11 Views
ਹੁਣ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ
ਸੁਖਜਿੰਦਰ ਮਾਨ
ਬਠਿੰਡਾ, 21 ਦਸੰਬਰ: ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਪ੍ਰਗਟ ਕਰਨ ਆਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਾਨਸਾ ਪੁਲਿਸ ਨੇ ਇੱਕ ਪੁਰਾਣੇ ਮਾਮਲੇ ਵਿਚ ਸੰਮਨ ਸੌਂਪੇ ਹਨ। ਸ: ਚੰਨੀ ਨੂੰ ਹੁਣ ਆਗਾਮੀ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਪਤਾ ਲੱਗਿਆਂ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਗਏ ਚਰਨਜੀਤ ਸਿੰਘ ਚੰਨੀ ਅਤੇ ਮਰਹੂਮ ਗਾਇਕ ਵਿਰੁੱਧ ਮਾਨਸਾ ਦੀ ਸਿਟੀ 1 ਪੁਲਿਸ ਨੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਹੇਠ ਪਰਚਾ ਦਰਜ ਕੀਤਾ ਸੀ। ਮਾਨਸਾ ਪੁਲਿਸ ਦੇ ਦਾਅਵੇ ਮੁਤਾਬਕ ਚੰਨੀ ਕੇਸ ਦਰਜ ਹੋਣ ਤੋਂ ਬਾਅਦ ਮਿਲੇ ਨਹੀਂ ਸਨ। ਗੌਰਤਲਬ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਸਨ ਅਤੇ ਹੁਣ ਉਹ ਕੁਝ ਦਿਨ ਪਹਿਲਾਂ ਹੀ ਵਾਪਸ ਪਰਤੇ ਸਨ। ਇਸ ਦੌਰਾਨ ਬੀਤੀ ਸ਼ਾਮ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਪ੍ਰਗਟ ਕਰਨ ਲਈ ਪੁੱਜੇ, ਜਿੱਥੇ ਉਨ੍ਹਾਂ ਪਰਵਾਰ ਦੇ ਘਰ ਹੀ ਰਾਤ ਗੁਜ਼ਾਰੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਗਈ ਇਕ ਵੀਡੀਓ ਵਿਚ ਇਹ ਵੀ ਦਾਅਵਾ ਕੀਤਾ ਹੈ ਕਿ ਮਾਨਸਾ ਪੁਲਿਸ ਨੇ ਉਸ ਕੇਸ ਵਿੱਚ ਉਸਦੇ ਨਾਲ ਨਾਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵਿਰੁੱਧ ਵੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਦੌਰਾਨ ਚੰਨੀ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਨੇ ਉਸਨੂੰ ਮਰਹੂਮ ਗਾਇਕ ਦੇ ਪਰਵਾਰ ਨਾਲ ਅਫਸੋਸ ਕਰਨ ਤੋਂ ਰੋਕਣ ਦਾ ਵੀ ਯਤਨ ਕੀਤਾ।ਦੂਜੇ ਪਾਸੇ ਮਾਨਸਾ ਪੁਲਿਸ ਨੇ ਇਸ ਦਾਅਵੇ ਨੂੰ ਗਲਤ ਕਰਾਰ ਦਿੰਦਿਆ ਕਿਹਾ ਹੈ ਕਿ ਅਦਾਲਤ ਵਿੱਚ ਚਲਾਨ ਇਕੱਲੇ ਚੰਨੀ ਸਾਹਿਬ ਦੇ ਵਿਰੁੱਧ ਹੀ ਪੇਸ਼ ਕੀਤਾ ਗਿਆ ਹੈ ਤੇ ਚਲਾਨ ਦਾ ਮਰਹੂਮ ਗਾਇਕ ਨਾਲ ਕੋਈ ਸਬੰਧ ਨਹੀਂ ਹੈ। ਇਸ ਸਬੰਧੀ ਫੋਨ ਤੇ ਗੱਲ ਕਰਦਿਆਂ ਮਾਨਸਾ ਦੇ ਐਸ ਐਸ ਪੀ ਡਾ ਨਾਨਕ ਸਿੰਘ ਨੇ ਕਿਹਾ ਕਿ ਮਾਮਲਾ ਅਦਾਲਤ ਵਿੱਚ ਹੈ ਤੇ ਅਦਾਲਤ ਦੇ ਹੁਕਮਾਂ ਉਪਰ ਇਹ ਸੰਮਨ ਤਾਮੀਲ ਕਰਵਾਏ ਗਏ ਹਨ ਕਿਉਂਕਿ ਇਸ ਮਾਮਲੇ ਦੀ ਸੁਣਵਾਈ 12 ਜਨਵਰੀ ਨੂੰ ਤੈਅ ਹੈ।
Share the post "ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਪ੍ਰਗਟ ਕਰਨ ਆਏ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮਾਨਸਾ ਪੁਲਿਸ ਨੇ ਸੌਂਪਿਆ ਸੰਮਨ "