3400 ਕਰੋੜ ਰੁਪਏ ਤੋਂ ਵੱਧ ਦੇ ਭੁਗਤਾਨ ਜਾਰੀ, ਸੂਬੇ ਦੀ ਵਿੱਤੀ ਸਿਹਤ ਬਿਲਕੁਲ ਠੀਕ : ਵਿੱਤ ਮੰਤਰੀ ਚੀਮਾ

0
15

ਤਨਖਾਹ ਤੇ ਜੀਪੀਐਫ ਲਈ 2719 ਕਰੋੜ, ਬਿਜਲੀ ਸਬਸਿਡੀ ਲਈ 600 ਕਰੋੜ ਤੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 07 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿੱਤੀ ਸਿਹਤ ਬਿਲਕੁਲ ਠੀਕ ਹੈ ਅਤੇ ਖਜ਼ਾਨੇ ਵੱਲੋਂ ਅੱਜ 3,400 ਕਰੋੜ ਰੁਪਏ ਤੋਂ ਵੱਧ ਦੇ ਭੁਗਤਾਨ ਜਾਰੀ ਕੀਤੇ ਗਏ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਦੇ ਸੀ.ਐਸ.ਐਫ/ਜੀ.ਆਰ.ਐਫ. ਬਾਰੇ ਦਿਸ਼ਾ-ਨਿਰਦੇਸ਼ਾਂ ਅਤੇ ਮਾਪਦੰਡਾਂ ਅਨੁਸਾਰ ਵਿਸ਼ੇਸ਼ ਡਰਾਇੰਗ ਸਹੂਲਤ (ਸਪੈਸ਼ਲ ਡਰਾਇੰਗ ਫੈਸੀਲਿਟੀ) ਨੂੰ ਮੁੜ ਸੁਰਜੀਤ ਕਰਨ ਦੀ ਪ੍ਰਕ੍ਰਿਆ ਕਾਰਨ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਤ ਹੋਰ ਅਦਾਇਗੀਆਂ ਵਿੱਚ ਦੇਰੀ ਹੋਈ।ਸ. ਹਰਪਾਲ ਸਿੰਘ ਚੀਮਾ ਨੇ ਇਸ ਦੌਰਾਨ ਰਾਜ ਸਰਕਾਰ ਦਾ ਸਾਥ ਦੇਣ ਲਈ ਸਰਕਾਰੀ ਕਰਮਚਾਰੀਆਂ ਅਤੇ ਹੋਰ ਭਾਈਵਾਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖਜ਼ਾਨੇ ਵੱਲੋਂ ਤਨਖਾਹਾਂ ਅਤੇ ਜੀਪੀਐਫ ਆਦਿ ਲਈ 2719 ਕਰੋੜ ਰੁਪਏ, ਬਿਜਲੀ ਦੀ ਸਬਸਿਡੀ ਵਜੋਂ ਪੀ.ਐਸ.ਪੀ.ਸੀ.ਐਲ ਨੂੰ ਅਦਾਇਗੀ ਲਈ 600 ਕਰੋੜ ਰੁਪਏ ਅਤੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।ਸੂਬੇ ਦੇ ਸਿਰ ‘ਤੇ ਕਿਸੇ ਵੀ ਵਿੱਤੀ ਸੰਕਟ ਜਾਂ ਔਕੜ ਬਾਰੇ ਅਫਵਾਹਾਂ ਨੂੰ ਰੱਦ ਕਰਦਿਆਂ ਸ. ਚੀਮਾ ਨੇ ਕਿਹਾ ਕਿ ਖਜ਼ਾਨੇ ਵੱਲੋਂ ਅੱਜ ਜ਼ਿਆਦਾਤਰ ਬਕਾਇਆਂ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਬਾਕੀ ਅਦਾਇਗੀਆਂ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਦੌਰਾਨ ਸੂਬੇ ਦੀ ਵਿੱਤੀ ਭਲਾਈ ਨੂੰ ਲਈ ਯਕੀਨੀ ਬਣਾਉਣ ਲਈ ਕੀਤੇ ਗਏ ਵਿੱਤੀ ਹੱਲ ਕਾਰਨ ਇਸ ਵਾਰ ਅਦਾਇਗੀਆਂ ਵਿੱਚ ਦੇਰੀ ਹੋਈ।ਸੂਬੇ ਨੂੰ ਤੇਜ਼ੀ ਨਾਲ ਵਿਕਾਸ ਦੀ ਲੀਹ ‘ਤੇ ਲਿਆਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਭੇਤ ਕਿਸੇ ਤੋਂ ਗੁੱਝਾ ਨਹੀਂ ਕਿ ਮਾਰਚ 2022 ‘ਚ ਲੋਕਾਂ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਦਿੱਤੇ ਫਤਵੇ ਦੇ ਨਤੀਜੇ ਆਉਣ ਮੌਕੇ ਪੰਜਾਬ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਸੀ। ਵਿਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਵਿੱਤੀ ਸਿਹਤ ਨੂੰ ਮੁੜ ਸੁਰਜੀਤ ਕਰਨ ਲਈ ਸਾਰੇ ਯਤਨ ਕਰਨ ਦੇ ਨਾਲ-ਨਾਲ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਵੀ ਪੂਰਾ ਕਰ ਰਹੀ ਹੈ।

LEAVE A REPLY

Please enter your comment!
Please enter your name here