ਸੁਖਜਿੰਦਰ ਮਾਨ
ਬਠਿੰਡਾ, 7 ਜੂਨ: ਸਹਾਇਕ ਕਮਿਸ਼ਨਰ (ਜ) ਪੰਕਜ ਕੁਮਾਰ ਨੇ ਸੰਭਾਵੀਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਸਾਰੇ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖ ਸਕਣ ਅਤੇ ਸੰਭਾਵੀ ਭਾਰੀ ਬਾਰਿਸ਼ਾਂ ਜਾਂ ਹੜ੍ਹਾਂ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਅੰਦਰ ਪੈਂਦੀਆਂ ਡਰੇਨਾਂ ਦੀ ਸਾਫ਼-ਸਫ਼ਾਈ ਸਬੰਧੀ ਜਾਣਕਾਰੀ ਲਈ ਅਤੇ ਡਰੇਨਾਂ ਦੀ ਸਫ਼ਾਈ ਦਾ ਕੰਮ ਜਲਦੀ ਮੁਕੰਮਲ ਕਰਵਾਉਣ ਦੇ ਆਦੇਸ਼ ਦਿੱਤੇ । ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸੀਵਰੇਜ ਸਿਸਟਮ ਦੀ ਚੰਗੀ ਤਰ੍ਹਾਂ ਸਾਫ਼-ਸਫ਼ਾਈ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਨੂੰ ਰਾਸ਼ਨ ਸਪਲਾਈ ਦੇ ਪ੍ਰਬੰਧ ਰੱਖਣ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਮੈਡੀਕਲ ਟੀਮਾਂ ਦਾ ਗਠਨ ਕਰਨ, ਸਿਵਲ ਸਰਜਨ ਨੂੰ ਦਵਾਈਆਂ ਦੀ ਉਪਲਬਧਤਾ, ਪੀਣ ਲਈ ਪਾਣੀ ਦਾ ਪ੍ਰਬੰਧ ਆਦਿ ਕਰਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ ਬਠਿੰਡਾ ਵਰਿੰਦਰ ਸਿੰਘ,ਐਸ.ਡੀ.ਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸ.ਡੀ.ਐਮ ਰਾਮਪੁਰਾ ਫੂਲ ਸ੍ਰੀ ਓਮ ਪ੍ਰਕਾਸ਼ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Share the post "ਹੜ੍ਹਾਂ ਤੋਂ ਬਚਾਅ ਲਈ ਜ਼ਿਲਾ ਪ੍ਰਸ਼ਾਸਨ ਲਈ ਕੀਤੀਆਂ ਤਿਆਰੀਆਂ, ਕੀਤੀ ਸਮੀਖਿਆ ਮੀਟਿੰਗ"