👉ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ ਘਾਟ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦੇ ਹੁਕਮ; ਮਰੀਜ਼ਾਂ ਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲਿਆਂ ਨਾਲ ਹਮਦਰਦੀ ਨਾਲ ਪੇਸ਼ ਆਉਣ ਅਤੇ ਨਸ਼ਿਆਂ ਨਾਲ ਸਬੰਧਤ ਸ਼ੱਕੀ ਮੌਤਾਂ ਦਾ ਆਡਿਟ ਕਰਨ ਦੇ ਵੀ ਦਿੱਤੇ ਨਿਰਦੇਸ਼
👉ਨਵੰਬਰ ਤੱਕ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਲੱਗਣਗੀਆਂ ਐਮ.ਆਰ.ਆਈ. ਅਤੇ ਸੀ.ਟੀ. ਸਕੈਨ ਮਸ਼ੀਨਾਂ: ਡਾ. ਬਲਬੀਰ ਸਿੰਘ
Health News:ਸੂਬੇ ਭਰ ਵਿੱਚ ਹੇਠਲੇ ਪੱਧਰ ਤੱਕ ਮਿਆਰੀ ਜਨਤਕ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਹੋਰ 333 ਪਿੰਡ ਕਲੀਨਿਕ ਜਲਦ ਖੋਲ੍ਹਣ ਦਾ ਐਲਾਨ ਕੀਤਾ, ਜਿਸ ਨਾਲ ਪਿੰਡ ਕਲੀਨਿਕਾਂ ਦੀ ਕੁੱਲ ਗਿਣਤੀ 591 ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ 258 ‘ਪਿੰਡ ਕਲੀਨਿਕ’ (ਪਿੰਡ ਪੱਧਰੀ ਕਲੀਨਿਕ) ਪਹਿਲਾਂ ਹੀ ਸਫਲਤਾਪੂਰਵਕ ਚੱਲ ਰਹੇ ਹਨ।ਇਹ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੇ ਘਰਾਂ ਦੇ ਨਜ਼ਦੀਕ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਪਹਿਲਾਂ ਤੋਂ ਹੀ ਕਾਰਜਸ਼ੀਲ 1244 ਆਮ ਆਦਮੀ ਕਲੀਨਿਕਾਂ ਤੋਂ ਵੱਖਰੇ ਹਨ।ਇੱਥੇ ਸਿਵਲ ਸਰਜਨਾਂ ਦੀ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਸੇਵਾਵਾਂ ਦੀ ਜ਼ਿਲ੍ਹਾ-ਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦਾ ਭਰੋਸਾ ਕੁਸ਼ਲ ਡਾਕਟਰੀ ਇਲਾਜ ਅਤੇ ਹਮਦਰਦੀ ਭਰੇ ਵਤੀਰੇ- ਦੋਵਾਂ ‘ਤੇ ਨਿਰਭਰ ਕਰਦਾ ਹੈ। ਉਨ੍ਹਾਂ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਵਾਲੇ ਵਿਅਕਤੀਆਂ ਨਾਲ ਪੂਰੀ ਹਮਦਰਦੀ ਨਾਲ ਪੇਸ਼ ਆਉਣ, ਤਾਂ ਜੋ ਨਾਗਰਿਕਾਂ ਨੂੰ ਮਿਆਰੀ ਇਲਾਜ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਹੇਠਲੇ ਪੱਧਰ ਦੇ ‘ਪਿੰਡ ਕਲੀਨਿਕਾਂ’ ਤੋਂ ਲੈ ਕੇ ਜ਼ਿਲ੍ਹਾ ਹਸਪਤਾਲਾਂ ਤੱਕ ਹਰੇਕ ਸਰਕਾਰੀ ਸਿਹਤ ਸੰਸਥਾ ਵਿੱਚ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਸਟਾਫ਼ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ 👉ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀਆਂ ਸਿਹਤ ਪਹਿਲਕਦਮੀਆਂ ਦੇ ਉਸਾਰੂਪ੍ਰ ਭਾਵ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ—ਜਿੱਥੇ 107 ਕਿਸਮ ਦੀਆਂ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਮੁਹਈਆ ਕਰਵਾਏ ਜਾਂਦੇ ਹਨ, ਕਾਫ਼ੀ ਹੱਦ ਤੱਕ ਲੋਕਾਂ ਦਾ ਭਰੋਸਾ ਜਿੱਤਣ ਵਿੱਚ ਕਾਮਯਾਬ ਰਹੇ ਹਨ। ਡਾ ਬਲਬੀਰ ਸਿੰਘ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਲਗਾਤਾਰ ਖਰਾ ਉਤਰਨ ਲਈ ਲਈ ਕੋਈ ਵੀ ਆਮ ਆਦਮੀ ਕਲੀਨਿਕ ਡਾਕਟਰ ਅਤੇ ਸਟਾਫ਼ ਤੋਂ ਬਿਨਾਂ ਨਹੀਂ ਰਹਿਣਾ ਚਾਹੀਦਾ।ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਨਵੰਬਰ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ ਐਮ.ਆਰ.ਆਈ. ਅਤੇ ਸੀ.ਟੀ. ਸਕੈਨ ਮਸ਼ੀਨਾਂ ਲਗਾ ਦਿੱਤੀਆਂ ਜਾਣਗੀਆਂ। ਉਨ੍ਹਾਂ ਸਥਾਨਕ ਹਸਪਤਾਲਾਂ ਵਿੱਚ ਸੁਧਾਰ ਲਿਆਉਣ ਲਈ ਰੋਗੀ ਕਲਿਆਣ ਸਮਿਤੀ ਦੀਆਂ ਨਿਯਮਤ ਮਹੀਨਾਵਾਰ ਅਤੇ ਤਿਮਾਹੀ ਮੀਟਿੰਗਾਂ ਕਰਨ ‘ਤੇ ਵੀ ਜ਼ੋਰ ਦਿੱਤਾ।ਜਨਤਕ ਸਿਹਤ ਤਰਜੀਹਾਂ ਸਬੰਧੀ ਅਹਿਮ ਨਿਰਦੇਸ਼ ਜਾਰੀ ਕਰਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਠੋਸ ਢੰਗ ਨਾਲ ਲਾਗੂ ਕਰਨ, ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਭਰ ਵਿੱਚ ਨਸ਼ਿਆਂ ਨਾਲ ਸਬੰਧਤ ਹਰ ਸ਼ੱਕੀ ਮੌਤ ਦਾ ਬਾਰੀਕੀ ਨਾਲ ਆਡਿਟ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਸਿਹਤ ਯੋਜਨਾ—10 ਲੱਖ ਰੁਪਏ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ—ਦੀ ਸਮੀਖਿਆ ਕਰਦਿਆਂ ਸਿਹਤ ਮੰਤਰੀ ਨੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡਾਂ ਦੀ ਵੰਡ ਵਿੱਚ ਤੇਜ਼ੀ ਲਿਆਉਣ ਲਈ ਸਿਵਲ ਸਰਜਨਾਂ ਨੂੰ ਢੁਕਵੀਆਂ ਹਦਾਇਤਾਂ ਜਾਰੀ ਕੀਤੀਆਂ।ਪੰਜਾਬ ਦੇ ਐਸ.ਟੀ.ਈ.ਐਮ.ਆਈ. ਪ੍ਰੋਜੈਕਟ—ਜਿਸ ਤਹਿਤ ਦਿਲ ਦੇ ਰੋਗੀਆਂ ਨੂੰ ਸਮੇਂ ਸਿਰ ਇਲਾਜ ਮਿਲਣ ਨਾਲ ਅਨੇਕਾਂ ਜਾਨਾਂ ਬਚਾਈਆਂ ਜਾ ਰਹੀਆਂ ਹਨ—ਨੂੰ ਦੇਸ਼ ਭਰ ਵਿੱਚ ਮਿਲੀ ਮਾਨਤਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਰਸਮੀ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ 👉Finance Minister Harpal Singh Cheema ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼
ਕਾਨਫਰੰਸ ਦੌਰਾਨ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ‘ਨੈਸ਼ਨਲ ਨਿਊਬੌਰਨ ਵੀਕ’ ਦੀ ਸ਼ੁਰੂਆਤ ਵੀ ਕੀਤੀ ਅਤੇ ਸਿਹਤ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ ਵਿੰਗ ਵੱਲੋਂ ਨਵਜੰਮੇ ਬੱਚਿਆਂ ਦੀ ਦੇਖਭਾਲ ਬਾਰੇ ਤਿਆਰ ਕੀਤੀ ਗਈ ਇੱਕ ਜਾਗਰੂਕਤਾ ਵੀਡੀਓ ਵੀ ਜਾਰੀ ਕੀਤੀ।ਇਸ ਤੋਂ ਪਹਿਲਾਂ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਨੇ ਸੂਬਾ ਪੱਧਰੀ ਵਿਆਪਕ ਮਰੀਜ਼ ਫੀਡਬੈਕ ਸਰਵੇਖਣ ਦੇ ਨਤੀਜੇ ਪੇਸ਼ ਕੀਤੇ, ਜਿਸ ਵਿੱਚ ਬੁਨਿਆਦੀ ਢਾਂਚੇ ਦੇ ਹਾਲੀਆ ਸੁਧਾਰਾਂ ਤੋਂ ਬਾਅਦ ਜਨਤਾ ਦੇ ਭਰੋਸੇ ਵਿੱਚ ਜ਼ਿਕਰਯੋਗ ਵਾਧਾ ਦਰਸਾਇਆ ਗਿਆ ਹੈ। ਇਨ੍ਹਾਂ ਨਤੀਜਿਆਂ ਨੂੰ ਦੇਖਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਸਾਰੇ ਹਸਪਤਾਲਾਂ ਵਿੱਚ ਸੇਵਾਵਾਂ ਦੇ ਮਿਆਰਾਂ ਵਿੱਚ ਹੋਰ ਸੁਧਾਰ ਲਿਆਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ।ਇਸ ਮੌਕੇ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਮੈਡੀਕੋ-ਲੀਗਲ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਅਧਿਕਾਰਤ ਤੌਰ ‘ਤੇ ਇੱਕ ਵਿਆਪਕ ‘ਮੈਡੀਕੋ-ਲੀਗਲ ਮੈਨੂਅਲ’ ਵੀ ਜਾਰੀ ਕੀਤਾ। ਉਨ੍ਹਾਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਤਰਸ ਦੇ ਆਧਾਰ ‘ਤੇ ਇੱਕ ਉਮੀਦਵਾਰ ਨੂੰ ਨਿਯੁਕਤੀ ਪੱਤਰ ਵੀ ਸੌਂਪਿਆ। ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਅਧਿਕਾਰੀਆਂ ਵਿੱਚ ਡਾ. ਅਨਿਲ ਕੁਮਾਰ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ; ਡਾ. ਅਦਿਤੀ ਸਲਾਰੀਆ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ); ਡਾ. ਸਿੰਮੀ ਮਲਹੋਤਰਾ, ਡਾਇਰੈਕਟਰ ਈ.ਐਸ.ਆਈ.; ਅਤੇ ਡਾ. ਸੁਨੀਲ ਬਾਂਸਲ, ਡਾਇਰੈਕਟਰ ਪੀ.ਐਚ.ਐਸ.ਸੀ. ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













