ਟੀ ਨੇ ਇਕ ਵੀ ਅਕਾਲੀ ਵਰਕਰ ਜਾਂ ਲੀਡਰ ਦਾ ਨਾਂ ਅਦਾਲਤ ਵਿਚ ਪੇਸ਼ ਕੀਤੇ ਚਲਾਨ ਵਿਚ ਸ਼ਾਮਲ ਨਹੀਂ ਕੀਤਾ। ਸ: ਬਾਦਲ ਇਹਵੀ ਦੱਸਿਆ ਕਿ ਕਿਵੇਂ ਬਿਜਲੀ ਸੈਕਟਰ ਜਿਸਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਮਜ਼ਬੂਤ ਕੀਤਾ ਗਿਆ, ਹੁਣ ਔਖੇ ਸਮੇਂ ਵਿਚ ਹੈ ਤੇ ਪਿਛਲੇ 6 ਸਾਲਾਂ ਤੋਂ ਸੂਬੇ ਵਿਚ ਕੋਈ ਨਵਾਂ ਥਰਮਲ ਪਲਾਂਟ ਨਹੀਂ ਲੱਗਾ। ਉਹਨਾਂ ਕਿਹਾ ਕਿ ਇਸ ਕਾਰਨ ਹੀ ਬਿਜਲੀ ਕੱਟ ਲੱਗ ਰਹੇ ਹਨ ਤੇ ਆਉਂਦੀਆਂ ਗਰਮੀਆਂ ਵਿਚ ਹਾਲਾਤਹੋਰ ਮਾੜੇ ਹੋਣਗੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਦੇ ਐਮ ਪੀ ਰਵਨੀਤ ਬਿੱਟੂ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਹਨਾਂ ਕਿਹਾ ਸੀ ਕਿ ਉਹਨਾਂ ਰਾਹੁਲ ਗਾਂਧੀ ਕਾਰਨ ਦਸਤਾਰ ਸਜਾਉਣੀ ਸ਼ੁਰੂ ਕੀਤੀ। ਉਹਨਾਂ ਕਿਹਾ ਕਿ ਸਾਹਿਬਜ਼ਾਦੇ ਸ਼ਹਾਦਤ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਅਦੂਲੀ ਕਰਨ ਅਤੇ ਵੀਰ ਬਾਲ ਦਿਵਸ ਮਨਾਉਣ ਲਈ ਕੇਂਦਰ ਨੂੰ ਚਿੱਠੀ ਲਿਖਣ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਵੀ ਨਿਖੇਧੀ ਕੀਤੀ। ਉਹਨਾਂ ਨੇ ਸਿੱਖ ਫੌਜੀਆਂ ਲਈ ਹੈਲਮਟ ਲਾਜ਼ਮੀ ਕਰਨ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਇਸਨੁੰ ਸਿੱਖ ਪਛਾਣ ’ਤੇ ਹਮਲਾ ਕਰਾਰ ਦਿੱਤਾ। ਬਹੁਜਨ ਸਮਾਜ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਰਿਕਾਰਡ ਜਿੱਤ ਦਰਜ ਕਰੇਗਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਸਰਕਾਰੀ ਆਸਾਮੀਆਂ ਭਰਨ ਵੇਲੇ ਦਲਿਤ ਭਾਈਚਾਰੇ ਨਾਲ ਬਹੁਤ ਅਨਿਆਂ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਮਨਤਾਰ ਸਿੰਘ ਬਰਾੜ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਨਛੱਤਰਪਾਲ, ਗੁਰਪ੍ਰਤਾਪ ਸਿੰਘ ਵਡਾਲਾ, ਸੁਖਵਿੰਦਰ ਸੁੱਖੀ, ਹਰਪ੍ਰੀਤ ਸਿੰਘ ਕੋਟਭਾਈ, ਪਰਮਬੰਸ ਸਿੰਘ ਰੋਮਾਣਾ, ਹਰਦੀਪ ਸਿੰਘ ਢਿੱਲੋਂ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ।
Share the post "ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ : ਸੁਖਬੀਰ ਸਿੰਘ ਬਾਦਲ"