ਸੁਖਜਿੰਦਰ ਮਾਨ
ਬਠਿੰਡਾ, 29 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਹਰ ਘਰ ਤੱਕ ਪੀਣ ਲਈ ਸ਼ੁੱਧ ਪਾਣੀ ਤੇ ਨਿਰਵਿਘਨ ਸਪਲਾਈ ਦੇਣ ਲਈ ਵਚਨਵੱਧ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਵੱਖ-ਵੱਖ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਪੀਣ ਲਈ ਸਪਲਾਈ ਕੀਤੇ ਜਾ ਰਹੇ ਸ਼ੁੱਧ ਪਾਣੀ ਸਬੰਧੀ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਿੰਡਾਂ ਵਿੱਚ ਜਲ ਸਪਲਾਈ ਵਿਭਾਗ ਵਲੋਂ ਦਿੱਤੀ ਜਾ ਰਹੀ ਪਾਣੀ ਦੀ ਸਪਲਾਈ ਸਬੰਧੀ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਕੋਲੋਂ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਪਾਣੀ ਦੀ ਸਪਲਾਈ ਦੌਰਾਨ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਜਾਣੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿੰਡਾਂ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਅਤੇ ਸਮੇਂ ਸਿਰ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੋ ਜਲ ਸਪਲਾਈ ਸਬੰਧੀ ਪਿੰਡਾਂ ਵਿੱਚ ਨਵੇਂ ਜਲ ਘਰ ਨਿਰਮਾਣ ਅਧੀਨ ਹਨ, ਦੇ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਤੇ ਜ਼ਿਲ੍ਹੇ ਅੰਦਰ ਪੈਂਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ ਚੱਲ ਰਹੇ ਜਲ ਘਰਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਮ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਲਈ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ ਤੇ ਹਰ ਘਰ ਤੱਕ ਸ਼ੁੱਧ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੂੰ ਕਿਹਾ ਕਿ ਰਾਮਪੁਰਾ ਵਿਖੇ ਬਨਣ ਵਾਲੇ ਨਵੇਂ ਜਲ ਘਰ ਲਈ ਢੁੱਕਵੀਂ ਜ਼ਮੀਨ ਦੀ ਜਲਦ ਸ਼ਨਾਖਤ ਕੀਤੀ ਜਾਵੇ ਤਾਂ ਜੋ ਜਲ ਘਰ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਕੇ ਸ਼ਹਿਰ ਵਾਸੀਆਂ ਨੂੰ ਪੀਣ ਲਈ ਸ਼ੁੱਧ ਪਾਣੀ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਕਰਵਾਇਆ ਜਾ ਸਕੇ। ਮੀਟਿੰਗਿ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਵਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀ ਹਾਜ਼ਰ ਸਨ।
Share the post "ਸੂਬਾ ਸਰਕਾਰ ਹਰ ਘਰ ਤੱਕ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਚਨਵੱਧ : ਡਿਪਟੀ ਕਮਿਸ਼ਨਰ"