ਸੁਖਜਿੰਦਰ ਮਾਨ
ਬਠਿੰਡਾ, 28 ਦਸੰਬਰ:-ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਲਠਿੰਡਾ ਸ਼ਹਿਰੀ ਹਲਕੇ ਤੋਂ ਉਮੀਦਵਾਰ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਅੱਜ ਸ਼ਹਿਰ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕਰਦਿਆਂ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਸਿੰਗਲਾ ਨੇ ਵਿਤ ਮੰਤਰੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਲਗਾਉਂਦਿਆਂ ਦੋਸ਼ ਲਗਾਇਆ ਕਿ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਹਰ ਪਾਸੇ ਲੁੱਟ ਘਸੁੱਟ, ਗੁੰਡਾਗਰਦੀ, ਜੂਏ ਦੇ ਅੱਡੇ, ਕੈਸੀਨੋ ,ਨਸ਼ਿਆਂ ਦੀ ਸਮੱਗਲਿੰਗ ਜ਼ੋਰਾਂ ਤੇ ਹੈ ਪਰ ਇਸ ਪਾਸੇ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ। ਇੰਸਪੈਕਟਰ ਰੈਂਕ ਦੇ ਸੀਨੀਅਰ ਅਫਸਰ ਖੁੱਡੇ ਲਾਈਨ ਬੈਠੇ ਹਨ, ਆਪਣੇ ਨਿੱਜੀ ਕਰਿੰਦਿਆਂ ਜੋ ਸਿਸਟਮ ਤੋਂ ਕੋਰੇ ਅਣਜਾਣ ਹਨ ਨੂੰ ਥਾਣੇ ਸੰਭਾਲੇ ਹੋਏ ਹਨ ,ਜੋ ਦੋਨੋਂ ਹੱਥੀਂ ਸ਼ਹਿਰ ਨੂੰ ਲੁੱਟ ਰਹੇ ਹਨ ,ਪਰ ਅਮਨ ਕਾਨੂੰਨ ਦੀ ਸਥਿਤੀ ਵੱਲ ਕੋਈ ਧਿਆਨ ਨਹੀਂ। ਸਾਬਕਾ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਮੇਸ਼ਾਂ ਹੀ ਸ਼ਹਿਰ ਦੇ ਵਿਕਾਸ ਲਈ ਸਾਫ਼ ਨੀਅਤ ਅਤੇ ਨੀਤੀ ਨਾਲ ਕੰਮ ਕੀਤਾ ਪਰ ਕਦੇ ਵੀ ਗ਼ਲਤ ਧੰਦਿਆਂ ਨੂੰ ਸਿਰ ਨਹੀਂ ਚੁੱਕਣ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਹਿਯੋਗ ਦੇਣ ਅਤੇ ਜਿੱਤਣ ਉਪਰੰਤ ਅਕਾਲੀ ਬਸਪਾ ਸਰਕਾਰ ਬਣਨ ਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਕੀਤੀ ਜਾਵੇਗੀ ਅਤੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ । ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ ਦੇ ਲੀਡਰ ਵਰਕਰ ਅਤੇ ਮੁਹੱਲਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ ।
ਸਾਬਕਾ ਵਿਧਾਇਕ ਸਿੰਗਲਾ ਨੇ ਕੀਤਾ ਵੱਖ ਵੱਖ ਵਾਰਡਾਂ ਦਾ ਕੀਤਾ ਦੌਰਾ
10 Views