ਸੁਖਜਿੰਦਰ ਮਾਨ
ਬਠਿੰਡਾ, 28 ਮਈ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ)ਵੱਲੋਂ ਦਿੱਤੇ ਸੱਦੇ ਤਹਿਤ ਅੱਜ ਕਿਸਾਨ ਆਗੂਆਂ ਵਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਮਂੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਚ ਉਸਦੇ ਪ੍ਰਤੀਨਿਧ ਨੂੰ ਕਿਸਾਨੀ ਮੰਗਾਂ ਸਬੰਧੀ ਇੱਕ ਚੇਤਾਵਨੀ ਪੱਤਰ ਸੌਪਿਆ ਗਿਆ। ਇਸ ਚੇਤਾਵਨੀ ਪੱਤਰ ਰਾਹੀਂ ਸੰਸਦ ਮੈਂਬਰਾਂ ਨੂੰ ਕਿਸਾਨੀ ਮੁੱਦਿਆਂ ’ਤੇ ਪਾਰਲੀਮੈਂਟ ਵਿਚ ਅਵਾਜ਼ ਚੁੱਕਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਮੋਰਚੇ ਦੇ ਆਗੂ ਸਥਾਨਕ ਜ਼ਿਲ੍ਹਾ ਕੰਪਲੈਕਸ ਅੱਗੇ ਇਕੱਤਰ ਹੋਏ, ਜਿੱਥੇ ਉਨ੍ਹਾਂ ਕੇਂਦਰ ਸਰਕਾਰ ਉਪਰ ਦੋਸ਼ ਲਗਾਉਂਦਿਆਂ ਕਿਹਾ ਕਿ ਹਾਲੇ ਤੱਕ ਅੱਧੀ ਦਰਜ਼ਨ ਦੇ ਕਰੀਬ ਲੰਬਿਤ ਪਈਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦੇਣ ਤੋਂ ਬਾਅਦ ਵੀ ਪੂਰਾ ਨਹੀਂ ਕੀਤਾ ਜਾ ਰਿਹਾ ਹੈ, ਜਿਸਤੋਂ ਸਰਕਾਰ ਦੀ ਨੀਅਤ ਵਿਚ ਖੋਟ ਸਾਫ਼ ਦਿਖਾਈ ਦਿੰਦੀ ਹੈ। ਕਿਸਾਨ ਆਗੂਆਂ ਨੇ ਦਸਿਆ ਕਿ ਸੰਯੁਕਤ ਕਿਸਾਨ ਮੋਰਚਾ ਨੇ 21 ਨਵੰਬਰ 2021 ਨੂੰ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿੱਚ ਆਪਣੀਆਂ ਛੇ ਲੰਬਿਤ ਮੰਗਾਂ ਮੰਨਣ ਲਈ ਕਿਹਾ ਸੀ, ਜਿਸਦੇ ਜਵਾਬ ਵਿੱਚ 9 ਦਸੰਬਰ 2021 ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਨੇ ਮੋਰਚਾੇ ਨੂੰ ਵਾਪਸੀ ਪੱਤਰ ਲਿਖਦਿਆਂ ਕਈ ਮੁੱਦਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੰਦਿਆਂ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ। ਸਰਕਾਰ ਦੇ ਇਸ ਪੱਤਰ ’ਤੇ ਭਰੋਸਾ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਨੇ 11 ਦਸੰਬਰ 2021 ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਮੋਰਚੇ ਅਤੇ ਸਾਰੇ ਰੋਸ ਪ੍ਰਦਰਸ਼ਨਾਂ ਨੂੰ ਮੁਅੱਤਲ ਕਰ ਦਿੱਤਾ ਸੀ। ਪ੍ਰੰਤੂ ਹੁਣ 18 ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਜਿਸਦੇ ਚੱਲਦੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਇੰਨ੍ਹਾਂ ਬਕਾਇਆ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਇਆ ਜਾਵੇ। ਇੰਨ੍ਹਾਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਜਿੱਥੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ 32 + 50% ਫਾਰਮੂਲੇ ਦੇ ਅਨੁਸਾਰ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਬਣਾਉਣ, ਕਿਸਾਨਾਂ ਦੇ ਸਾਰੇ ਕਿਸਮ ਦੇ ਕਰਜ਼ੇ ਖ਼ਤਮ ਕਰਨ , ਲਖੀਮਪੁਰ ਖੀਰੀ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ, ਬਿਜਲੀ ਸੋਧ ਬਿੱਲ 2022 ਨੂੰ ਤੁਰੰਤ ਵਾਪਸ ਲੈਣ ਅਤੇ ਸੋਕੇ, ਹੜ੍ਹ, ਜ਼ਿਆਦਾ ਮੀਂਹ, ਫਸਲਾਂ ਨਾਲ ਸਬੰਧਤ ਬਿਮਾਰੀਆਂ ਆਦਿ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਰੀਆਂ ਫਸਲਾਂ ਲਈ ਵਿਆਪਕ ਅਤੇ ਪ੍ਰਭਾਵੀ ਫਸਲ ਬੀਮਾ ਯੋਜਨਾਂ ਲਾਗੂ ਕਰਨ ਲਈ ਕਿਹਾ ਜਾ ਰਿਹਾ ਹੈ। ਇਸਤੋਂ ਇਲਾਵਾ ਸਾਰੇ ਦਰਮਿਆਨੇ, ਛੋਟੇ ਅਤੇ ਸੀਮਾਂਤ ਮਰਦ ਅਤੇ ਔਰਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ 10,000 ਰੁਪਏ ਪ੍ਰਤੀ ਮਹੀਨੇ ਦੀ ਕਿਸਾਨ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ, ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੱਲੋ, ਜਮਹੂਰੀ ਕਿਸਾਨ ਸਭਾ ਦੇ ਜਿਲਾ ਆਗੂ ਸੁਖਮੰਦਰ ਸਿੰਘ ਧਾਲੀਵਾਲ, ਪੰਜਾਬ ਕਿਸਾਨ ਯੂਨੀਅਨ ਦੇ ਗੁਰਪ੍ਰੀਤ ਸਿੰਘ, ਦਾਰਾ ਸਿੰਘ ਮਾਈਸਰਖਾਨਾ, ਕਿਸਾਨ ਯੂਨੀਅਨ ਡਕੌਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਬਲਦੇਵ ਸਿੰਘ ਭਾਈ ਰੂਪਾ ਆਦਿ ਹਾਜ਼ਰ ਸਨ।
Share the post "ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਐਮ.ਪੀ ਦੇ ਪ੍ਰਤੀਨਿਧ ਨੂੰ ਸੌਪਿਆ ਚੇਤਾਵਨੀ ਪੱਤਰ"