ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਮੁੱਚੀ ਚੋਣ ਪ੍ਰਕਿਰਿਆ ਸਬੰਧੀ ਕਰਵਾਇਆ ਜਾਣੂ
ਸਮੂਹ ਆਰ.ਓਜ਼ ਨੂੰ ਅਗਾਊਂ ਤਿਆਰੀਆਂ ਸਬੰਧੀ ਦਿੱਤੇ ਆਦੇਸ਼
ਸੁਖਜਿੰਦਰ ਮਾਨ
ਬਠਿੰਡਾ, 23 ਦਸੰਬਰ: ਆਗਾਮੀ ਵਿਧਾਨ ਸਭਾ ਚੋਣਾਂ 2022 ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਡਰ-ਭੈਅ ਦੇ ਨੇਪਰੇ ਚੜ੍ਹਾਈਆਂ ਜਾਣਗੀਆਂ। ਇਹ ਦਾਅਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਪ੍ਰਕਿਰਿਆ ਸਬੰਧੀ ਦਿੱਤੀ ਗਈ ਸਿਖਲਾਈ ਮੌਕੇ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੈ ਮਲੂਜਾ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸਮੂਹ ਆਰ.ਓਜ਼, ਏ.ਆਰ.ਓਜ਼ ਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਕਰਵਾਈ ਗਈ ਇੱਕ ਰੋਜ਼ਾ ਸਿਖਲਾਈ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਲੈ ਕੇ ਚੋਣਾਂ ਦੇ ਨਤੀਜਿਆ ਤੱਕ ਚੋਣ ਕਮਿਸ਼ਨ ਵਲੋਂ ਜਾਰੀ ਹਰ ਤਰ੍ਹਾਂ ਦੀਆਂ ਹਦਾਇਤਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮੌਜੂਦ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਚੋਣ ਪ੍ਰਕਿਰਿਆ ਸਬੰਧੀ ਆਪਣੀਆਂ ਸੰਕਾਵਾਂ ਬਾਰੇ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਡਿਪਟੀ ਕਮਿਸ਼ਨਰ ਵਲੋਂ ਢੁੱਕਵੇਂ ਜਵਾਬ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ. ਸੰਧੂ ਨੇ ਸਮੂਹ ਪਾਰਟੀ ਦੇ ਨੁਮਾਇੰਦਿਆਂ ਨੂੰ ਇਹ ਵੀ ਖਾਸ ਤੌਰ ਤੇ ਕਿਹਾ ਕਿ ਪ੍ਰਤੀ ਪੋਲਿੰਗ ਬੂਥਾਂ ਤੇ ਬੂਥ ਲੈਵਲ ਏਜੰਟ ਹਰ ਹਾਲਤ ਵਿਚ ਲਗਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵਲੋਂ ਸਮੇਂ-ਸਮੇਂ ਤੇ ਕਰੋਨਾ ਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਜਾਵੇ। ਇਸ ਮੌਕੇ ਐਸਡੀਐਮ-ਕਮ-ਆਰ.ਓ ਤਲਵੰਡੀ ਸਾਬੋ ਸ਼੍ਰੀ ਅਕਾਸ਼ ਬਾਂਸਲ, ਐਸਡੀਐਮ-ਕਮ-ਆਰ.ਓ ਬਠਿੰਡਾ ਸ਼ਹਿਰੀ ਸ਼੍ਰੀ ਕੰਵਰਜੀਤ ਸਿੰਘ, ਐਸਡੀਐਮ-ਕਮ-ਆਰ.ਓ ਬਠਿੰਡਾ ਦਿਹਾਤੀ ਸ਼੍ਰੀਮਤੀ ਹਰਜੋਤ ਕੌਰ, ਐਸਡੀਐਮ-ਕਮ-ਆਰ.ਓ ਮੌੜ ਮੈਡਮ ਵੀਰਪਾਲ ਕੌਰ, ਐਸਡੀਐਮ-ਕਮ-ਆਰ.ਓ ਰਾਮਪੁਰਾ ਫੂਲ ਸ਼੍ਰੀ ਨਵਦੀਪ ਕੁਮਾਰ, ਆਰਟੀਏ-ਕਮ-ਆਰ.ਓ ਸ਼੍ਰੀ ਬਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਜਿਵੇਂ ਕਿ ਇੰਡੀਆ ਨੈਸ਼ਨਲ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ, ਸੀ.ਪੀ.ਆਈ.ਐਮ ਆਦਿ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਸਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ"