ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਵਚਨਬੱਧ : ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ

0
44
0

ਕੋਈ ਵੀ ਯੋਗ ਲਾਭਪਾਤਰੀ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ : ਡਿਪਟੀ ਕਮਿਸ਼ਨਰ
ਸੁਖਜਿੰਦਰ ਮਾਨ
ਬਠਿੰਡਾ, 8 ਫ਼ਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਲੀ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹੈ। ਜਿਸਦੇ ਚੱਲਦੇ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਨੇ ਅੱਜ ਜ਼ਿਲ੍ਹੇ ਅਧੀਨ ਪੈਂਦੇ ਰਾਮਾਂ ਮੰਡੀ ਦੀ ਪੁਰਾਣੀ ਅਨਾਜ ਮੰਡੀ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਨਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਉਨ੍ਹਾਂ ਵੱਲੋਂ ਰਾਮਾਂ ਮੰਡੀ ਚ ਸਥਿਤ ਪੁਰਾਣੀ ਅਨਾਜ ਮੰਡੀ ਵਿਖੇ ਲਗਾਏ ਗਏ ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਬਾਘਾ, ਮਲਕਾਣਾ, ਕਮਾਲੂ, ਰਾਮਸਰਾ, ਪਿੰਡ ਰਾਮਾਂ ਤੇ ਰਾਮਾਂ ਮੰਡੀ ਅਤੇ ਬੰਗੀ ਨਿਹਾਲ ਸਿੰਘ ਵਾਲਾ ਆਦਿ ਪਿੰਡਾਂ ਦੇ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨਾਲ ਸਤਿਕਾਰ ਸਹਿਤ ਪੇਸ਼ ਆਇਆ ਜਾਵੇ ਤੇ ਉਨ੍ਹਾਂ ਦੇ ਜਾਇਜ਼ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਪਿੰਡਾਂ ਵਾਸੀਆਂ ਵੱਲੋਂ ਸ਼ਗਨ ਸਕੀਮ, ਪੈਨਸ਼ਨਾਂ, ਪੀਣ ਵਾਲੇ ਪਾਣੀ, ਨਜ਼ਾਇਜ਼ ਕਬਜ਼ੇ, ਗਲੀਆਂ-ਨਾਲੀਆਂ ਦੀ ਮੁਰੰਮਤ, ਨਹਿਰੀ ਪਾਣੀ ਦੀ ਸਮੱਸਿਆ, ਛੱਪੜਾ ਦੀ ਸਾਫ਼-ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਕਰਨ, ਖੇਡ ਮੈਦਾਨ ਬਣਾਉਣ, ਕੱਚੇ ਰਸਤੇ ਪੱਕੇ ਕਰਵਾਉਣ ਆਦਿ ਮੁਸ਼ਕਿਲਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ, ਜਿਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ।ਇਸ ਉਪਰੰਤ ਚੀਫ਼ ਵਿਪ ਪ੍ਰੋ ਬਲਜਿੰਦਰ ਕੌਰ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਨਵੀਂ ਸਬਜ਼ੀ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪੁਰਾਣੀ ਸਬਜ਼ੀ ਮੰਡੀ ਨੂੰ ਬੰਦ ਕਰਵਾ ਕੇ ਨਵੀਂ ਸਬਜ਼ੀ ਮੰਡੀ ਵਿੱਚ ਸਿਫ਼ਟ ਕਰਨਾ ਜਲਦ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾਂ 47 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ਼ ਦੀ ਸਫ਼ਾਈ ਕਰਨ ਵਾਲੀ ਜੈਟਿੰਗ ਮਸ਼ੀਨ ਵੀ ਮੰਡੀ ਵਾਸੀਆਂ ਨੂੰ ਸਮਰਪਿਤ ਕੀਤੀ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ ਚੌਧਰੀ, ਐਸਡੀਐਮ ਗਗਨਦੀਪ ਸਿੰਘ, ਤਹਿਸੀਲਦਾਰ ਤਲਵੰਡੀ ਸਾਬੋ ਮੈਡਮ ਰਮਨਦੀਪ ਕੌਰ, ਕਾਰਜ ਸਾਧਕ ਅਫ਼ਸਰ ਦੀਪਕ ਸੇਤੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੇਵਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰ ਵਿਅਕਤੀ ਸਮੇਤ ਆਮ ਲੋਕ ਹਾਜ਼ਰ ਸਨ।

0

LEAVE A REPLY

Please enter your comment!
Please enter your name here