ਸੁਖਜਿੰਦਰ ਮਾਨ
ਬਠਿੰਡਾ, 17 ਅਕਤੂਬਰ: ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਮਿਠਾਈ ਵਿਕਰੇਤਾਵਾਂ ਨੂੰ ਸਾਫ ਸੁਥਰੀਆਂ ਅਤੇ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਦਿਵਾਲੀ ਮੌਕੇ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਜਾਵੇਗੀ ਅਤੇ ਜਿੱਥੇ ਕਿਤੇ ਵੀ ਕੋਈ ਮਿਲਾਵਟ ਜਾਂ ਨਕਲੀ ਮਠਿਆਈਆਂ ਦਾ ਸ਼ੱਕ ਹੋਵੇਗਾ ਤਾਂ ਉਸਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ। ਇਸਦੇ ਨਾਲ ਹੀ ਉਨ੍ਹਾਂ ਜਿਲ੍ਹਾ ਨਿਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਕਈ ਬਿਮਾਰੀਆਂ ਜਿਵੇ ਸਾਹ, ਦਮਾ, ਦਿਲ, ਅੱਖਾਂ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ। ਖਾਸ ਕਰਕੇ ਬੱਚੇ, ਬਜ਼ੁਰਗ ਅਤੇ ਗਰਭਵਤੀ ਮਾਵਾਂ ਇਸ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ। ਉਹਨਾਂ ਬਜੁਰਗਾਂ, ਗਰਭਵਤੀ ਮਾਵਾਂ, ਸਾਹ ਅਤੇ ਦਮੇ ਦੇ ਮਰੀਜਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਦਿਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਾ ਨਿਕਲਣ। ਧੂੰਆਂ ਅਤੇ ਪਟਾਖਿਆਂ ਦੀ ਰਹਿੰਦ ਖੂੰਹਦ ਵਾਤਾਵਾਰਣ ਨੂੰ ਵੀ ਪ੍ਰਦੂਸ਼ਿਤ ਕਰਦੀ ਹੈ। ਡਾ ਤੇਜਵੰਤ ਸਿੰਘ ਨੇ ਕਿਹਾ ਕਿ ਤਿਉਹਾਰ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫਲ ਖਾਣੇ ਚਾਹੀਦੇ ਹਨ ਅਤੇ ਬਾਜ਼ਾਰਾਂ ਦੇ ਖਾਣੇ, ਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ ਜਨਤਾ ਨੂੰ ਅਪੀਲ ਕੀਤੀ ਕਿ ਦਿਵਾਲੀ ਸਮੇਂ ਸਿਹਤ ਪ੍ਰਤੀ ਕੋਈ ਵੀ ਮੁਸ਼ਕਿਲ ਆਵੇ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਸੰਪਰਕ ਕੀਤਾ ਜਾਵੇ। ਇਸ ਸਮੇਂ ਸਿਹਤ ਵਿਭਾਗ ਵੱਲੋਂ ਮਾਹਿਰ ਡਾਕਟਰਾਂ ਦੀ ਟੀਮਾਂ ਦਾ ਵਿਸ਼ੇਸ ਪ੍ਰਬੰਧ ਕੀਤਾ ਜਾਵੇਗਾ।
Share the post "ਸਿਵਲ ਸਰਜਨ ਵੱਲੋਂ ਮਿਠਾਈ ਵਿਕਰੇਤਾ ਨੂੰ ਵਧੀਆ ਅਤੇ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਕੀਤੀ ਅਪੀਲ"