ਸਿੱਖਿਆ ਮੰਤਰੀ ਦੇ ’ਦੀਵਾਲੀ ਗਿਫ਼ਟ’ ਦੀ ਉਡੀਕ ਵਿਚ ਬਲਾਕ ਬਠਿੰਡਾ ਅਤੇ ਸੰਗਤ ਦੇ ਕੰਪਿਊਟਰ ਅਧਿਆਪਕ
ਸੁਖਜਿੰਦਰ ਮਾਨ
ਬਠਿੰਡਾ, 5 ਦਸੰਬਰ: ਬੀਤੇ ਡੇਢ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਆਪਣੇ ਜਾਇਜ਼ ਹੱਕਾਂ ਦੇ ਲਈ ਸੰਘਰਸ਼ ਕਰ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਇੱਕ ਵਾਰ ਫਿਰ ਸੰਘਰਸ਼ ਨੂੰ ਤੇਜ ਕਰਨ ਦਾ ਮਨ ਬਣਾ ਲਿਆ ਹੈ। ਵੱਖ ਵੱਖ ਕੰਪਿਊਟਰ ਅਧਿਆਪਕ ਆਗੂਆਂ ਨੇ ਕਿਹਾ ਕਿ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 2 ਮਹੀਨੇ ਪਹਿਲਾਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਮੰਨ ਕੇ ਉਨ੍ਹਾਂ ਨੂੰ ’ਦੀਵਾਲੀ ਦਾ ਤੋਹਫ਼ਾ’ ਦੇਣ ਦਾ ਐਲਾਨ ਕੀਤਾ ਸੀ ਪਰ ਦੀਵਾਲੀ ਤੋਂ ਬਾਅਦ ਗੁਰਪੁਰਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵੀ ਲੰਘਣ ਦੇ ਮਗਰੋਂ ਵੀ ਉਨ੍ਹਾਂ ਦੇ ਹੱਕ ਬਹਾਲ ਨਹੀਂ ਕੀਤੇ ਗਏ। ਆਗੂਆਂ ਨੇ ਐਲਾਨ ਕੀਤਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਬਿਆਨਾਂ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਬਹਾਲ ਹੋਣ ਦੀ ਉਮੀਦ ਜਾਗੀ ਸੀ ਪਰ ਇਸ ਕੰਮ ਵਿਚ ਹੋ ਰਹੀ ਲਗਾਤਾਰ ਦੇਰੀ ਦੇ ਕਾਰਣ ਹੁਣ ਕੰਪਿਊਟਰ ਅਧਿਆਪਕ ਆਗੂ ਸੰਘਰਸ਼ ਕਰਨ ਦੇ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਸਰਕਾਰ ਨੇ ਉਨ੍ਹਾਂ ਦੇ ਹੱਕ ਬਹਾਲ ਨਾ ਕੀਤੇ ਤਾਂ ਉਹ ਸੜਕਾਂ ਤੇ ਉੱਤਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ ਜਿਸ ਦੀ ਨਿਰੋਲ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਹੋਏ ਫ਼ੈਸਲੇ ਅਨੁਸਾਰ 10 ਦਸੰਬਰ ਨੂੰ ਬਲਾਕ ਦੇ ਸਮੂਹ ਕੰਪਿਊਟਰ ਅਧਿਆਪਕ ਅਨੰਦਪੁਰ ਸਾਹਿਬ ਵਿਖੇ ਇਕੱਠਾ ਹੁੰਦੇ ਹੋਏ ਸਿੱਖਿਆ ਮੰਤਰੀ ਦੇ ਘਰ ਅੱਗੇ ਹਜ਼ਾਰਾਂ ਦੀਵੇ ਬਾਲ਼ ਕੇ ਦੀਵਾਲੀ ਮਨਾਉਂਦੇ ਹੋਏ ਆਪਣਾ ਰੋਸ ਪ੍ਰਗਟ ਕਰਨਗੇ। ਆਯੋਜਿਤ ਬਲਾਕ ਪੱਧਰੀ ਮੀਟਿੰਗ ਵਿਚ ਬਲਾਕ ਦੇ ਵੱਖ ਵੱਖ ਸਕੂਲਾਂ ਤੋਂ ਆਏ ਕੰਪਿਊਟਰ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ ਪਰ ਹੁਣ ਸਮੇਂ ਦੇ ਨਾਲ ਨਾਲ ਇਹ ਉਮੀਦਾਂ ਨਮੋਸ਼ੀ ਵਿਚ ਬਦਲਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਆਪਣਾ ਕੀਤਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ, ਕਿਉਂਕਿ 11 ਸਾਲਾਂ ਤੋਂ ਰੈਗੂਲਰ ਹੋਣ ਦੇ ਬਾਅਦ ਵੀ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕਾਂ ਦੇ ਲਈ ਜੱਦੋ ਜਹਿਦ ਕਰਨੀ ਪੈ ਰਹੀ ਹੈ। ਇਸ ਮੌਕੇ ਬਲਾਕ ਬਠਿੰਡਾ ਅਤੇ ਸੰਗਤ ਦੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ, ਰਚਨਾ, ਮੀਨੂੰ, ਪ੍ਰਤਿਭਾ ਸ਼ਰਮਾ, ਹਰਚਰਨ ਸਿੰਘ, ਨਵਦੀਪ ਕੁਮਾਰ, ਪੰਕਜ ਕਾਂਸਲ, ਗੁਰਬਖਸ਼ ਲਾਲ, ਮੋਨਿਕਾ ਰਾਣੀ, ਗੁਰਪ੍ਰੀਤ ਕੌਰ, ਮਨਜੀਤ ਕੌਰ, ਸੋਨੀਆ ਗਰਗ, ਗੁਰਿੰਦਰ ਸਿੰਘ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਬਲਾਕ ਦੇ ਕੰਪਿਊਟਰ ਅਧਿਆਪਕ ਹਾਜ਼ਰ ਸਨ।
ਬਾਕਸ
ਕੀ ਹਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ
ਕੰਪਿਊਟਰ ਅਧਿਆਪਕ ਆਗੂਆਂ ਨੇ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ 2011 ਤੋਂ ਰੈਗੂਲਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਇੱਕ ਹੀ ਮੰਗ ਹੈ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿਚ ਦਰਜ ਸਾਰੇ ਲਾਭ ਉਨ੍ਹਾਂ ਨੂੰ ਦਿੱਤੇ ਜਾਣ ਜਿਸ ਅਧੀਨ 6ਵੇਂ ਪੇ ਕਮਿਸ਼ਨ ਦਾ ਲਾਭ ਉਨ੍ਹਾਂ ਨੂੰ ਦਿੱਤਾ ਜਾਵੇ, ਪੰਜਾਬ ਸੀ ਐਸ ਆਰ ਅਧੀਨ ਉਨ੍ਹਾਂ ਦੇ ਬਣਦੇ ਲਾਭ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਵੀ ਪੁਰਾਣੀ ਪੈਨਸ਼ਨ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਕੰਪਿਊਟਰ ਅਧਿਆਪਕਾਂ ਦਾ ਸਬਰ ਦਾ ਬੰਨ੍ਹ ਟੁੱਟਦਾ ਜਾ ਰਿਹਾ ਹੈ ਅਤੇ ਜੇਕਰ ਪਹਿਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਦਾ ਵੀ ਰਵੱਈਆ ਲਾਰੇ ਲੱਪੇ ਵਾਲ਼ਾ ਹੀ ਰਿਹਾ ਤਾਂ ਉਹ ਸੰਘਰਸ਼ ਨੂੰ ਸੜਕਾਂ ਤੇ ਲੈ ਆਉਣਗੇ ਅਤੇ ਉਦੋਂ ਤੱਕ ਸੰਘਰਸ਼ ਨੂੰ ਠੰਢਾ ਨਹੀਂ ਹੋਣ ਦਿੱਤਾ ਜਾਵੇਗਾ ਜਦੋਂ ਤੱਕ ਉਨ੍ਹਾਂ ਦੇ ਸਾਰੇ ਹੱਕ ਬਹਾਲ ਨਹੀਂ ਹੋ ਜਾਣਗੇ।
Share the post "ਸੂਬਾ ਸਰਕਾਰ ਦੇ ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕ 10 ਨੂੰ ਸਿੱਖਿਆ ਮੰਤਰੀ ਦੇ ਘਰ ਬਾਲਣਗੇ ਦੀਵੇ"