ਸੁਖਜਿੰਦਰ ਮਾਨ
ਚੰਡੀਗੜ੍ਹ, 28 ਦਸੰਬਰ: ਆਗਾਮੀ ਵਿਧਾਨ ਸਭਾ ਚੋਣਾਂ ’ਚ ਮੁੜ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਸ ਦੇ ਦੋ ਵਿਧਾਇਕ ਭਾਜਪਾ ’ਚ ਸ਼ਾਮਲ ਹੋ ਗਏ। ਇੰਨ੍ਹਾਂ ਵਿਧਾਇਕਾਂ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਨਜਦੀਕੀ ਮੰਨੇ ਜਾਂਦੇ ਬਲਵਿੰਦਰ ਸਿੰਘ ਲਾਡੀ ਸ਼ਾਮਲ ਹਨ। ਫ਼ਤਿਹ ਬਾਜਵਾ ਕਾਦੀਆ ਹਲਕੇ ਤੋਂ ਵਿਧਾਇਕ ਹਨ, ਜਿੱਥੋਂ ਹੁਣ ਉਨ੍ਹਾਂ ਦੇ ਵੱਡੇ ਭਰਾ ਪ੍ਰਤਾਪ ਸਿੰਘ ਬਾਜਵਾ ਚੋਣ ਲੜਣ ਲਈ ਕਮਰਕਸੇ ਕਸ ਰਹੇ ਹਨ। ਫ਼ਤਿਹ ਬਾਜਵਾ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਵੀ ਮੰਨਿਆ ਜਾਂਦਾ ਰਿਹਾ ਹੈ ਪ੍ਰੰਤੂ ਪਿਛਲੇ ਸਮੇਂ ਦੌਰਾਨ ਉਹ ਨਵਜੋਤ ਸਿੰਘ ਸਿੱਧੂ ਦੇ ਨੇੜੇ ਹੋ ਗਏ ਸਨ। ਸਿੱਧੂ ਨੇ ਉਨ੍ਹਾਂ ਦੇ ਹਲਕੇ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਟਿਕਟ ਦਿਵਾਉਣ ਦਾ ਵੀ ਭਰੋਸਾ ਦਿਵਾਇਆ ਸੀ। ਇਸੇ ਤਰ੍ਹਾਂ ਬਲਵਿੰਦਰ ਸਿੰਘ ਲਾਡੀ ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਹਨ। ਇਸਤੋਂ ਪਹਿਲਾਂ ਵੀ ਸਾਬਕਾ ਮੰਤਰੀ ਰਾਣਾ ਸੋਢੀ ਭਾਜਪਾ ਵਿਚ ਚਲੇ ਗਏ ਹਨ। ਸੂਤਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਨੂੰ ਹੋਰ ਵੱਡੇ ਝਟਕੇ ਲੱਗ ਸਕਦੇ ਹਨ।
ਕਾਂਗਰਸ ਨੂੰ ਝਟਕਾ, ਦੋ ਵਿਧਾਇਕ ਭਾਜਪਾ ’ਚ ਹੋਏ ਸ਼ਾਮਲ
10 Views