ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਸ਼ੌਕਤ ਅਹਿਮਦ ਪਰੇ
ਵਿਧਾਇਕ ਮੌੜ ਅਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡਾਂ ਚ ਸਪੈਸ਼ਲ ਕੈਂਪ ਲਗਾ ਕੇ ਸੁਣੀਆਂ ਸਮੱਸਿਆਵਾਂ
ਜਾਇਜ਼ ਸਮੱਸਿਆਵਾਂ ਦਾ ਮੌਕੇ ਤੇ ਕੀਤਾ ਨਿਪਟਾਰਾ
ਸੁਖਜਿੰਦਰ ਮਾਨ
ਬਠਿੰਡਾ, 9 ਦਸੰਬਰ : ਵਿਧਾਇਕ ਮੌੜ ਸ੍ਰੀ ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਯਤਨਸ਼ੀਲ ਤੇ ਵਚਨਬੱਧ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਸਪੈਸ਼ਲ ਕੈਂਪਾਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇ ਕੀਤੇ ਗਏ ਚੋਣ ਵਾਅਦਿਆਂ ਤੇ ਖਰਾ ਉਤਰਦਿਆਂ ਸੂਬੇ ਦੇ ਲੋਕਾਂ ਦੇ ਹਿੱਤ ਲਈ ਕੰਮ ਕੀਤੇ ਜਾ ਰਹੇ ਹਨ। ਵਿਧਾਇਕ ਸ੍ਰੀ ਸੁਖਵੀਰ ਸਿੰਘ ਮਾਈਸਰਖਾਨਾ ਨੇ ਪਿੰਡ ਕਰਾੜਵਾਲਾ ਵਿਖੇ ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਆਪਣੇ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਾਅਦਾ ਪੂਰਾ ਕੀਤਾ ਹੈ ਅਤੇ ਹੁਣ 86ਫ਼ੀਸਦੀ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜੋ ਕਿ ਆਮ ਲੋਕਾਂ ਲਈ ਬਹੁਤ ਰਾਹਤ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਲੋਕਾਂ ਦੀ ਮੁਢਲੀ ਸਿਹਤ ਸਹੂਲਤ ਲਈ ਮੁਹੱਲਾ ਕਲੀਨਿਕ ਖੋਲ੍ਹ ਕੇ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਦੌਰਾਨ ਇਨ੍ਹਾ ਮੁਹੱਲਾ ਕਲੀਨਿਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵਿਧਾਇਕ ਮੌੜ ਸ੍ਰੀ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਢੱਡੇ, ਚਾਉਕੇ, ਜੇਠੂਕੇ ਅਤੇ ਕਰਾੜਵਾਲਾ ਵਿੱਚ ਲਗਾਏ ਗਏ ਸਪੈਸ਼ਲ ਕੈਂਪਾਂ ਦੌਰਾਨ ਇਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ, ਉਥੇ ਕਈ ਹੋਰ ਸਮੱਸਿਆਵਾਂ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਲਗਾਏ ਗਏ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਲੋਕਾਂ ਵੱਲੋਂ ਸਿੱਖਿਆ, ਸਿਹਤ, ਪੀਣ ਵਾਲਾ ਪਾਣੀ, ਨਹਿਰੀ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਗਲੀਆਂ/ਨਾਲੀਆਂ ਆਦਿ ਤੋਂ ਇਲਾਵਾ ਆਮ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਜਿਵੇਂ ਕਿ ਰਾਸ਼ਨ ਕਾਰਡ, ਆਟਾ-ਦਾਲ, ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਆਦਿ ਸਬੰਧੀ ਆਪਣੀਆਂ ਸਮੱਸਿਆਵਾਂ ਪੇਸ਼ ਕੀਤੀਆਂ ਗਈਆਂ। ਜਿੰਨ੍ਹਾਂ ਵਿੱਚੋਂ ਬਹੁਤੀਆਂ ਸਮੱਸਿਆਵਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਹੋਰ ਜਾਇਜ਼ ਸਮੱਸਿਆਵਾਂ ਦੇ ਹੱਲ ਕਰਨ ਲਈ ਲੋੜੀਂਦੇ ਆਦੇਸ਼ ਦਿੰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾੳਣ ।ਕੈਂਪਾਂ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਰੁਪਿੰਦਰ ਪਾਲ ਸਿੰਘ, ਆਰ.ਟੀ.ਏ. ਸ੍ਰੀ ਰਾਜਦੀਪ ਸਿੰਘ ਬਰਾੜ, ਉਪ ਮੰਡਲ ਮੈਜਿਸਟ੍ਰੇਟ ਮੌੜ ਸ੍ਰੀ ਵਰਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ੍ਰੀ ਓਮ ਪ੍ਰਕਾਸ਼ ਤੋਂ ਇਲਾਵਾ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰ ਲੋਕਾਂ ਤੋਂ ਇਲਾਵਾ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
Share the post "ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਦਰਾਂ ਤੇ ਹੱਲ ਕਰਨ ਲਈ ਵਚਨਬੱਧ : ਸੁਖਵੀਰ ਸਿੰਘ ਮਾਈਸਰਖਾਨਾ"