ਕਿਹਾ- ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਪ੍ਰਬੰਧ ਨਾ ਕੀਤੇ ਜਾਣ ਕਾਰਨ ਵੱਡਾ ਨੁਕਸਾਨ ਹੋਇਆ ਹੈ
ਪੰਜਾਬੀ ਖ਼ਬਰਸਾਰ ਬਿਉਰੋ
ਮੋਹਾਲੀ, 12 ਜੁਲਾਈ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਭਾਰੀ ਮੀਂਹ ਕਾਰਨ ਮੁਹਾਲੀ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਮੁਹਾਲੀ ਦੇ ਵਾਰਡ ਨੰਬਰ 7 ਅਤੇ ਪਿੰਡ ਰੁੜਕਾ ਵਿੱਚ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਲੋਕਾਂ ਨੇ ਸੰਸਦ ਮੈਂਬਰ ਤਿਵਾੜੀ ਨੂੰ ਆਪਣੇ ਘਰਾਂ ਅਤੇ ਹੋਰ ਥਾਵਾਂ ’ਤੇ ਹੋਏ ਨੁਕਸਾਨ ਬਾਰੇ ਦੱਸਿਆ। ਲੋਕਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ। ਲੋਕਾਂ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਨੀਤੀਆਂ ਪ੍ਰਤੀ ਭਾਰੀ ਰੋਸ ਵੀ ਦੇਖਣ ਨੂੰ ਮਿਲਿਆ।ਲੋਕਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸਰਕਾਰ ਮਾਨਸੂਨ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਕਰਨ ਵਿੱਚ ਅਸਫਲ ਰਹੀ ਹੈ। ਇਸ ਦੌਰਾਨ ਨਾ ਤਾਂ ਡਰੇਨਾਂ ਦੀ ਸਫ਼ਾਈ ਕਰਵਾਈ ਗਈ ਅਤੇ ਨਾ ਹੀ ਲੋੜ ਪੈਣ ’ਤੇ ਠੋਸ ਪ੍ਰਬੰਧ ਕੀਤੇ ਗਏ। ਸੰਸਦ ਮੈਂਬਰ ਤਿਵਾੜੀ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਜਦੋਂ ਭਾਰੀ ਬਰਸਾਤ ਹੋਈ ਸੀ ਤਾਂ ਸਥਿਤੀ ਨੂੰ ਸਮੇਂ ਸਿਰ ਸੰਭਾਲ ਲਿਆ ਗਿਆ ਸੀ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਗਿਆ ਸੀ।ਇਸ ਦੌਰਾਨ ਉਨ੍ਹਾਂ ਨਾਲ ਸਥਾਨਕ ਕੌਂਸਲਰ ਬਲਜੀਤ ਕੌਰ, ਮੋਹਾਲੀ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਐਮ.ਸੀ., ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਮਨਜੋਤ ਸਿੰਘ, ਅਮਨ ਸਲੈਚ, ਸੋਹਣ ਸੈਨੀ, ਕਰਮਜੀਤ ਸੈਣੀ, ਗੁਰਮੀਤ ਸੈਣੀ, ਪੂਰਨ ਸਿੰਘ, ਦਲਬੀਰ ਸੈਣੀ, ਸਰਪੰਚ ਗੁਰਵਿੰਦਰ ਸਿੰਘ ਨਡਿਆਲੀ, ਮਨਦੀਪ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ
12 Views