ਸੇਵਾਵਾਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸਨ ਜਲਦ ਹੋਵੇਗਾ ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸਨ ਜਲਦ ਜਾਰੀ ਕੀਤਾ ਜਾ ਰਿਹਾ ਹੈ। ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਉਪਰੰਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜਮ ਜਿਵੇਂ ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ।
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ।ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹੀ ਮਾਮਲਾ ਵਜੋਂ ਰੱਖਿਆ ਹੈ। ਸ.ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਇਸ ਪਹਿਲੀ ਸਿਫਾਰਸ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।
Share the post "ਸਿੱਖਿਆ ਪ੍ਰੋਵਾਈਡਰਜ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕੀਤਾ ਜਾਵੇਗਾ: ਹਰਜੋਤ ਸਿੰਘ ਬੈਂਸ"