ਐਮ.ਆਰ.ਐਸ.ਪੀ.ਟੀ.ਯੂ. ਦੇ ਸਥਾਪਨਾ ਦਿਵਸ ਮੌਕੇ ਕੀਤੀ ਸ਼ਿਰਕਤ
ਵੱਖ-ਵੱਖ ਖੇਤਰਾਂ ਚ ਮੱਲਾਂ ਮਾਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਕੀਤਾ ਸਨਮਾਨਿਤ
ਸੁਖਜਿੰਦਰ ਮਾਨ
ਬਠਿੰਡਾ, 12 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਮੁੱਖ ਤੌਰ ਤੇ ਤਰਜੀਹ ਦਿੰਦਿਆਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਲੰਮੀਆਂ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ। ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 8ਵੇਂ ਸਥਾਪਨਾ ਦਿਵਸ ਮੌਕੇ ਸ. ਬੈਂਸ ਨੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇੱਕ ਪਹਿਲਾ ਅਜਿਹਾ ਸੂਬਾ ਹੈ, ਜਿਸ ਦੇ 36 ਪ੍ਰਿੰਸੀਪਲ ਸਿੰਘਾਪੁਰ ਤੋਂ ਟਰੇਨਿੰਗ ਲੈ ਕੇ ਆਏ ਹਨ ਤੇ ਜਲਦ ਹੀ ਮਾਰਚ ਮਹੀਨੇ ਵਿੱਚ ਅਧਿਆਪਕਾਂ ਦੇ ਇੱਕ ਹੋਰ ਬੈਚ ਨੁੰ ਟਰੇਨਿੰਗ ਲੈਣ ਲਈ ਵਿਦੇਸ਼ ਭੇਜਿਆ ਜਾਵੇਗਾ। ਇਸ ਮੌਕੇ ਚੇਅਰਮੈਨ ਪੰਜਾਬ ਟਰੇਡਰਜ਼ ਕਮਿਸ਼ਨ ਅਨਿੱਲ ਠਾਕੁਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਮੰਤਰੀ ਬੈਂਸ ਨੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ, ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਅਤੇ ਪਲੈਨਿੰਗ ਵਿਭਾਗ ਦੇ ਮੁਖੀ ਡਾ: ਭੁਪਿੰਦਰ ਪਾਲ ਸਿੰਘ ਢੋਟ ਅਤੇ ਸੀਨੀਅਰ ਫੈਕਲਟੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰਨ ਲਈ ਇੱਕ ਰੂਪ-ਰੇਖਾ ਉਲੀਕਣ ਲਈ ਵਿਸਤ੍ਰਿਤ ਮੀਟਿੰਗ ਕੀਤੀ। ਐਮ.ਆਰ.ਐਸ.ਪੀ.ਟੀ.ਯੂ. ਆਰਕੀਟੈਕਚਰ ਵਿਭਾਗ ਪ੍ਰਸਤਾਵਿਤ ਨਵੀਆਂ ਸਕੂਲ ਇਮਾਰਤਾਂ ਲਈ ਇੱਕ ਰੋਡ ਮੈਪ ਤਿਆਰ ਕਰੇਗਾ ਅਤੇ ਭਵਿੱਖ ਦੀਆਂ ਲੋੜਾਂ ਮੁਤਾਬਿਕ ਉਪਲਬਧ ਬੁਨਿਆਦੀ ਢਾਂਚੇ ਦੀ ਸਰਵੋਤਮ ਵਰਤੋਂ ਲਈ ਸੁਚੱਝੀ ਰੂਪ ਰੇਖਾ ਤਿਆਰ ਕਰੇਗਾ । ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਦੀ ਧਰਤੀ ਬੇਹੱਦ ਸੋਹਣੀ ਹੈ ਅਤੇ ਇਸ ਦਾ ਵਾਤਾਵਰਣ ਬਹੁਤ ਸ਼ਾਨਦਾਰ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਖੋਲ੍ਹੇ ਗਏ 500 ਆਮ ਆਦਮੀ ਕਲੀਨਿਕ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬਜਟ ਵਿੱਚ ਵੀ ਭਾਰੀ ਵਾਧਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।
ਇਸ ਮੌਕੇ ਬੋਲਦਿਆਂ ਐਮ.ਆਰ.ਐਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਨੇ ਕਿਹਾ ਕਿ ਸਥਾਪਨਾ ਦਿਵਸ ਮਹਾਨ ਰਾਜਾ ਮਹਾਰਾਜਾ ਰਣਜੀਤ ਸਿੰਘ ਨੂੰ ਯਾਦ ਕਰਨ ਅਤੇ ਸ਼ਰਧਾਂਜਲੀ ਦੇਣ ਦਾ ਦਿਨ ਹੈ, ਜਿਨ੍ਹਾਂ ਦੇ ਨਾਮ ’ਤੇ ਯੂਨੀਵਰਸਿਟੀ ਦਾ ਨਾਮ ਰੱਖਿਆ ਗਿਆ ਹੈ। ਸਭ ਤੋਂ ਤੇਜ਼ੀ ਨਾਲ ਵਧ ਰਹੀ ਐਮ.ਆਰ.ਐਸ.ਪੀ.ਟੀ.ਯੂ. ਦਾ ਸੱਤ ਸਾਲ ਦਾ ਛੋਟਾ ਸਫ਼ਰ ਸ਼ਲਾਘਾਯੋਗ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਅਤੇ ਪਤਵੰਤੇ ਸੱਜਣਾਂ ਨੇ ਉੱਘੇ ਕਲਾਕਾਰ ਹਰਦਰਸ਼ਨ ਸਿੰਘ ਸੋਹਲ ਵੱਲੋਂ ਤਿਆਰ ਕੀਤੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਨੂੰ ਜ਼ਾਰੀ ਕੀਤਾ। ਜਦੋਂ ਕਿ ਯੂਨੀਵਰਸਿਟੀ ਦੇ ਡੀਨ ਰਿਸਰਚ ਐਂਡ ਡਿਵੈਲਪਮੈਂਟ ਅਤੇ ਡਾਇਰੈਕਟਰ ਆਈ.ਕਿਊ.ਏ.ਸੀ., ਡਾ: ਆਸ਼ੀਸ਼ ਬਾਲਦੀ ਅਤੇ ਡਾ: ਮੁਨੀਸ਼ ਕੁਮਾਰ, ਕੰਪਿਊਟੇਸ਼ਨਲ ਸਾਇੰਸਜ਼ ਵਿਭਾਗ ਨੂੰ ਸਟੈਨਫੋਰਡ ਯੂਨੀਵਰਸਿਟੀ ਦੀ ਸੂਚੀ ਵਿੱਚ ਵਿਸ਼ਵ ਭਰ ਦੇ ਚੋਟੀ ਦੇ 2 ਪ੍ਰਤੀਸ਼ਤ ਵਿਗਿਆਨੀਆਂ ਵਿੱਚ ਸ਼ਾਮਲ ਹੋਣ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਅਖੰਠ ਪਾਠ ਸਾਹਿਬ ਦੇ ਭੋਗ ਵੀ ਪਾਏ ਗੲਂੇ ਤੇ ਇਸ ਉਪਰੰਤ ਮੰਤਰੀ ਸਹਿਤ ਸੰਗਤਾਂ ਵੱਲੋਂ ਸੰਗਤ ਅਤੇ ਪੰਗਤ ਵਿੱਚ ਬੈਠ ਕੇ ਗੁਰੂ ਕਾ ਲੰਗਰ ਵੀ ਛਕਿਆ ਗਿਆ। ਇਸਤੋਂ ਇਲਾਵਾ ਹਰਜੋਤ ਸਿੰਘ ਬੈਂਸ ਨੇ ਸਥਾਨਕ ਕੈਨਾਲ ਕਲੋਨੀ ਵਿਖੇ ਸਥਿਤ ਸਰਕਾਰੀ ਆਦਰਸ਼ ਪ੍ਰਾਇਮਰੀ ਸਕੂਲ ਵੱਲੋਂ ਕਰਵਾਏ ਗਏ ਸਲਾਨਾ ਸਮਾਰੋਹ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਹੁਣ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਪੰਜਾਬ ਅੰਦਰ 117 ‘ਸਕੂਲ ਆਫ਼ ਐਮੀਨੈਂਸ’ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਸਕੂਲਾਂ ਵਿੱਚ 1800 ਤੋਂ ਵਧੇਰੇ ਨਵੇਂ ਕਮਰੇ ਅਤੇ ਬਿਜਨਿਸ ਬਲਾਸਟਰ ਆਦਿ ਪ੍ਰੋਗਰਾਮ ਵੀ ਸ਼ੁਰੂ ਕੀਤੇ ਗਏ ਹਨ।
Share the post "ਸਿੱਖਿਆ ਤੇ ਸਿਹਤ ਦੇ ਖੇਤਰ ਚ ਸੂਬਾ ਸਰਕਾਰ ਵੱਲੋਂ ਪੁੱਟੀਆਂ ਜਾ ਰਹੀਆਂ ਨੇ ਲੰਬੀਆਂ ਪੁਲਾਘਾਂ : ਹਰਜੋਤ ਬੈਂਸ"