ਸੁਖਜਿੰਦਰ ਮਾਨ
ਬਠਿੰਡਾ,10 ਨਵੰਬਰ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਪੰਜਾਬ ਸਰਕਾਰ ਦੇ ਕੋਲੋਂ ਮਨਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ ਤੇ ਇਸੇ ਲੜੀ ਦੇ ਤਹਿਤ 14 ਨਵੰਬਰ ਦਿਨ ਐਤਵਾਰ ਨੂੰ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਸ਼ਹਿਰ ਜਲੰਧਰ ਵਿਖੇ ਉਹਨਾਂ ਦੇ ਘਰ ਅੱਗੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ । ਇਹ ਜਾਣਕਾਰੀ ਜ਼ਿਲਾ ਬਠਿੰਡਾ ਦੀ ਜ਼ਿਲਾ ਜਨਰਲ ਸਕਤੱਰ ਗੁਰਮੀਤ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਪਿਛਲੇਂ ਕ਼ਰੀਬ ਪੌਣੇ ਪੰਜ ਸਾਲ ਕਾਂਗਰਸ ਦੀ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਤੇ ਝੂਠੇ ਲਾਰਿਆਂ ਦੇ ਵਿੱਚ ਹੀ ਰੱਖਿਆ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦਾ ਰਾਸ਼ਨ ਠੇਕੇਦਾਰੀ ਸਿਸਟਮ ਰਾਹੀਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿਸ ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਰਾਸ਼ਨ ਬਣਾਉਣ ਲਈ ਦਿੱਤੇ ਜਾਂਦੇ ਪੈਸੇ ਪ੍ਰਤੀ ਲਾਭਪਾਤਰੀ 40 ਪੈਸੇ ਦੀ ਥਾਂ 1 ਰੁਪਈਆ ਦਿੱਤਾ ਜਾਵੇ ਕਿਉਕਿ ਗੈਸ ਸਿਲੰਡਰ ਦੇ ਭਾਅ ਦੁਗਣੇ ਹੋ ਗਏ ਹਨ । ਉਹਨਾਂ ਕਿਹਾ ਕਿ ਜਲੰਧਰ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਇਸ ਖ਼ੇਤਰ ਵਿੱਚੋਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਮੂਲੀਅਤ ਕਰਨਗੀਆਂ । ਜਥੇਬੰਦੀ ਨੇ ਚੇਤਾਵਨੀ ਦਿਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੀਆਂ ਚੋਣਾਂ ਵਿਚ ਨਤੀਜੇ ਭੁਗਤਣ ਲਈ ਤਿਆਰ ਰਹੇ