ਸੁਖਜਿੰਦਰ ਮਾਨ
ਬਠਿੰਡਾ, 9 ਮਈ : ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾ੍ਰਮ ਤਹਿਤ ਅੱਜ ਬੀਕੇਯੂ ਏਕਤਾ ਡਕੌਂਦਾ ਪੰਜਾਬ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਬਲਕਰਨ ਸਿੰਘ ਬਰਾੜ, ਅਮਰਜੀਤ ਸਿੰਘ ਹਨੀ, ਬਲਦੇਵ ਸਿੰਘ ਭਾਈ ਰੂਪਾ, ਬੂਟਾ ਸਿੰਘ ਤੁੰਗਵਾਲੀ ਆਦਿ ਦੀ ਅਗਵਾਈ ਹੇਠ ਭੁੱਚੋ ਮੰਡੀ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਮੰਗ ਪੱਤਰ ਸੋਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਫ਼ਸਲਾਂ ਦੇ ਹੋਏ ਖਰਾਬੇ ਸਬੰਧੀ ਮੁਆਵਜਾ ਅਤੇ ਹੋਰ ਰਾਹਤ ਤੁਰੰਤ ਦੇਣ, ਕਣਕ ਦੇ ਘੱਟ ਝਾੜ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ 10,000 ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਣ, ਅੱਗ ਨਾਲ ਸੜੀ ਕਣਕ ਦੇ ਹੋਏ ਨੁਕਸਾਨ ਲਈ 40,000 ਰੁਪਏ ਪ੍ਰਤੀ ਏਕੜ ਮੁਆਵਜਾ ਦੇਣ, ਕਿਸਾਨਾਂ ਦੇ ਕਰਜ਼ੇ ਦੀਆਂ ਕਿਸ਼ਤਾਂ ਛੇ ਮਹੀਨੇ ਪਿਛੇ ਪਾਉਣ, ਗੰਨੇ ਦੀ ਫਸਲ ਦੇ ਮਿੱਲਾਂ ਵੱਲ ਖੜੇ ਕਰੋੜਾਂ ਰੁਪਏ ਦਾ ਤੁਰੰਤ ਭੁਗਤਾਨ ਕਰਵਾਉਣ, ਫਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਲਾਗੂ ਕਰਵਾਉਣ ਲਈ ਬਿਜਲੀ ਅਤੇ ਨਹਿਰੀ ਪਾਣੀ ਨਿਰਵਿਘਨ ਦੇਣ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਨੂੰ ਬਹਾਲ ਕਰਵਾਉਣ ਦੇ ਨਾਲ-ਨਾਲ ਡੈਮ ਸਕਿਓਰਟੀ ਐਕਟ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਅਸੈਂਬਲੀ ਵਿੱਚ ਮਤਾ ਪਾਸ ਕਰਨ ਦੀ ਵੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਸਰਕਾਰ ਨੂੰ 25 ਮਈ ਤੱਕ ਦਾ ਸਮਾਂ ਦਿੰਦਿਆਂ ਮੰਗਾਂ ਨਾ ਮੰਨਣ ਦੀ ਸੂਰਤ ’ਚ ਸੰਘਰਸ਼ ਕਰਨ ਦਾ ਐਲਾਨ ਵੀ ਕੀਤਾ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ
18 Views