ਸੁਖਜਿੰਦਰ ਮਾਨ
ਬਠਿੰਡਾ, 21 ਜਨਵਰੀ: ਵਿਧਾਨ ਸਭਾ ਚੋਣਾਂ-2022 ਪਾਰਦਰਸ਼ੀ ਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਪੋਲਿੰਗ ਸਮੇਂ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਇਹ ਦਾਅਵਾ ਅੱਜ ਇੱਥੇ ਪੱਤਰਕਾਰਾਂ ਨਾਲ ਕੀਤੀ ਅਪਣੀ ਪਲੇਠੀ ਮੀਟਿੰਗ ਦੌਰਾਨ ਨਵੇਂ ਆਏ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਕਰਦਿਆਂ ਦਸਿਆ ਕਿ ਵੋਟਾਂ ਦੀ 5 ਜਨਵਰੀ 2022 ਮੁਤਾਬਿਕ ਸਰਸਰੀ ਸੁਧਾਈ ਅਨੁਸਾਰ 15632 ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਚੋਣਾਂ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਸ਼ਿਕਾਇਤ ਜਾਂ ਜਾਣਕਾਰੀ ਲਈ ਜ਼ਿਲ੍ਹਾ ਸ਼ਿਕਾਇਤ ਸੈੱਲ ਸਥਾਪਤ ਕੀਤਾ ਗਿਆ ਹੈ, ਜਿਸ ਦਾ ਹੈਲਪ ਲਾਇਨ ਨੰਬਰ 0164-211389 ਤੇ 211915 ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਹੁਣ ਤੱਕ ਨਿੱਜੀ ਤੌਰ ’ਤੇ 49 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 45 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 4 ਪੈਂਡਿੰਗ ਹਨ। ਇਸੇ ਤਰ੍ਹਾਂ ਸੀ-ਵਿਜ਼ਿਲ ਤੇ 223 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਦਾ ਭੰਡਾਰ ਕਰਨ ’ਤੇ ਵੀ ਪੂਰਨ ਪਾਬੰਦੀ ਹੈ ਅਤੇ ਇਸ ਦੀ ਰੋਕਥਾਮ ਲਈ ਚੌਕਸੀ ਟੀਮਾਂ ਵੱਖ-ਵੱਖ ਪੱਧਰ ’ਤੇ ਕਾਰਜਸ਼ੀਲ ਹਨ।ਇਸਤੋਂ ਇਲਾਵਾ ਵੋਟਾਂ ਪਾਉਣ ਤੋਂ 48 ਘੰਟੇ ਪਹਿਲਾਂ ਅਤੇ ਵੋਟਾਂ ਦੀ ਗਿਣਤੀ ਵਾਲੇ ਸ਼ਰਾਬ ਦੀ ਵਿਕਰੀ ਉਪਰ ਰੋਕ ਲਗਾਈ ਹੈ। ਉਨ੍ਹਾਂ ਦਸਿਆ ਕਿ 23 ਜਨਵਰੀ ਨੂੰ ਵੱਖ-ਵੱਖ ਚੋਣ ਹਲਕਿਆਂ ਦੇ ਚੋਣ ਅਮਲੇ ਦੀ ਰਿਹਰਸਲ ਸਵੇਰ ਤੇ ਸ਼ਾਮ ਦੀਆਂ ਦੋ ਸ਼ਿਫਟਾਂ ਵਿੱਚ ਹਲਕਾ ਵਾਇਜ਼ ਸਬੰਧਤ ਆਰ.ਓਜ਼ ਦੀ ਪ੍ਰਧਾਨਗੀ ਹੇਠ ਕਰਵਾਈ ਜਾਵੇਗੀ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦਸਿਆ ਕਿ 6 ਵਿਧਾਨ ਸਭਾ ਹਲਕਿਆਂ ਦੀਆਂ ਬਿਜਲਈ ਵੋਟਿੰਗ ਮਸ਼ੀਨਾਂ (ਜ਼ਿਨ੍ਹਾਂ ਚ ਬੈਲਟ ਯੂਨਿਟ, ਕੰਟਰੋਲ ਯੂਨਿਟ ਅਤੇ ਵੀਵੀਪੈਟ ਸ਼ਾਮਲ ਹਨ) ਸਬੰਧਤ ਆਰਓਜ਼ ਨੂੰ ਸੌਂਪ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਲੋਂ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਭਾਰਤੀ ਹੋਟਲ ਮੈਨੇਜਮੈਂਟ ਸੰਸਥਾ ਅਤੇ ਪੈਸਕੋ ਵਿਖੇ ਬਣਾਏ ਗਏ ਸਟਰਾਂਗ ਰੂਮ ਵਿੱਚ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸ ਸਿੰਘ ਵੀ ਹਾਜ਼ਰ ਰਹੇ।
Share the post "15632 ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦਾ ਕਰਨਗੇ ਇਸਤੇਮਾਲ : ਜ਼ਿਲ੍ਹਾ ਚੋਣ ਅਫ਼ਸਰ"