ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲ

0
11

ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕੀਤਾ ਸਵਾਗਤ
ਸੁਖਜਿੰਦਰ ਮਾਨ
ਚੰਡੀਗੜ੍ਹ, 3 ਦਸੰਬਰ: ਸਿੱਧੂ ਮੂਸੇਵਾਲਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।
ਪਾਰਟੀ ਵਿਚ ਆਉਣ ’ਤੇ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਿੱਧੂ ਮੂਸੇਵਾਲਾ ਸਧਾਰਨ ਪਰਿਵਾਰਕ ਪਿਛੋਕੜ ਨਾਲ ਸਬੰਧਤ ਰੱਖਦੇ ਹਨ ਕਿਉਂ ਜੋ ਉਨ੍ਹਾਂ ਦੇ ਪਿਤਾ ਭੋਲਾ ਸਿੰਘ ਸਾਬਕਾ ਫੌਜੀ ਹਨ ਜਦਕਿ ਮਾਤਾ ਚਰਨ ਕੌਰ ਪਿੰਡ ਦੇ ਸਰਪੰਚ ਹਨ। ਉਨ੍ਹਾਂ ਕਿਹਾ ਕਿ ਮੂਸੇਵਾਲਾ ਜੋ ਦੁਨੀਆਂ ਭਰ ਵਿਚ ਕਰੋੜਾਂ ਦੀ ਗਿਣਤੀ ’ਚ ਚਾਹੁਣ ਵਾਲਿਆਂ ਦੇ ਦਿਲਾਂ ਦੀ ਧੜਕਣ ਹਨ, ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਕਿਉਂਕਿ ਉਹ ਜ਼ਮੀਨੀ ਪੱਧਰ ਉਤੇ ਜੁੜੇ ਹੋਏ ਇਨਸਾਨ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਿੜ ਵਿਚ ਦਾਖਲ ਤੋਂ ਬਾਅਦ ਮੂਸੇਵਾਲਾ ਆਪਣੀ ਨਵੀਂ ਜ਼ਿੰਮੇਵਾਰੀ ਰਾਹੀਂ ਲੋਕਾਂ ਦੀ ਸੇਵਾ ਵੀ ਉਸੇ ਜੋਸ਼ੋ-ਖਰੋਸ਼ ਨਾਲ ਕਰਨਗੇ, ਜਿਸ ਤਰ੍ਹਾਂ ਉਨ੍ਹਾਂ ਨੇ ਬਹੁਤ ਘਾਲਣਾ ਘਾਲ ਕੇ ਸੰਗੀਤ ਦੀ ਦੁਨੀਆ ਵਿਚ ਸ਼ੋਹਰਤ ਕਮਾਈ ਹੈ।
ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੂਸੇਵਾਲਾ ਨੇ ਦੁਨੀਆ ਭਰ ਵਿਚ ਖਾਸ ਕਰਕੇ ਨੌਜਵਾਨਾਂ ਵਿਚ ਆਪਣੀ ਪ੍ਰਸਿੱਧੀ ਰਾਹੀਂ ਪੰਜਾਬੀ ਸੰਗੀਤ ‘ਚ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਸੰਸਕਾਂ ਦੀ ਬੇਸ਼ੁਮਾਰ ਗਿਣਤੀ ਨਾਲ ਸੰਗੀਤ ਦੇ ਅਨੰਤ ਹੁਨਰ ਨਾਲ ਮੂਸੇਵਾਲਾ ਆਪਣੇ ਮਾਪਿਆਂ ਦੇ ਰਸਤੇ ਉਤੇ ਚੱਲਦੇ ਹੋਏ ਮਨੁੱਖਤਾ ਦੀ ਤਨੋ-ਮਨੋ ਸੇਵਾ ਕਰਨਗੇ।
ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਹੋ ਕੇ ਖੁਸ਼ੀ ਹੋਈ ਹੈ ਕਿਉਂਕਿ ਸਿਰਫ ਇਹੀ ਸਿਆਸੀ ਪਾਰਟੀ ਹੈ ਜਿੱਥੇ ਸਮਾਜ ਦੀ ਸੇਵਾ ਕਰਨ ਲਈ ਵਿਸ਼ੇਸ਼ ਤੌਰ ਉਤੇ ਨਿਮਾਣੇ ਜਿਹੇ ਪਿਛੋਕੜ ਵਾਲੇ ਸਧਾਰਨ ਲੋਕਾਂ ਨੂੰ ਢੁਕਵਾਂ ਮੰਚ ਪ੍ਰਦਾਨ ਕੀਤਾ ਜਾਂਦਾ ਹੈ।
ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਅਰੁਣਾ ਚੌਧਰੀ, ਰਾਜ ਕੁਮਾਰ ਵੇਰਕਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਮਹਿੰਦਰ ਸਿੰਘ ਕੇਪੀ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਬਰਿੰਦਰਮੀਤ ਸਿੰਘ ਪਾਹੜਾ ਅਤੇ ਪਿਰਮਲ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here