ਖ਼ਜ਼ਾਨਾ ਮੰਤਰੀ ਦੀ ਅਗਵਾਈ ਵਿੱਚ ਸ਼ਹਿਰ ਦੀ ਹੋਈ ਦੁਰਦਸ਼ਾ ਅਤੇ ਵਪਾਰੀਆਂ ਦੇ ਮਾੜੇ ਹਾਲਾਤ ਪ੍ਰਤੀ ਕਰਵਾਇਆ ਪਾਰਟੀ ਪ੍ਰਧਾਨ ਨੂੰ ਜਾਣੂ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 20 ਨਵੰਬਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨ ਅਚਨਚੇਤ ਬਠਿੰਡਾ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਗ੍ਰਹਿ ਵਿਖੇ ਸ਼ਹਿਰ ਦੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਅਤੇ ਚੱਲ ਰਹੀਆਂ ਸਰਗਰਮੀਆਂ ਪ੍ਰਤੀ ਜਾਣਕਾਰੀ ਲਈ । ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਦੱਸਿਆ ਕਿ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼ਹਿਰ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਵਿਧਾਇਕ ਬਣਨ ਉਪਰੰਤ ਸ਼ਹਿਰ ਦੀ ਹੋਈ ਦੁਰਦਸ਼ਾ, ਬੰਦ ਪਏ ਵਿਕਾਸ ਪ੍ਰੋਜੈਕਟਾਂ, ਉਸਾਰੀਆਂ ਜਾ ਰਹੀਆਂ ਨਾਜਾਇਜ਼ ਬਿਲਡਿੰਗਾਂ, ਚੱਲ ਰਹੇ ਕੈਸੀਨੋ ,ਜੂਏ ਦੇ ਅੱਡੇ, ਵਸੂਲੇ ਜਾ ਰਹੇ ਗੁੰਡਾ ਟੈਕਸ ਸਮੇਤ ਵਪਾਰੀਆਂ ਦੀ ਹੋ ਰਹੀ ਮਾੜੀ ਹਾਲਤ ਪ੍ਰਤੀ ਜਾਣੂ ਕਰਵਾਇਆ ਹੈ। ਇਹ ਵੀ ਧਿਆਨ ਵਿੱਚ ਲਿਆਂਦਾ ਹੈ ਕਿ ਅੱਜ ਬਠਿੰਡਾ ਸ਼ਹਿਰ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਬਠਿੰਡਾ ਸ਼ਹਿਰ ਦਾ ਚਹੁੰਮੁਖੀ ਵਿਕਾਸ ਹੋਇਆ ਪ੍ਰੰਤੂ ਪੰਜ ਸਾਲਾਂ ਵਿਚ ਸ਼ਹਿਰ ਦੇ ਵਿਕਾਸ ਲਈ ਇੱਕ ਇੱਟ ਵੀ ਨਹੀਂ ਲੱਗੀ, ਲੋਕ ਮੁੱਢਲੀਆਂ ਸਹੂਲਤਾਂ ਨੂੰ ਵੀ ਤਰਸ ਰਹੇ ਹਨ ।ਉਨ੍ਹਾਂ ਦੱਸਿਆ ਕਿ ਪ੍ਰਧਾਨ ਸਾਹਿਬ ਨੂੰ ਇਹ ਵੀ ਜਾਣੂ ਕਰਵਾਇਆ ਹੈ ਕਿ ਖਜ਼ਾਨਾ ਮੰਤਰੀ ਅਤੇ ਉਸ ਦੀ ਟੀਮ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਝੂਠੇ ਪਰਚਿਆਂ ਦੇ ਡਰਾਵੇ ਅਤੇ ਡਰਾ ਧਮਕਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ ਤੇ ਪਹਿਲਾਂ ਵਾਲੇ ਵਿਕਾਸ ਕੰਮ ਮੁੜ ਸ਼ੁਰੂ ਕੀਤੇ ਜਾਣਗੇ । ਸਿੰਗਲਾ ਨੇ ਕਿਹਾ ਕਿ ੳੁਨ੍ਹਾਂ ਦੀ ਕੋਸ਼ਿਸ਼ ਹੈ ਕਿ ਵਪਾਰੀਆਂ ਅਤੇ ਨੌਜਵਾਨਾਂ ਲਈ ਵੱਖਰੇ ਬੋਰਡ ਬਣਾਏ ਜਾਣਗੇ ਤਾਂ ਜੋ ਵਪਾਰੀਆਂ ਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ ਜਾਵੇ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ ਤੇ ਤੋਰਿਆ ਜਾ ਸਕੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਚਮਕੌਰ ਸਿੰਘ ਮਾਨ, ਸਾਬਕਾ ਸਰਕਲ ਪ੍ਰਧਾਨ ਨਿਰਮਲ ਸਿੰਘ ਸੰਧੂ, ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ, ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ, ਵਪਾਰ ਵਿੰਗ ਦੇ ਪ੍ਰਧਾਨ ਅਮਰਜੀਤ ਸਿੰਘ ਵਿਰਦੀ ਸਮੇਤ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਲੀਡਰ ਸਾਹਿਬਾਨ ਤੇ ਵਰਕਰ ਹਾਜ਼ਰ ਸਨ ।
Share the post "ਸੁਖਬੀਰ ਸਿੰਘ ਬਾਦਲ ਨੇ ਕੀਤੀ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੀ ਲੀਡਰਸਿਪ ਨਾਲ ਮੀਟਿੰਗ"